1984 ਦੇ ਸਿੱਖ ਕਤਲੇਆਮ ਦੀ ਯਾਦ ’ਚ ਅਰਦਾਸ ਸਮਾਗਮ

1984 ਦੇ ਸਿੱਖ ਕਤਲੇਆਮ ਦੀ ਯਾਦ ’ਚ ਅਰਦਾਸ ਸਮਾਗਮ

ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ਦੀ ਸਿੱਖ ਕਤਲੇਆਮ ਦੀ ਯਾਦ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਾਮ ਵੇਲੇ ‘ਸੱਚ ਦੀ ਕੰਧ’ ’ਤੇ ਮੋਮਬੱਤੀਆਂ ਜਲਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 1984 ਤੋਂ ਹੁਣ ਤੱਕ 38 ਸਾਲਾਂ ਤੋਂ ਅਸੀਂ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾਂਜਲੀ ਦਿੰਦੇ ਆ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ 38 ਸਾਲਾਂ ਤੋਂ ਸਿੱਖ ਕੌਮ ਨੂੰ ਪੂਰਨ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਮੌਜੂਦਾ ਸਰਕਾਰ ਵੱਲੋਂ ਬਣਾਈ ਐੱਸਆਈਟੀ ਦੀ ਜਾਂਚ ਨਾਲ ਸੱਜਣ ਕੁਮਾਰ ਤੇ ਕੁਝ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਤਾਂ ਮਿਲੀਆਂ ਪਰ ਬਹੁਤ ਸਾਰੇ ਦੋਸ਼ੀ ਅੱਜ ਵੀ ਖੁੱਲ੍ਹੇਆਮ ਘੁੰਮ ਰਹੇ ਹਨ ਤੇ ਸਰਕਾਰ ਵੱਲੋਂ ਦਿੱਤੀ ਸੁਰੱਖਿਆ ਦਾ ਸੁੱਖ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ 1984 ਦੀ ਸਿੱਖ ਕਤਲੇਆਮ ਦੁਨੀਆਂ ਦਾ ਇਕਲੌਤਾ ਅਜਿਹਾ ਅਪਰਾਧ ਹੈ, ਜਿਸ ਵਿਚ ਸਿੱਖਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਮੰਦਭਾਗੀ ਕਿਸਮਤ ਹੈ ਕਿ ਦੇਸ਼ ਦੀ ਰਾਜਧਾਨੀ ਵਿਚ ਵਿਧਵਾ ਕਲੋਨੀ ਬਣੀ ਹੈ ਤੇ 38 ਸਾਲਾਂ ਮਗਰੋਂ ਵੀ ਇਨ੍ਹਾਂ ਵਿਧਵਾਵਾਂ ਨੂੰ ਇਨ੍ਹਾਂ ਦੇ ਮਕਾਨਾਂ ਦੇ ਮਾਲਕਾਨਾ ਹੱਕ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੇਸ਼ੱਕ ਦੇਸ਼ ਦੀ ਰਾਜਧਾਨੀ ਵਿਚ ਇਹ ਤਰਾਸਦੀ ਵਾਪਰੀ ਪਰ ਸਿੱਖ ਕੌਮ ਚੜ੍ਹਦੀਕਲਾ ਦੀ ਪ੍ਰਤੀਕਮ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੀ ਰਾਜਧਾਨੀ ਵਿਚ ਕਰੋਨਾ ਮਹਾਮਾਰੀ ਫੈਲੀ ਤਾਂ ਸਿੱਖ ਕੌਮ ਨੇ ਸੇਵਾ ਕਰਨ ਸਮੇਂ ਕੋਈ ਵਿਤਕਰਾ ਨਹੀਂ ਕੀਤਾ ਤੇ ਇਹ ਨਹੀਂ ਸੋਚਿਆ ਕਿ ਅਸੀਂ ਆਪਣੇ ਹੀ ਭਰਾਵਾਂ ਨੂੰ ਲੰਗਰ ਛਕਾਉਣਾ ਹੈ ਜਾਂ ਸਿਰਫ ਆਪਣੇ ਲੋਕਾਂ ਨੂੰ ਹੀ ਮੈਡੀਕਲ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਿੱਖਾਂ ਦੇ ਪਾਏ ਗਏ ਯੋਗਦਾਨ ਨੂੰ ਅੱਜ ਭੁਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।