ਅੰਮ੍ਰਿਤਪਾਲ ਸਿੰਘ ਮਾਮਲਾ: ਸੁਰੱਖਿਆ ਬਲਾਂ ਨੇ ਚੌਕਸੀ ਵਧਾਈ

ਅੰਮ੍ਰਿਤਪਾਲ ਸਿੰਘ ਮਾਮਲਾ: ਸੁਰੱਖਿਆ ਬਲਾਂ ਨੇ ਚੌਕਸੀ ਵਧਾਈ

ਪੁਲੀਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਫ਼ਲੈਗ ਮਾਰਚ; ਨਾਕੇ ਲਾ ਕੇ ਵਾਹਨਾਂ ਦੀ ਚੈਕਿੰਗ
ਹੁਸ਼ਿਆਰਪੁਰ-
ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਲੋਕਾਂ ਵਿਚ ਵਿਸ਼ਵਾਸ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪੁਲੀਸ ਤੇ ਅਰਧ ਸੈਨਿਕ ਬਲਾਂ ਵੱਲੋਂ ਸ਼ਹਿਰ ਵਿਚ ਫ਼ਲੈਗ ਮਾਰਚ ਕੱਢਿਆ ਗਿਆ। ਸੈਸ਼ਨ ਚੌਕ ਤੋਂ ਸ਼ੁਰੂ ਹੋਇਆ ਇਹ ਮਾਰਚ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਬੱਸ ਸਟੈਂਡ ਜਾ ਕੇ ਸਮਾਪਤ ਹੋਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਅਮਨ-ਅਮਾਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ’ਤੋਂ ਚੌਕਸ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬੀਤੇ ਦਿਨ ਤੋਂ ਪੂਰੀ ਤਰ੍ਹਾਂ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਜਾਂ ਕਿਸੇ ਹੋਰ ਢੰਗ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਚ ਰੁਕਾਵਟ ਪੈਦਾ ਕਰਦਾ ਹੈ ਜਾਂ ਗੁਮਰਾਹਕੁਨ ਪ੍ਰਚਾਰ ਕਰਦਾ ਹੈ ਤਾਂ ਇਹ ਮਾਮਲਾ ਤੁਰੰਤ ਪੁਲੀਸ ਦੇ ਧਿਆਨ ਵਿਚ ਲਿਆਂਦਾ ਜਾਵੇ। ਐਸਐਸਪੀ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।