ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਪਹੁੰਚੇ ਰਾਘਵ ਚੱਢਾ

ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਪਹੁੰਚੇ ਰਾਘਵ ਚੱਢਾ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਉਨ੍ਹਾਂ ਨੂੰ ਅਲਾਟ ਸਰਕਾਰੀ ਬੰਗਲਾ ਖਾਲੀ ਕਰਵਾਉਣ ਤੋਂ ਰੋਕਣ ਵਾਲੇ ਇੱਕ ਅੰਤਰਿਮ ਹੁਕਮ ਨੂੰ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਅੱਜ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਹ ਪਟੀਸ਼ਨ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੇ ਬੈਂਚ ਸਾਹਮਣੇ ਤਤਕਾਲ ਸੁਣਵਾਈ ਲਈ ਆਈ ਸੀ। ਬੈਂਚ ਨੇ ਬੁੱਧਵਾਰ ਨੂੰ ਇਸ ਨੂੰ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਹੈ।

ਚੱਢਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੰਸਦ ਮੈਂਬਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਬੰਗਲਾ ਖਾਲੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੰਗਲੇ ਦੀ ਅਲਾਟਮੈਂਟ ਰੱਦ ਕਰਨ ’ਤੇ ਹੇਠਲੀ ਅਦਾਲਤ ਨੇ ਸਟੇਅ ਲਗਾ ਦਿੱਤੀ ਸੀ, ਜਿਸ ਨੂੰ ਹੁਣ ਹਟਾ ਲਿਆ ਗਿਆ ਹੈ। ਹੇਠਲੀ ਅਦਾਲਤ ਨੇ 5 ਅਕਤੂਬਰ ਦੇ ਇੱਕ ਹੁਕਮ ਵਿੱਚ ਕਿਹਾ ਸੀ ਕਿ ਚੱਢਾ ਇਹ ਦਾਅਵਾ ਨਹੀਂ ਕਰ ਸਕਦੇ ਕਿ ਉਨ੍ਹਾਂ ਨੂੰ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਵੀ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਬੰਗਲਾ ਰੱਖਣ ਦਾ ਅਧਿਕਾਰ ਹੈ। ਹੇਠਲੀ ਅਦਾਲਤ ਨੇ 18 ਅਪਰੈਲ ਨੂੰ ਪਾਸ ਕੀਤੇ ਅੰਤਰਿਮ ਹੁਕਮ ਨੂੰ ਰੱਦ ਕਰਦਿਆਂ ਇਹ ਟਿੱਪਣੀ ਕੀਤੀ ਸੀ, ਜਿਸ ਵਿੱਚ ਰਾਜ ਸਭਾ ਸਕੱਤਰੇਤ ਨੂੰ ਚੱਢਾ ਤੋਂ ਸਰਕਾਰੀ ਬੰਗਲਾ ਖਾਲੀ ਨਾ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਹੇਠਲੀ ਅਦਾਲਤ ਨੇ ਕਿਹਾ ਸੀ ਕਿ ਚੱਢਾ ਨੂੰ ਬਿਨਾ ਕਾਨੂੰਨੀ ਪ੍ਰਕਿਰਿਆ ਦੇ ਅੰਤਰਿਮ ਰਾਹਤ ਦਿੱਤੀ ਗਈ ਸੀ। ਹੇਠਲੀ ਅਦਾਲਤ ਨੇ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਸੀ ਕਿ ਸੰਸਦ ਮੈਂਬਰ ਦੇ ਰੂਪ ਵਿੱਚ ਰਿਹਾਇਸ਼ ਦੀ ਅਲਾਟਮੈਂਟ ਨੂੰ ਪੂਰੇ ਕਾਰਜਕਾਲ ਦੌਰਾਨ ਕਿਸੇ ਵੀ ਹਾਲਤ ਵਿੱਚ ਰੱਦ ਨਹੀਂ ਕੀਤਾ ਜਾ ਸਕਦਾ।

ਜ਼ਿਕਰਯੋਗ ਹੈ ਕਿ ‘ਆਪ’ ਆਗੂ ਰਾਘਵ ਚੱਢਾ ਨੂੰ ਪਿਛਲੇ ਸਾਲ 6 ਜੁਲਾਈ ਨੂੰ ਪੰਡਾਰਾ ਪਾਰਕ ਵਿੱਚ ‘ਟਾਈਪ 6’ ਬੰਗਲਾ ਅਲਾਟ ਕੀਤਾ ਗਿਆ ਸੀ ਪਰ ਉਨ੍ਹਾਂ 29 ਅਗਸਤ ਨੂੰ ਰਾਜ ਸਭਾ ਦੇ ਚੇਅਰਮੈਨ ਨੂੰ ਇੱਕ ਮੰਗ ਪੱਤਰ ਸੌਂਪ ਕੇ ‘ਟਾਈਪ 7’ ਬੰਗਲਾ ਅਲਾਟ ਕਰਨ ਦੀ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਡਾਰਾ ਰੋਡ ’ਤੇ ਇਕ ਹੋਰ ਬੰਗਲਾ ਅਲਾਟ ਕਰ ਦਿੱਤਾ ਗਿਆ। ਹਾਲਾਂਕਿ ਇਸ ਸਾਲ ਮਾਰਚ ਵਿੱਚ ਇਹ ਅਲਾਟਮੈਂਟ ਰੱਦ ਕਰ ਦਿੱਤੀ ਗਈ। ਅਪਰੈਲ 2022 ਵਿੱਚ ਰਾਜ ਸਭਾ ਮੈਂਬਰਾਂ ਲਈ ਜਾਰੀ ‘ਹੈਂਡਬੁੱਕ’ ਅਨੁਸਾਰ ਪਹਿਲੀ ਵਾਰ ਸੰਸਦ ਮੈਂਬਰ ਬਣੇ ਚੱਢਾ ਨੂੰ ‘ਟਾਈਪ-5’ ਬੰਗਲਾ ਅਲਾਟ ਕੀਤਾ ਜਾ ਸਕਦਾ ਹੈ।
‘ਭਗਤ ਸਿੰਘ ਦਾ ਸ਼ਾਗਿਰਦ ਹਾਂ, ਚੁੱਪ ਨਹੀਂ ਰਹਾਂਗਾ’

ਸਰਕਾਰੀ ਬੰਗਲਾ ਅਲਾਟਮੈਂਟ ਵਿਵਾਦ ਬਾਰੇ ਰਾਘਵ ਚੱਢਾ ਨੇ ਕਿਹਾ, ‘‘ਪਹਿਲਾਂ ਭਾਜਪਾ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਮੈਨੂੰ ਰਾਜ ਸਭਾ ਤੋਂ ਮੁਅੱਤਲ ਕੀਤਾ ਗਿਆ ਅਤੇ ਹੁਣ ਸਰਕਾਰੀ ਰਿਹਾਇਸ਼ ’ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਮੈਨੂੰ ਲੋਕਾਂ ਦੇ ਦਿਲਾਂ ’ਚੋਂ ਕਵਿੇਂ ਕੱਢਣਗੇ? ਉਨ੍ਹਾਂ ਕਿਹਾ ਕਿ ਉਹ ਆਪਣੀ ਰਾਜ ਸਭਾ ਮੈਂਬਰੀ ਤੇ ਆਪਣੀ ਸਰਕਾਰੀ ਰਿਹਾਇਸ਼ ਲਈ ਅਤੇ ‘ਭਾਜਪਾ ਦੇ ਜ਼ੁਲਮ’ ਖ਼ਿਲਾਫ਼ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ, ‘‘ਮੈਂ ਚੁੱਪ ਨਹੀਂ ਰਹਾਂਗਾ। ਮੈਂ ਭਗਤ ਸਿੰਘ ਦਾ ਸ਼ਾਗਿਰਦ ਹਾਂ।’’