ਪੰਜਾਬ ਪੁਲੀਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

ਪੰਜਾਬ ਪੁਲੀਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

ਸੁਰੱਖਿਆ ਬਲਾਂ ਨੇ ਫਲੈਗ ਮਾਰਚ ਕੱਢੇ; ਡੀਜੀਪੀ ਵੱਲੋਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਦਿਆਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਚੰਡੀਗੜ੍ਹ- ਪੰਜਾਬ ਪੁਲੀਸ ਵੱਲੋਂ ਬੀਤੇ ਦਿਨ ਸੂਬੇ ਭਰ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਸੂਬੇ ’ਚ ਵੱਖ ਵੱਖ ਥਾਵਾਂ ’ਤੇ ਜਥੇਬੰਦੀ ਦੇ ਹਮਾਇਤੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਚੌਕਸੀ ਵਧਾ ਦਿੱਤੀ ਹੈ। ਪੰਜਾਬ ਪੁਲੀਸ ਅਤੇ ਕੇਂਦਰੀ ਸੁਰੱਖਿਆ ਬੱਲਾਂ ਵੱਲੋਂ ਵੱਖ ਵੱਖ ਜ਼ਿਲ੍ਹਿਆਂ ’ਚ ਫਲੈਗ ਮਾਰਚ ਕੀਤੇ ਜਾ ਰਹੇ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੂੰ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੌਕਸੀ ਰੱਖੀ ਜਾ ਰਹੀ ਹੈ। ਪੁਲੀਸ ਵੱਲੋਂ ਜਿੱਥੇ ਮਾਹੌਲ ਖਰਾਬ ਕਰਨ ਵਾਲੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ, ਉੱਥੇ ਹੀ ਸ਼ੱਕੀ ਵਿਅਕਤੀਆਂ ਦੇ ਵਾਹਨਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ।

ਪੰਜਾਬ ਪੁਲੀਸ ਦੇ ਆਈਜੀ ਹੈਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪੰਜਾਬ ਦੇ ਲੋਕਾਂ ਨੂੰ ਗਲਤ ਜਾਣਕਾਰੀ ਜਾਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਦਿਆਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਨੂੰਨ ਦੀ ਪਾਲਣਾ ਯਕੀਨੀ ਕੀਤੀ ਜਾਵੇਗੀ। ਸ੍ਰੀ ਗਿੱਲ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਬੀਤੇ ਦਿਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਜਲੰਧਰ ਦੇ ਮਹਿਤਪੁਰ ਨੇੜੇ ਨਾਕੇ ਲਾਏ ਗਏ ਸਨ। ਇਸ ਦੌਰਾਨ ਅੰਮ੍ਰਿਤਪਾਲ ਦੇ ਕੁੱਝ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਅੰਮ੍ਰਿਤਪਾਲ ਫਰਾਰ ਦੱਸਿਆ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਵੱਲੋਂ ਛਾਪੇ ਮਾਰੇ ਜਾ ਰਹੇ ਸਨ।

ਜ਼ਿਕਰਯੋਗ ਕਿ ਬੀਤੇ ਦਿਨ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ 78 ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ 9 ਪਿਸਤੌਲ ਤੇ 373 ਕਾਰਤੂਸ ਬਰਾਮਦ ਕੀਤੇ ਸਨ। ਪੁਲੀਸ ਦੀ ਕਾਰਵਾਈ ਤੋਂ ਬਾਅਦ ਜਥੇਬੰਦੀ ਦੇ ਹਿਮਾਇਤੀਆਂ ਵੱਲੋਂ ਪੰਜਾਬ ਪੁਲੀਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕਰਕੇ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਨਾਕੇ ਲਾ ਕੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੰਮ ਕੀਤਾ ਜਾ ਰਿਹਾ ਹੈ।