‘ਆਪ’ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ

‘ਆਪ’ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ

ਭਾਜਪਾ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ; ਪੁਲੀਸ ਨੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਸਣੇ ‘ਆਪ’ ਵਰਕਰ ਹਿਰਾਸਤ ’ਚ ਲਏ
ਚੰਡੀਗੜ੍ਹ- ਸੀਬੀਆਈ ਵੱਲੋਂ ਆਬਕਾਰੀ ਨੀਤੀ ’ਚ ਘੁਟਾਲਾ ਕਰਨ ਦੇ ਦੋਸ਼ ਹੇਠ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਵਿਰੋਧ ਕਰਦਿਆਂ ਅੱਜ ਪਾਰਟੀ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਨੇ ਸ਼ਹਿਰ ਦੇ ਸੈਕਟਰ-37 ਵਿੱਚ ਸਥਿਤ ਭਾਜਪਾ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਵਰਕਰਾਂ ਨੇ ਇਕੱਠੇ ਹੋ ਕੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਕੂਚ ਕੀਤਾ, ਪਰ ਪੁਲੀਸ ਨੇ ‘ਆਪ’ ਵਰਕਰਾਂ ਨੂੰ ਕੁਝ ਦੂਰੀ ’ਤੇ ਹੀ ਰੋਕ ਦਿੱਤਾ। ਇਸ ਮੌਕੇ ਚੰਡੀਗੜ੍ਹ ਪੁਲੀਸ ਨੇ ਕਈ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਣੇ ਵੱਡੀ ਗਿਣਤੀ ‘ਆਪ’ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ। ਇਸ ਧਰਨੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ, ਡਾ. ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁਲੱਰ, ਚੇਤਨ ਸਿੰਘ ਜੌੜਾਮਾਜਰਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ‘ਆਪ’ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਪਾਰਟੀ ਵਰਕਰ ਮੌਜੂਦ ਸਨ।

ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਇਸੇ ਦੌਰਾਨ ‘ਆਪ’ ਹਰਿਆਣਾ ਵੱਲੋਂ ਭਾਜਪਾ ਵਿਰੁੱਧ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਸੁਸ਼ੀਲ ਗੁਪਤਾ ਤੇ ਅਨੁਰਾਗ ਢਾਂਡਾ ਦੀ ਅਗਵਾਈ ਹੇਠ ਪਾਰਟੀ ਵਰਕਰ ਮਾਨੇਸਰ ਪਾਰਕ ਤੋਂ ਇਕੱਠੇ ਹੋ ਕੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧੇ। ਪੁਲੀਸ ਵੱਲੋਂ  ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ।

ਿਸਸੋਦੀਆ ਖ਼ਿਲਾਫ਼ ਦੋਸ਼ ਝੂਠੇ: ਕੰਗ

ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਨੀਸ਼ ਸਿਸੋਦੀਆ ਖ਼ਿਲਾਫ਼ ਸਾਰੇ ਮਾਮਲੇ ਫਰਜ਼ੀ ਹਨ। ਮੋਦੀ ਸਰਕਾਰ ‘ਆਪ’ ਅਤੇ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ। ਇਸੇ ਲਈ ਕੇਂਦਰੀ ਏਜੰਸੀਆਂ ਰਾਹੀਂ ‘ਆਪ’ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਨੂੰ ਪੰਜਾਬ ਦਾ ਫਿਕਰ ਹੀ ਨਹੀਂ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਇਕ ਦਿਨ ਵਿਚ ਚਾਰ ਕਤਲ ਹੋਣ ਨਾਲ ਸੂਬੇ ਵਿਚ ਕਾਨੂੰਨ ਵਿਵਸਥਾ ’ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਸਿਸੋਦੀਆ ਖਿਲਾਫ ਦਰਜ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਗਲਤ ਠਹਿਰਾਉਣ ਵਿਚ ਰੁੱਝੇ ਹੋਏ ਹਨ।

ਭਗਵੰਤ ਮਾਨ ਅਸਤੀਫ਼ਾ ਦੇਵੇ: ਬਾਜਵਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ ਤੇ ਦਿਨ ਦਿਹਾੜੇ ਕਤਲ ਹੋ ਰਹੇ ਹਨ। ਅਜਿਹੇ ਮਾਹੌਲ ਕਾਰਨ ਪੰਜਾਬ ਦੇ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਬਣ ਗਈ ਹੈ।