ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਫਤਹਿ ਮਾਰਚ

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਫਤਹਿ ਮਾਰਚ

ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮਾਰਚ; ਨਿਹੰਗ ਸਿੰਘਾਂ ਨੇ ਕਰਤੱਬ ਦਿਖਾਏ
ਅੰਮ੍ਰਿਤਸਰ- ਸਿੱਖ ਜਰਨੈਲ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਅੱਜ ਅਕਾਲ ਤਖ਼ਤ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ਼ਹੀਦੀ ਫ਼ਤਹਿ ਮਾਰਚ ਸਜਾਇਆ ਗਿਆ। ਇਸ ਦੌਰਾਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਹੇਠ ਵੱਡੀ ਗਿਣਤੀ ਸੰਗਤ ਸ਼ਾਮਲ ਹੋਈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਮੌਜੂਦ ਸਨ। ਇਸ ਮੌਕੇ ਨਿਹੰਗ ਸਿੰਘ ਹਾਥੀ, ਘੋੜਿਆਂ, ਊਠਾਂ ਤੋਂ ਇਲਾਵਾ ਵਿਸ਼ੇਸ਼ ਰੂਪ ਵਿੱਚ ਦੋ ਦਰਜਨ ਤੋਂ ਵੱਧ ਬੱਘੀਆਂ ਵਿਚ ਸ਼ਾਮਲ ਹੋਏ ਤੇ ਗੱਤਕਾ ਅਖਾੜਿਆਂ ਦੀਆਂ ਟੀਮਾਂ ਨੇ ਜੰਗਜੂ ਕਲਾ ਦੇ ਜੌਹਰ ਦਿਖਾਏ ਅਤੇ ਬੈਂਡ ਪਾਰਟੀਆਂ ਨੇ ਸ਼ਬਦੀ ਧੁੰਨਾਂ ਵਜਾਈਆਂ।

ਸਵੇਰੇ ਦਸ ਵਜੇ ਆਰੰਭ ਹੋਇਆ ਨਗਰ ਕੀਰਤਨ ਘੰਟਾ ਘਰ, ਜੱਲ੍ਹਿਆਂਵਾਲਾ ਬਾਗ਼ ਹੁੰਦਾ ਹੋਇਆ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਘਿਉ ਮੰਡੀ ਚੌਕ ਰਾਹੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸੰਪੂਰਨ ਹੋਇਆ। ਇਸ ਤੋਂ ਪਹਿਲਾਂ ਅੱਜ ਗੁਰਦੁਆਰਾ ਸ਼ਹੀਦ ਨਿਹੰਗ ਬਾਬਾ ਗੁਰਬਖ਼ਸ਼ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਪੜ੍ਹ ਕੇ ਸੁਣਾਇਆ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਫੂਲਾ ਸਿੰਘ ਨੇ ਸਿੱਖ ਰਾਜ ਦੀ ਕਾਇਮੀ ਅਤੇ ਸਲਾਮਤੀ ਵਾਸਤੇ ਅਹਿਮ ਯੋਗਦਾਨ ਪਾਇਆ ਜਿਸ ਦੀਆਂ ਸਿੱਖ ਇਤਿਹਾਸ ਅੰਦਰ ਅਮਿੱਟ ਪੈੜਾਂ ਹਨ। ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਫੂਲਾ ਸਿੰਘ ਨੂੰ ਸਿੱਖ ਇਤਿਹਾਸ ਦਾ ਨਾਇਕ ਕਰਾਰ ਦਿੱਤਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਬਾਬਾ ਮੋਹਣ ਸਿੰਘ ਬਾਰਨ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ ਵਾਲੇ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਵੱਲੋਂ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਨਾਹਰ ਸਿੰਘ ਸਾਧ ਸੁਰਸਿੰਘ, ਬਾਬਾ ਮੇਜਰ ਸਿੰਘ ਮੁਖੀ ਦਸਮੇਸ਼ ਤਰਨਾ ਦਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਸ਼ਾਮਲ ਸਨ।