ਹਰਿਆਣਾ ਦੀ ਵੱਖਰੀ ਵਿਧਾਨ ਸਭਾ-ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਹਰਿਆਣਾ ਦੀ ਵੱਖਰੀ ਵਿਧਾਨ ਸਭਾ-ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਉਲੰਘਣਾ ਕਰਾਰ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਜ਼ਮੀਨ ਬਦਲੇ ਜ਼ਮੀਨ ਦੇਣ ਦੀ ਪੇਸ਼ਕਸ਼ ਨੂੰ ਸੰਵਿਧਾਨ ਦੀ ਉਲੰਘਣਾ ਦੱਸਦਿਆਂ ਇਸ ਪੇਸ਼ਕਸ਼ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਸਿਰਫ਼ ਸੰਸਦ ਕੋਲ ਹੀ ਮੌਜੂਦਾ ਰਾਜਾਂ ਤੇ ਉਨ੍ਹਾਂ ਦੀਆਂ ਸਰਹੱਦਾਂ ਵਿੱਚ ਤਬਦੀਲੀ ਕਰਨ ਦਾ ਕਾਨੂੰਨ ਬਣਾਉਣ ਦੀ ਸ਼ਕਤੀ ਹੈ। ਵਫ਼ਦ ਵਿੱਚ ਸ਼ਾਮਲ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਰਾਜਪਾਲ ਨੂੰ ਆਖਿਆ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਇਸ ’ਤੇ ਪੰਜਾਬ ਦਾ ਪੂਰਾ ਅਧਿਕਾਰ ਵੀ ਹੈ, ਜਿਸ ਦੀ ਪੁਸ਼ਟੀ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰ ਹੁੰਦਾ ਹੈ। ਵਫ਼ਦ ਨੇ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਰਿਆਣਾ ਦੀ ਜ਼ਮੀਨ ਬਦਲੇ ਜ਼ਮੀਨ ਦੇ ਕੇ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜਨ ਸਬੰਧੀ ਗੱਲਬਾਤ ਕਰਦਿਆਂ ਵਫ਼ਦ ਵੱਲੋਂ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਅਕਾਲੀ ਦਲ ਆਗੂਆਂ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਜੁਮਲਾ ਮੁਸਤਰਕਾ ਮਾਲਕਾਨਾਂ ਜ਼ਮੀਨਾਂ ਧੱਕੇ ਨਾਲ ਮਾਲਕਾਂ ਤੋਂ ਖੋਹ ਕੇ ਪੰਚਾਇਤਾਂ ਦੇ ਨਾਂ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਕਿਸਾਨਾਂ ਵਿੱਚ ਬੇਚੈਨੀ ਵੱਧ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ‘ਆਪ’ ਸਰਕਾਰ ਨੂੰ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਹਦਾਇਤ ਕੀਤੀ ਜਾਵੇ।