ਹਰਿਆਣਾ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵਾਂਗੇ: ਖੱਟਰ

ਹਰਿਆਣਾ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵਾਂਗੇ: ਖੱਟਰ

ਯਮੁਨਾਨਗਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ। ਕਮੇਟੀ ਨੂੰ ਸਰਕਾਰ ਤੋਂ ਜੋ ਵੀ ਲੋੜ ਹੋਵੇਗੀ ਉਹ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਸੇਵਾ ਦੇ ਕੰਮ ਕਰ ਰਹੀ ਹੈ। ਇਸੇ ਲੜੀ ਵਿੱਚ ਜੇਕਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਵਿਦਿਅਕ ਅਦਾਰਿਆਂ ਅਤੇ ਹਸਪਤਾਲਾਂ ਦੀ ਉਸਾਰੀ ਸਮੇਤ ਸਰਕਾਰ ਤੋਂ ਕਿਸੇ ਹੋਰ ਸਹਿਯੋਗ ਦੀ ਲੋੜ ਹੈ ਤਾਂ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੁੱਧਵਾਰ ਨੂੰ ਗੁਰਦੁਆਰਾ ਥੜ੍ਹਾ ਸਾਹਿਬ ਜੋੜੀਆਂ ਵਿਖੇ ਹੋਲਾ ਮਹੱਲਾ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ਉਨ੍ਹਾਂ ਕੌਮਾਂਤਰੀ ਮਹਿਲਾ ਦਿਵਸ ਦੀ ਵੀ ਵਧਾਈ ਦਿੱਤੀ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬਾਹਰ ਸਮਾਜ ਵਿੱਚ ਫੁੱਲਾਂ ਅਤੇ ਰੰਗਾਂ ਦੀ ਹੋਲੀ ਹੁੰਦੀ ਹੈ ਪਰ ਇੱਥੇ ਹੋਲੇ-ਮੁਹੱਲੇ ਵਿੱਚ ਪ੍ਰਮਾਤਮਾ ਦੇ ਨਾਮ ਸਿਮਰਨ ਕਰਕੇ ਪ੍ਰਭੂ ਦੇ ਨਾਂ ਦੀ ਹੋਲੀ ਮਨਾਈ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਕਿ ਉਹ ਵਿਸਾਖੀ ਵਾਲੇ ਦਿਨ ਨਾਢਾ ਸਾਹਿਬ ਤੋਂ ਕੋਈ ਨੇਕ ਕੰਮ ਸ਼ੁਰੂ ਕਰਵਾਉਣਗੇ। ਪੰਜਾਬੀ ਸਾਹਿਤ ਅਕਾਦਮੀ ਹਰਿਆਣਾ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਧਮੀਜਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸਿੱਖਿਆ ਮੰਤਰੀ ਕੰਵਰ ਪਾਲ ਗੁਰਜਰ, ਵਿਧਾਇਕ ਘਣਸ਼ਿਆਮ ਦਾਸ ਅਰੋੜਾ ਤੇ ਮੇਅਰ ਮਦਨ ਚੌਹਾਨ ਆਦਿ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।