‘ਆਪ’ ਸਰਕਾਰ ਦੀ ਪਹਿਲੀ ਵਰ੍ਹੇਗੰਢ – ਅਗਲੀਆਂ ਪੀੜ੍ਹੀਆਂ ਦੀ ਖੁਸ਼ਹਾਲੀ ਲਈ ਕੰਮ ਕੀਤਾ: ਮਾਨ

‘ਆਪ’ ਸਰਕਾਰ ਦੀ ਪਹਿਲੀ ਵਰ੍ਹੇਗੰਢ – ਅਗਲੀਆਂ ਪੀੜ੍ਹੀਆਂ ਦੀ ਖੁਸ਼ਹਾਲੀ ਲਈ ਕੰਮ ਕੀਤਾ: ਮਾਨ

ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
ਚੰਡੀਗੜ੍ਹ- ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ, ਉਸ ਵਿੱਚੋਂ ਵਧੇਰੇ ਗਾਰੰਟੀਆਂ ਨੂੰ ਪਹਿਲੇ ਸਾਲ ਹੀ ਪੂਰਾ ਕਰ ਦਿੱਤਾ ਹੈ ਜਦੋਂ ਕਿ ਰਹਿੰਦੀਆਂ ਗਾਰੰਟੀਆਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ ‘ਆਪ’ ਸਰਕਾਰ ਦੀ ਪਹਿਲੀ ਵਰ੍ਹੇਗੰਢ ’ਤੇ ਸੋਸ਼ਲ ਮੀਡੀਆ ਰਾਹੀਂ ਵੀਡੀਓ ਜਾਰੀ ਕਰ ਕੇ ਆਖੀ। ਉਨ੍ਹਾਂ ਕਿਹਾ ਕਿ ਹੋਰਨਾਂ ਸਿਆਸੀ ਧਿਰਾਂ ਅਗਲੀ ਵਾਰ ਸਰਕਾਰ ਬਣਾਉਣ ਦਾ ਟੀਚਾ ਰੱਖ ਕੇ ਕੰਮ ਕਰਦੀਆਂ ਹਨ ਪਰ ‘ਆਪ’ ਸਰਕਾਰ ਨੇ ਅਗਲੀ ਵਾਰ ਸਰਕਾਰ ਬਣਾਉਣ ਲਈ ਨਹੀਂ, ਸਗੋਂ ਅਗਲੀਆਂ ਪੀੜ੍ਹੀਆਂ ਦੀ ਖੁਸ਼ਹਾਲੀ ਲਈ ਕੰਮ ਕੀਤਾ ਹੈ। ਸ੍ਰੀ ਮਾਨ ਨੇ ਸੂਬੇ ਦੇ ਲੋਕਾਂ ਨੂੰ ‘ਮੁੜ ਰੰਗਲਾ’ ਪੰਜਾਬ ਬਣਾਉਣ ਦਾ ਵਾਅਦਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਪਹਿਲੀ ਦਫ਼ਾ ਅਜਿਹੀ ਸਰਕਾਰ ਬਣੀ, ਜਿਹੜੀ ਸੂਬੇ ਦੇ ਲੋਕਾਂ ਨਾਲ ਸਬੰਧਤ ਹੈ। ਇਹ ਸਰਕਾਰ ਨਾ ਤਾਂ ਬਾਦਲ ਦੀ ਹੈ ਅਤੇ ਨਾ ਹੀ ਕੈਪਟਨ ਦੀ, ਇਹ ਸਰਕਾਰ ਹਰ ਪੰਜਾਬੀ ਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪੰਜਾਬ ਵਿਆਪਕ ਵਿਕਾਸ ਦਾ ਗਵਾਹ ਬਣਿਆ ਹੈ ਅਤੇ ਦੂਜੇ ਸਾਲ ਵਿੱਚ ਵੀ ਵਿਕਾਸ ਤੇ ਤਰੱਕੀ ’ਤੇ ਵੱਧ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਵਿਕਾਸ ਲਈ ਸਨਅਤਾਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੰਜਾਬ ਅਗਲੇ ਦਿਨਾਂ ’ਚ ਸਨਅਤੀ ਗੜ੍ਹ ਵਜੋਂ ਉੱਭਰੇਗਾ। ਇਸ ਨਾਲ ਵੱਡੀ ਗਿਣਤੀ ’ਚ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਜੜ੍ਹ ਵੱਢਣ ਲਈ ਆਗਾਮੀ ਦਿਨਾਂ ਵਿੱਚ ਮੁਹਿੰਮ ਵਿੱਢੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਕੰਮ ਕਰ ਰਹੀ ਹੈ, ਇਸ ਮੁਹਿੰਮ ਨੂੰ ਭਵਿੱਖ ਵਿੱਚ ਹੋਰ ਸਖਤੀ ਨਾਲ ਚਲਾਇਆ ਜਾਵੇਗਾ।

ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਕ ਸਾਲ ਵਿੱਚ 26,797 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਸੂਬਾ ਸਰਕਾਰ ਨੇ 14 ਹਜ਼ਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਅਤੇ ਕੈਬਨਿਟ ਨੇ 14 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ 2022 ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਪੂਰੀ ਕੀਤੀ ਹੈ। ਇਸ ਦੇ ਚੱਲਦਿਆਂ ਨਵੰਬਰ-ਦਸੰਬਰ 2022 ’ਚ ਸੂਬੇ ਦੇ 87 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਮੂੰਗੀ ਦੀ ਫਸਲ ’ਤੇ ਐੱਮਐੱਸਪੀ 7275 ਰੁਪਏ ਪ੍ਰਤੀ ਕੁਇੰਟਲ ਦਿੱਤੀ, ਜਿਸ ਨਾਲ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਈ ਹੈ। ਦੂਜੇ ਪਾਸੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਪਿਛਲੇ ਸਾਲਾਂ ਦੇ ਲਟਕਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਭਰ ’ਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ ਜਿੱਥੇ ਹੁਣ ਤੱਕ 12 ਤੋਂ 15 ਲੱਖ ਮਰੀਜ਼ਾਂ ਨੂੰ ਲਾਭ ਮਿਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ। ਇਹ ਸਕੂਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ। ਸ੍ਰੀ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੀਟ ਵੱਲੋਂ 7 ਹਜ਼ਾਰ ਪੰਨਿਆ ਦਾ ਚਾਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ।