ਹਰਿਆਣਾ ਗੁਰਦੁਆਰਾ ਕਮੇਟੀ ਨਾਲ ਸਰਕਾਰ ਦਾ ਕੋਈ ਸਬੰਧ ਨਹੀਂ: ਖੱਟਰ

ਹਰਿਆਣਾ ਗੁਰਦੁਆਰਾ ਕਮੇਟੀ ਨਾਲ ਸਰਕਾਰ ਦਾ ਕੋਈ ਸਬੰਧ ਨਹੀਂ: ਖੱਟਰ

ਸੁਪਰੀਮ ਕੋਰਟ ਦਾ ਫ਼ੈਸਲਾ ਲਾਗੂ ਕਰਨ ਲਈ ਹਰਿਆਣਾ ਸਰਕਾਰ ਨੂੰ ਪਾਬੰਦ ਦੱਸਿਆ
ਅੰਮ੍ਰਿਤਸਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਵੱਖਰੀ ਬਣਾਈ ਗਈ ਕਮੇਟੀ ਨਾਲ ਹਰਿਆਣਾ ਸਰਕਾਰ ਦਾ ਕੋਈ ਲੈਣਾ ਦੇਣਾ ਨਹੀਂ ਹੈ। ਇਸ ਬਾਰੇ ਸੁਪਰੀਮ ਕੋਰਟ ਵੱਲੋਂ ਕੀਤੇ ਫ਼ੈਸਲੇ ਨੂੰ ਲਾਗੂ ਕਰਨ ਲਈ ਸਰਕਾਰ ਪਾਬੰਦ ਹੈ। ਉਹ ਅੱਜ ਸ਼ਾਮ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਾਰੇ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਇਹ ਕਮੇਟੀ ਬਣਾਉਣ ਵਿੱਚ ਹਰਿਆਣਾ ਸਰਕਾਰ ਦਾ ਕੋਈ ਹੱਥ ਨਹੀਂ ਹੈ। ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਫੈਸਲਾ ਕੀਤਾ ਗਿਆ ਹੈ, ਜਿਸ ਨੂੰ ਹਰਿਆਣਾ ਸਰਕਾਰ ਨੇ ਸਿਰਫ਼ ਲਾਗੂ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਯਤਨ ਕੀਤਾ ਗਿਆ ਹੈ। ਇਸ ਫ਼ੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੋਈ ਹੈ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦਾ ਵੱਖਰਾ ਭਵਨ ਬਣਾਉਣ ਬਾਰੇ ਉਨ੍ਹਾਂ ਕਿਹਾ ਕਿ ਇਹ ਭਵਨ ਪਹਿਲਾਂ ਵੀ ਚੰਡੀਗੜ੍ਹ ਵਿੱਚ ਹੈ ਅਤੇ ਬਾਅਦ ਵਿੱਚ ਵੀ ਚੰਡੀਗੜ੍ਹ ਵਿੱਚ ਹੀ ਰਹੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਭਵਨ ਛੋਟਾ ਹੈ ਤੇ ਹੁਣ ਵੱਡੇ ਭਵਨ ਦੀ ਲੋੜ ਹੈ। ਇਸ ’ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਪੰਜਾਬ ਦਾ ਨਾਂ ਲਏ ਬਿਨਾਂ ਕਿਹਾ ਕਿ ਕੱਲ੍ਹ ਕਿਸੇ ਹੋਰ ਨੂੰ ਵੀ ਵੱਡੇ ਭਵਨ ਦੀ ਲੋੜ ਪੈ ਸਕਦੀ ਹੈ ਤੇ ਉਹ ਵੀ ਵੱਡਾ ਭਵਨ ਬਣਾ ਸਕਦਾ ਹੈ। ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਅੱਜ ਦਾ ਨਹੀਂ ਸਗੋਂ ਕਈ ਵਰ੍ਹੇ ਪੁਰਾਣਾ ਹੈ। ਹਰਿਆਣਾ ਸਰਕਾਰ ਚਾਹੁੰਦੀ ਹੈ ਕਿ ਇਹ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਹੋਵੇ। ਜੇਕਰ ਗੱਲਬਾਤ ਰਾਹੀਂ ਮਾਮਲਾ ਹੱਲ ਨਹੀ ਹੁੰਦਾ ਤਾਂ ਫਿਰ ਸੁਪਰੀਮ ਕੋਰਟ ਇਸ ਮਾਮਲੇ ਦਾ ਹੱਲ ਕਰੇਗਾ ਕਿਉਂਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ। ਮਨੋਹਰ ਲਾਲ ਖੱਟਰ ਨੇ ਇਸ ਤੋਂ ਪਹਿਲਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹ ਦੁਰਗਿਆਣਾ ਮੰਦਰ ਵਿੱਚ ਵੀ ਨਤਮਸਤਕ ਹੋਣ ਪੁੱਜੇ। ਜਾਣਕਾਰੀ ਮੁਤਾਬਿਕ ਉਹ ਰਾਤ ਨੂੰ ਬੀਐੱਸਐੱਫ ਦੇ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਦਿੱਲੀ ਪਰਤ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ਵੀ ਸ਼ਾਮਲ ਸਨ।