ਹਾਦਸੇ ’ਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਮਿਲੇਗਾ ਮੁਆਵਜ਼ਾ

ਹਾਦਸੇ ’ਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਮਿਲੇਗਾ ਮੁਆਵਜ਼ਾ

ਕਾਰਗਿਲ ਿਵਜੈ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਅੰਮ੍ਰਿਤਸਰ- ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਐਲਾਨ ਕੀਤਾ ਕਿ ਜੇਕਰ ਕਿਸੇ ਫ਼ੌਜੀ ਦੀ ਕਿਸੇ ਤਰ੍ਹਾਂ ਦੇ ਹਾਦਸੇ (ਜੰਗ ਤੋਂ ਇਲਾਵਾ) ਵਿੱਚ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਡਿਊਟੀ ਦੌਰਾਨ ਅਪਾਹਿਜ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਅਤੇ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦੇ ਵੀ ਐਲਾਨ ਕੀਤੇ ਗਏ। ‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ’ ਵਿਖੇ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ਮੰਤਰੀ ਨੇ ਅਗਵਾਈ ਕਰਦਿਆਂ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 76 ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਦੀ ਬਜਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6 ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੀ ਖਾਤਰ ਜਾਨਾਂ ਕੁਰਬਾਨ ਕਰਨ ਵਾਲਿਆਂ ਦੇ ਸਨਮਾਨ ਵਜੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਸੀ।