ਹਰਿਆਊ ਖੁਰਦ ਵਿੱਚ ਰੋਜ਼ ਗਾਰਡਨ ਤੇ ਗਰਾਊਂਡ ਦਾ ਉਦਘਾਟਨ

ਹਰਿਆਊ ਖੁਰਦ ਵਿੱਚ ਰੋਜ਼ ਗਾਰਡਨ ਤੇ ਗਰਾਊਂਡ ਦਾ ਉਦਘਾਟਨ

ਪਾਤੜਾਂ- ਪਿੰਡ ਹਰਿਆਊ ਖੁਰਦ ਵਿੱਚ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਗੁਲਾਬ ਸਿੰਘ ਦੀ ਅਗਵਾਈ ਵਿੱਚ ਉਸਾਰੇ ਗਏ ਰੋਜ਼ ਗਰਡਨ ਅਤੇ ਖੇਡ ਗਰਾਊਂਡ ਦਾ ਉਦਘਾਟਨ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।‌‌ ਇਸੇ ਦੌਰਾਨ 164 ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਗ੍ਰਾਮ ਪੰਚਾਇਤ ਵੱਲੋਂ ਪੰਜ ਪੰਜ ਮਰਲਿਆਂ ਦੇ ਪਲਾਟਾਂ ਦੀਆਂ ਸਨਦਾਂ ਤਕਸੀਮ ਕੀਤੀਆਂ।

ਸੂਚਨਾ, ਲੋਕ ਸੰਪਰਕ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਦੀ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਤੇ ਰੁਜ਼ਗਾਰ ਨਾਲ ਹੀ ਕੁਰਾਹੇ ਪਏ ਨੌਜਵਾਨਾਂ ਨੂੰ ਮੋੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਨੂੰ ਵੱਖ-ਵੱਖ ਖਿੱਤਿਆਂ ਵਿੱਚ ਵੰਡ ਕੇ ਫ਼ਸਲਾਂ ਦੀ ਪੈਦਾਵਾਰ ਕਰਨ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ ਤਾਂ ਕਿ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਦੇ ਜੀਵਨ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ 15 ਅਤੇ 16 ਦਸੰਬਰ ਨੂੰ ਪਟਿਆਲਾ ਵਿਖੇ ਲੱਗਣ ਵਾਲੇ ਗੁਲਦਾਉਦੀ ਤੇ ਅਮਰੂਦ ਮੇਲੇ ਵਿੱਚ ਕਿਸਾਨਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਖੇਤੀ ਦੀ ਬਜਾਏ ਕਿਸਾਨਾਂ ਨੂੰ ਵਿਗਿਆਨਕ ਢੰਗਾਂ ਨਾਲ ਖੇਤੀ ਕਰਨੀ ਪਵੇਗੀ। ਇਸ ਲਈ ਖੇਤੀਬਾੜੀ ਅਤੇ ਬਾਗਵਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਮੇਲਿਆਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ। ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਖੇਡ ਵਿਭਾਗ ਵੱਲੋਂ ਜਲਦੀ ਇਨ੍ਹਾਂ ਖੇਡ ਸਟੇਡੀਅਮਾਂ ਵਿੱਚ ਨੌਜਵਾਨਾਂ ਨੂੰ ਨਿਪੁੰਨ ਕਰਨ ਦੇ ਮਕਸਦ ਨਾਲ ਖੇਡ ਕੋਚਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।