ਹਰਿਆਣਾ ਗੁਰਦੁਆਰਾ ਕਮੇਟੀ ਬਾਰੇ ਸ਼੍ਰੋਮਣੀ ਕਮੇਟੀ ਨੇ 3 ਨੂੰ ਮੀਟਿੰਗ ਸੱਦੀ

ਹਰਿਆਣਾ ਗੁਰਦੁਆਰਾ ਕਮੇਟੀ ਬਾਰੇ ਸ਼੍ਰੋਮਣੀ ਕਮੇਟੀ ਨੇ 3 ਨੂੰ ਮੀਟਿੰਗ ਸੱਦੀ

ਜਨਰਲ ਹਾਊਸ ਦੇ ਮੈਂਬਰਾਂ ਨਾਲ ਵਿਚਾਰ ਮਗਰੋਂ ਲਿਆ ਜਾਵੇਗਾ ਅਗਲਾ ਫ਼ੈਸਲਾ
ਅੰਮ੍ਰਿਤਸਰ- ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਮਿਲਣ ਤੋਂ ਬਾਅਦ ਉਥੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥ ਵਿੱਚ ਲੈਣ ਲਈ ਹਰਿਆਣਾ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 3 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮਾਮਲੇ ਸਬੰਧੀ ਅਗਲਾ ਫੈਸਲਾ ਲੈਂਦਿਆਂ ਹੋਇਆਂ ਉਲੀਕੇ ਪ੍ਰੋਗਰਾਮ ਦੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਬਾਰੇ ਕਾਨੂੰਨੀ ਮਾਹਿਰਾਂ ਕੋਲੋਂ ਵੀ ਰਾਏ ਲਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਰੱਦ ਹੋਈ ਨਜ਼ਰਸਾਨੀ ਪਟੀਸ਼ਨ ਅਤੇ ਪੰਜਾਬ ਪੁਨਰਗਠਨ ਐਕਟ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੀ ਮੱਦ ਨੂੰ ਚੁਣੌਤੀ ਦੇਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਦੇ ਆਧਾਰ ’ਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਗਈ ਸੀ ਅਤੇ ਇਸ ਐਕਟ ਨੂੰ ਮਾਨਤਾ ਮਿਲੀ ਹੈ।

ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਕੀਤੀ ਗਈ ਨਵੀਂ ਕਮੇਟੀ ਦੇ ਆਗੂਆਂ ਨੇ ਹਰਿਆਣਾ ਵਿਚਲੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਆਪਣੇ ਹੱਥ ਵਿੱਚ ਲੈ ਲਿਆ ਹੈ। ਸਿੱਖ ਗੁਰਦੁਆਰਾ ਐਕਟ 1925 ਦੇ ਸੈਕਸ਼ਨ-85 ਹੇਠ ਹਰਿਆਣਾ ਵਿੱਚ ਅੱਠ ਇਤਿਹਾਸਕ ਗੁਰਦੁਆਰੇ ਹਨ, ਜਿਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਸੀ। ਇਸ ਤੋਂ ਇਲਾਵਾ ਸੈਕਸ਼ਨ-87 ਹੇਠ ਹੋਰ ਕਈ ਗੁਰਦੁਆਰੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਲਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਬੀਤੇ ਦਿਨੀਂ ਹੰਗਾਮੀ ਤੌਰ ’ਤੇ ਅੰਤਰਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਮੈਂਬਰਾਂ ਦੀ ਇਕ ਮੀਟਿੰਗ 3 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੀ ਗਈ ਹੈ, ਜਿਸ ਵਿੱਚ ਇਸ ਮਾਮਲੇ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੈਂਬਰਾਂ ਦੀ ਰਾਏ ਲੈਣ ਤੋਂ ਬਾਅਦ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਖੋਹਣ ਦੇ ਮਾਮਲੇ ਨੂੰ ਵਿਚਾਰਨ ਲਈ ਇਹ ਮੀਟਿੰਗ ਸੱਦੀ ਹੈ।