ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਾਉਣ ਲਈ ਲੋਕ ਸਾਥ ਦੇਣ: ਭਾਈ ਰਣਜੀਤ ਸਿੰਘ

ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਾਉਣ ਲਈ ਲੋਕ ਸਾਥ ਦੇਣ: ਭਾਈ ਰਣਜੀਤ ਸਿੰਘ

ਅਮਲੋਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੇ ਦਿਸ਼ਾ- ਨਿਰਦੇਸ਼ਾਂ ’ਤੇ ਪੰਥਕ ਅਕਾਲੀ ਲਹਿਰ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਭੱਟੋ ਦੇ ਯਤਨਾਂ ਸੱਦਕਾ ਪਿੰਡ ਭੱਟੋ ਵਿੱਚ ਕਾਨਫ਼ਰੰਸ ਕਰਵਾਈ ਗਈ।

ਇਸ ਦੌਰਾਨ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਨੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਬਾਦਲਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਨੂੰ ਆਪਣੀ ਜਾਇਦਾਦ ਬਣਾ ਕੇ ਗੋਲਕਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰੱਸਟ ਬਣਾ ਕੇ ਖੁਦ ਤੇ ਸਾਥੀਆਂ ਨੂੰ ਟਰੱਸਟੀ ਬਣਾ ਕੇ ਵੱਡੀ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਜਾ ਰਹੀਆਂ ਹਨ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਇਸ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਸਿਖ ਕੌਮ ਨੂੰ ਪੰਥਕ ਅਕਾਲੀ ਲਹਿਰ ਦਾ ਡੱਟ ਕੇ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ ਦੀਆਂ ਸਰਕਾਰਾਂ 12 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀ ਚੋਣ ਨਹੀਂ ਕਰਵਾ ਰਹੀਆਂ। ਕਾਂਗਰਸ ਸਰਕਾਰ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਦਫ਼ਤਰ ਨਹੀਂ ਦਿੱਤਾ ਜਦੋਂਕਿ ਹੁਣ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਹੁਣ ਤੱਕ ਸਟਾਫ ਵੀ ਨਹੀਂ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਿੱਖਿਆ ਅਦਾਰਾ ਅੱਜ 300 ਕਰੋੜ ਰੁਪਏ ਦਾ ਕਰਜ਼ਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਕਮੇਟੀ ਨੂੰ ਮੁਕਤ ਕਰਵਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਰੋਮੀ, ਗੁਰਮੀਤ ਸਿੰਘ ਰਾਮਗੜ੍ਹ, ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ, ਦਰਸ਼ਨ ਸਿੰਘ ਚੀਮਾ, ਸਿਮਰਨਜੋਤ ਸਿੰਘ ਭੜੀ, ਦਵਿੰਦਰ ਸਿੰਘ ਰੁੜਕੀ ਆਦਿ ਹਾਜ਼ਰ ਸਨ।