21 ਅਪਰੈਲ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ – ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ

21 ਅਪਰੈਲ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ – ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ

ਰਮੇਸ਼ ਬੱਗਾ ਚੋਹਲਾ

ਭਗਤ ਧੰਨਾ ਜੀ ਦਾ ਜਨਮ 21 ਅਪਰੈਲ 1416 ਨੂੰ ਰਾਜਸਥਾਨ ਦੇ ਟਾਂਕ ਇਲਾਕੇ ਦੇ ਪਿੰਡ ਧੂਆਨ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਮ ਭਾਈ ਭੋਲਾ ਅਤੇ ਮਾਤਾ ਦਾ ਨਾਮ ਧੰਨੋ ਸੀ। ਉਨ੍ਹਾਂ ਦਾ ਸ਼ੁਮਾਰ ਉਨ੍ਹਾਂ ਸਿਦਕਵਾਨਾਂ ਵਿਚ ਕੀਤਾ ਜਾਂਦਾ ਹੈ ਜਿਹੜੇ ਆਪਣਾ ਹੱਥ ਕਾਰ (ਕਿਰਤ) ਵੱਲ ਅਤੇ ਦਿਲ ਯਾਰ (ਪ੍ਰਭੂ) ਵੱਲ ਲਗਾਈ ਰੱਖਦੇ ਹਨ। ਇਸ ਲਗਨ ਸਦਕਾ ਉਨ੍ਹਾਂ ਨੇ ਉਸ ਪਰਮ ਪਿਤਾ ਦੇ ਨਾ ਸਿਰਫ ਦਰਸ਼ਨ ਹੀ ਕੀਤੇ ਸਗੋਂ ਉਸ ਨੂੰ ਆਪਣੇ ਕੰਮ-ਕਾਜ ਦਾ ਹਿੱਸਾ ਵੀ ਬਣਾ ਲਿਆ।

ਭਗਤ ਧੰਨਾ ਜੀ ਨਾਲ ਜੁੜੇ ਸਾਖੀ-ਸਾਹਿਤ ਨੂੰ ਪੜ੍ਹਨ ਤੋਂ ਬਾਅਦ ਜਿਹੜੀਆਂ ਗੱਲਾਂ ਪ੍ਰਮੁੱਖ ਰੂਪ ਵਿਚ ਉਭਰ ਕੇ ਸਾਹਮਣੇ ਆਉਂਦੀਆਂ ਹਨ, ਉਨ੍ਹਾਂ ਅਨੁਸਾਰ ਬਚਪਨ ਸਮੇਂ ਤੋਂ ਧਾਰਮਿਕ ਰੁਚੀਆਂ ਰੱਖਣ ਵਾਲੇ ਭਗਤ ਧੰਨਾ ਜੀ ਦਾ ਜੀਵਨ ਬਹੁਤ ਹੀ ਸਾਦਾ ਅਤੇ ਸੰਘਰਸ਼ਮਈ ਸੀ। ਇੱਕ ਦਿਨ ਉਨ੍ਹਾਂ ਨੇ ਇੱਕ ਪੰਡਿਤ ਨੂੰ ਠਾਕੁਰ ਦੀ ਪੂਜਾ ਕਰਦੇ ਹੋਏ ਬੜੇ ਧਿਆਨ ਨਾਲ ਦੇਖਿਆ। ਦੇਖਣ ਮਗਰੋਂ ਭਗਤ ਜੀ ਦੇ ਮਨ ਵਿਚ ਵੀ ਪੂਜਾ ਦੀ ਇੱਛਾ ਪ੍ਰਚੰਡ ਹੋ ਗਈ। ਆਪਣੀ ਇਸ ਪ੍ਰਚੰਡਿਤ ਇੱਛਾ ਕਾਰਨ ਉਨ੍ਹਾਂ ਨੇ ਉਸ ਪੰਡਿਤ ਤੋਂ ਠਾਕੁਰ ਦੀ ਮੰਗ ਕੀਤੀ। ਬਦਲੇ ਵਿਚ ਉਸ ਪੰਡਿਤ ਨੇ ਭਗਤ ਜੀ ਨੂੰ ਕੁੱਝ ਦੁਨਿਆਵੀ ਵਸਤਾਂ ਦਕਸ਼ਣਾ ਦੇ ਰੂਪ ਵਿਚ ਦੇਣ ਲਈ ਕਿਹਾ। ਭਗਤ ਜੀ ਨੇ ਇਹ ਵਸਤਾਂ ਸਹਿਜ ਨਾਲ ਹੀ ਦੇਣੀਆਂ ਪ੍ਰਵਾਨ ਕਰ ਲਈਆਂ। ਇਸ ਤੋਂ ਬਾਅਦ ਪੰਡਤ ਨੇ ਇੱਕ ਸਾਧਾਰਨ ਪੱਥਰ ਭਗਤ ਧੰਨਾ ਜੀ ਦੇ ਸਪੁਰਦ ਕਰ ਦਿੱਤਾ। ਸਿਦਕੀ ਭਾਵਨਾ ਅਤੇ ਸੱਚੀ ਲਗਨ ਵਾਲੇ ਭਗਤ ਨੇ ਉਸ ਸਾਧਾਰਨ ਪੱਥਰ (ਭਗਵਾਨ ਸਮਝ ਕੇ) ਦਾ ਇਸ਼ਨਾਨ ਕਰਾ ਕੇ ਉਸ ਦੀ ਪੂਜਾ ਕੀਤੀ ਅਤੇ ਉਸ ਨੂੰ ਪ੍ਰਸ਼ਾਦੇ-ਪਾਣੀ ਨੂੰ ਭੋਗ ਲਗਾਉਣ ਲਈ ਕਿਹਾ। ਪੱਥਰ ਵੱਲੋਂ ਕੋਈ ਹੁੰਗਾਰਾ ਨਾ ਮਿਲਦਾ ਦੇਖ ਕੇ ਭਗਤ ਨੇ ਆਪ ਵੀ ਕੁੱਝ ਖਾਣ ਤੋਂ ਇਨਕਾਰ ਕਰ ਦਿੱਤਾ। ਭਗਤ ਧੰਨਾ ਜੀ ਦੇ ਇਸ ਹੱਠ ਦੀ ਗਵਾਹੀ ਭਾਈ ਗੁਰਦਾਸ ਜੀ ਨੇ ਆਪਣੀ ਦਸਵੀਂ ਵਾਰ ਦੀ 13ਵੀਂ ਪਾਉੜੀ ਵਿਚ ਇਸ ਤਰ੍ਹਾਂ ਭਰੀ ਹੈ:

ਠਾਕੁਰ ਨੋ ਨ੍ਹਾਵਾਲਿ ਕੈ ਛਾਹਿ ਰੋਟੀ ਲੈ ਭੋਗੁ ਚੜ੍ਹਾਵੈ।

ਹਥਿ ਜੋੜਿ ਮਿਨਤਿ ਕਰੈ ਪੈਰੀ ਪੈ ਪੈ ਬਹੁਤੁ ਮਨਾਵੈ।

ਹਉ ਭੀ ਮੁਹੁ ਨ ਜਠਾਲਾਸਾਂ ਤੂ ਰੁਠਾ ਮੈ ਕਿਹੁ ਨ ਸੁਖਾਵੇ।

ਗੋਸਾਈ ਪਰਤਖਿ ਹੋਇ ਰੋਟੀ ਖਾਹਿ ਛਾਹਿ ਮੁਹਿ ਲਾਵੈ।

ਭੋਲਾ ਭਾਉ ਗੋਬਿੰਦੁ ਮਿਲਾਵੈ।

ਗੁਰੂ ਅਰਜਨ ਦੇਵ ਜੀ ਬਸੰਤ ਰਾਗ ਦੇ ਇੱਕ ਸ਼ਬਦ ਵਿੱਚ ਜਿੱਥੇ ਹੋਰ ਬਹੁਤ ਸਾਰੇ ਭਗਤਾਂ ਦੀ ਕਰੜੀ ਕਮਾਈ ਦਾ ਜ਼ਿਕਰ ਕਰਦੇ ਹਨ ਉਥੇ ਹੀ ਭਗਤ ਧੰਨਾ ਜੀ ਨੂੰ ‘ਧੰਨਾ ਸੇਵਿਆ ਬਾਲ ਬੁਧਿ’ ਕਹਿ ਕੇ ਉਨ੍ਹਾਂ ਦੇ ਪ੍ਰਭੂ-ਮਿਲਾਪ ਦਾ ਹਵਾਲਾ ਵੀ ਦਿੰਦੇ ਹਨ। ਗੁਰੂ ਗ੍ਰੰਥ ਸਾਹਿਬ ਦੇ ਅੰਗ 487 ’ਤੇ ਸੁਸ਼ੋਭਿਤ ਆਪਣੇ ਇਕ ਹੋਰ ਪਾਵਨ ਸ਼ਬਦ ਦੀਆਂ ਅੰਤਲੀਆਂ ਪੰਕਤੀਆਂ ਵਿਚ ਗੁਰੂ ਅਰਜਨ ਸਾਹਿਬ ਫ਼ੁਰਮਾਉਂਦੇ ਹਨ:

ਇਹ ਬਿਧਿ ਸੁਨਿ ਕੇ ਜਾਟਰੋ ਉਠਿ ਭਗਤੀ ਲਾਗਾ॥

ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ॥

ਗੁਰੂ ਅਰਜਨ ਦੇਵ ਜੀ ਇਨ੍ਹਾਂ ਪੰਕਤੀਆਂ ਰਾਹੀਂ ਇਹ ਸੰਕੇਤ ਦੇ ਰਹੇ ਹਨ ਕਿ ਭਗਤ ਧੰਨਾ ਜੀ ਨੇ ਇਸ ਗੱਲ ਨੂੰ ਭਲੀ-ਭਾਂਤ ਸਮਝ ਲਿਆ ਸੀ ਕਿ ਪਰਮਾਤਮਾ ਨੂੰ ਹਿਰਦੇ ਵਿਚ ਵਸਾਉਣ ਨਾਲ ਜਿੱਥੇ ਉਸ ਤੋਂ ਪੂਰਵਕਾਲੀ ਭਗਤਾਂ (ਨਾਮਦੇਵ, ਰਵਿਦਾਸ ਅਤੇ ਸੈਣ) ਨੇ ਰੱਬੀ ਪਿਆਰ ਨੂੰ ਹਾਸਲ ਕਰ ਲਿਆ ਸੀ ਤਾਂ ਭਗਤੀ ਦੀ ਇਹ ਵਿਧੀ ਉਸ ਨੂੰ ਵੀ ਪਰਮੇਸ਼ਰ ਤੱਕ ਪਹੁੰਚਾ ਸਕਦੀ ਹੈ। ਉਸ ਦੀ ਇਸ ਸਮਰਪਣ ਦੀ ਭਾਵਨਾ ਵਾਲੀ ਭਗਤੀ ਨੇ ਉਸ ਨੂੰ ਸਾਖਿਆਤ ਰੂਪ ਵਿਚ ਪ੍ਰਭੂ ਦੇ ਦਰਸ਼ਨ-ਦੀਦਾਰੇ ਕਰਵਾ ਦਿੱਤੇ ਸਨ। ਔਰਤ ਜਾਤੀ ਅਤੇ ਕਿਰਤ ਦੇ ਪ੍ਰਤੀ ਸਤਿਕਾਰਤ ਤੇ ਨੇਕ ਸੋਚ ਰੱਖਣ ਵਾਲੇ ਭਗਤ ਧੰਨਾ ਜੀ ਦਾ ਰੱਜਵਾਂ ਅਤੇ ਫਬਵਾਂ ਸਤਿਕਾਰ ਕਰਦਿਆਂ ਹੀ ਗੁਰੂ ਅਰਜਨ ਦੇਵ ਜੀ ਨੇ ਭਗਤ ਧੰਨਾ ਜੀ ਦੇ ਤਿੰਨ ਪਵਿੱਤਰ ਸ਼ਬਦ (ਦੋ ਰਾਗ ਆਸਾ ਅਤੇ ਇੱਕ ਰਾਗ ਧਨਾਸਰੀ) ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕਰ ਲਏ ਸਨ। ਭਗਤੀ ਲਹਿਰ ਦੇ ਪ੍ਰਮੁੱਖ ਭਗਤ ਧੰਨਾ ਜੀ ਆਪਣੀ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ 15 ਦਸੰਬਰ 1502 ਈ ਨੂੰ ਪਰਲੋਕ ਸਿਧਾਰ ਗਏ।

ਸੰਪਰਕ: 94631-3271