ਕੋਟਕਪੂਰਾ ਗੋਲੀ ਕਾਂਡ: ਬਾਦਲਾਂ ਵੱਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ

ਕੋਟਕਪੂਰਾ ਗੋਲੀ ਕਾਂਡ: ਬਾਦਲਾਂ ਵੱਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ

ਫਰੀਦਕੋਟ- ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਨਾਮਜ਼ਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਵਾਸਤੇ ਸਥਾਨਕ ਅਦਾਲਤ ਵਿੱਚ ਅਰਜ਼ੀ ਲਾ ਦਿੱਤੀ ਹੈ। ਬਾਦਲਾਂ ਦੀ ਜ਼ਮਾਨਤ ਅਰਜ਼ੀ ’ਤੇ 14 ਮਾਰਚ ਨੂੰ ਬਹਿਸ ਹੋਵੇਗੀ। ਵਧੀਕ ਸੈਸ਼ਨਜ਼ ਜੱਜ ਰਾਜੀਵ ਕਾਲੜਾ ਨੇ ਇਨ੍ਹਾਂ ਅਰਜ਼ੀਆਂ ’ਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਕੇਸ ਨਾਲ ਜੁੜਿਆ ਰਿਕਾਰਡ 14 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਕਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਉਸ ਨੂੰ ਸਿਆਸੀ ਰੰਜਿਸ਼ ਕਰਕੇ ਫਸਾਇਆ ਗਿਆ ਹੈ ਅਤੇ ਉਸ ਦਾ ਕੋਟਕਪੂਰਾ ਗੋਲੀ ਕਾਂਡ ਨਾਲ ਕੋਈ ਸੰਬੰਧ ਨਹੀਂ ਹੈ। ਆਪਣੀ ਉਮਰ ਦਾ ਹਵਾਲਾ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਪੁੱਛਗਿੱਛ ਦੌਰਾਨ ਜਾਂਚ ਟੀਮ ਨਾਲ ਪੂਰਾ ਸਹਿਯੋਗ ਕੀਤਾ ਸੀ। ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਦਰਖ਼ਾਸਤ ਵਿੱਚ ਕਿਹਾ ਕਿ ਉਸ ਨੂੰ ਸਿਆਸੀ ਬਦਲਾਖੋਰੀ ਕਰਕੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਆਈਜੀ ਕੁੰਵਰਵਿਜੈ ਪ੍ਰਤਾਪ ਸਿੰਘ ਇਸ ਮਾਮਲੇ ਦੀ ਪੜਤਾਲ ਕਰ ਚੁੱਕੇ ਹਨ ਅਤੇ ਇਹ ਪੜਤਾਲ ਰਿਪੋਰਟ ਹਾਈ ਕੋਰਟ ਵੱਲੋਂ ਰੱਦ ਹੋ ਚੁੱਕੀ ਹੈ। ਦੋਹਾਂ ਬਾਦਲਾਂ ਨੇ 23 ਮਾਰਚ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਣ ਦੀ ਇੱਛਾ ਜਾਹਰ ਕਰਦਿਆਂ ਕਿਹਾ ਕਿ ਅਦਾਲਤ ਵਿੱਚ ਪੇਸ਼ ਹੋਣ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਸ਼ੰਕਾ ਹੈ ਕਿ ਪੁਲੀਸ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕਰ ਸਕਦੀ ਹੈ।

ਬੇਅਦਬੀ ਕਾਂਡ: ਡੇਰੇ ਦੇ ਤਿੰਨ ਕੌਮੀ ਕਮੇਟੀ ਮੈਂਬਰਾਂ ਖ਼ਿਲਾਫ਼ ਚਲਾਨ ਪੇਸ਼

ਬੇਅਦਬੀ ਕਾਂਡ ਨਾਲ ਜੁੜੇ ਤਿੰਨ ਕੇਸਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਖ਼ਿਲਾਫ਼ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਜਾਂਚ ਟੀਮ ਨੇ ਕੌਮੀ ਕਮੇਟੀ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਇਨ੍ਹਾਂ ਤਿੰਨਾਂ ਵਿਅਕਤੀਆਂ ਨੂੰ ਅਜੇ ਤੱਕ ਵਿਸ਼ੇਸ਼ ਜਾਂਚ ਟੀਮ ਗ੍ਰਿਫ਼ਤਾਰ ਨਹੀਂ ਕਰ ਸਕੀ। ਇਸ ਲਈ ਇਲਾਕਾ ਮੈਜਿਸਟਰੇਟ ਨੇ ਇੱਕ ਸਾਲ ਪਹਿਲਾਂ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਭਗੌੜੇ ਐਲਾਨ ਦਿੱਤਾ ਸੀ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਕਿਹਾ ਸੀ ਪਰ ਜਾਂਚ ਟੀਮ ਨੂੰ ਇਨ੍ਹਾਂ ਵਿਅਕਤੀਆਂ ਦੀ ਕੋਈ ਜਾਇਦਾਦ ਨਹੀਂ ਮਿਲੀ। ਸੂਚਨਾ ਅਨੁਸਾਰ ਡੇਰੇ ਦੀ ਕੌਮੀ ਕਮੇਟੀ ਦੇ ਇਹ ਤਿੰਨੇ ਮੈਂਬਰ ਘਟਨਾ ਤੋਂ ਬਾਅਦ ਦੇਸ਼ ਵਿੱਚੋਂ ਬਾਹਰ ਜਾਣ ਵਿੱਚ ਸਫ਼ਲ ਹੋ ਗਏ ਸਨ। ਕੌਮੀ ਕਮੇਟੀ ਮੈਂਬਰਾਂ ’ਤੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਸ਼ਯੋਗ ਪੋਸਟਰ ਲਾਉਣ ਦੀਆਂ ਘਟਨਾਵਾਂ ਦੀਆਂ ਸਾਜ਼ਿਸ਼ਾਂ ਰਚਣ ਦੇ ਇਲਜ਼ਾਮ ਹਨ।