’84 ਕਤਲੇਆਮ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲੀ

’84 ਕਤਲੇਆਮ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲੀ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਸਰਕਾਰ ਵੱਲੋਂ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੇ 14 ਪੀੜਤਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਲੈਫਟੀਨੈਂਟ ਗਵਰਨਰ ਵੱਲੋਂ ਨੌਕਰੀਆਂ ਦੇਣ ਲਈ 14 ਵਿਅਕਤੀਆਂ ਦੀ ਪਹਿਲੀ ਸੂਚੀ ਤਿਆਰ ਕੀਤੀ ਗਈ ਹੈ। ਸਿਰਸਾ ਨੇ ਦੱਸਿਆ ਕਿ ਪਿਛਲੇ ਦਿਨੀਂ ਕਮੇਟੀ ਦਾ ਇੱਕ ਵਫ਼ਦ ਦਿੱਲੀ ਦੇ ਉਪ ਰਾਜਪਾਲ ਨੂੰ ਮਿਲਿਆ ਸੀ। ਗ੍ਰਹਿ ਮੰਤਰੀ ਨੇ ਵੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਖਲ ਦਿੱਤਾ ਅਤੇ ਦਿੱਲੀ ਦੇ ਉਪ ਰਾਜਪਾਲ ਤੇ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ। ਇਸ ਮਗਰੋਂ ਉਪ ਰਾਜਪਾਲ ਨੇ ਨੌਕਰੀਆਂ ਲਈ 14 ਵਿਅਕਤੀਆਂ ਦੀ ਪਹਿਲੀ ਸੂਚੀ ਤਿਆਰ ਕੀਤੀ ਹੈ। ਬਾਕੀ ਹੋਰਨਾਂ ਨੂੰ ਵੀ ਜਲਦੀ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ 2006 ਦੇ ਹੁਕਮ ਮਗਰੋਂ 72 ਵਿਅਕਤੀਆਂ ਨੂੰ ਨੌਕਰੀਆਂ ਦੇਣ ਦੀ ਗੱਲ ਕਹੀ ਗਈ ਸੀ, ਜਿਨ੍ਹਾਂ ’ਚੋਂ ਸਿਰਫ਼ 14 ਵਿਅਕਤੀਆਂ ਨੂੰ ਹੀ ਨੌਕਰੀਆਂ ਦਿੱਤੀਆਂ ਗਈਆਂ ਹਨ, ਬਾਕੀ ਦੇ ਹੋਰ ਲੋਕਾਂ ਨੂੰ ਵੀ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਕਮੇਟੀ ਵੱਲੋਂ 1000 ਹੋਰ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਸ ਵਿੱਚ ਵੀ ਯਕੀਨੀ ਤੌਰ ’ਤੇ ਸਫਲਤਾ ਮਿਲੇਗੀ।

ਉਨ੍ਹਾਂ ਕਿਹਾ ਕਿ ਼2019 ਵਿਚ ਜਦੋਂ ਮਨਜਿੰਦਰ ਸਿੰਘ ਸਿਰਸਾ ਦਿੱਲੀ ਕਮੇਟੀ ਦੇ ਪ੍ਰਧਾਨ ਸਨ ਤੇ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਸਨ ਤਾਂ ਇਸ ਨੂੰ ਪ੍ਰਮੁਖਤਾ ਨਾਲ ਨੋਟਿਸ ਵਿਚ ਲੈਂਦਿਆਂ ਮਾਮਲੇ ਨੂੰ ਅਦਾਲਤ ਵਿਚ ਲਿਜਾਇਆ ਗਿਆ ਸੀ ਤੇ ਪਿਛਲੇ 4 ਸਾਲਾਂ ਦੇ ਸੰਘਰਸ਼ ਮਗਰੋਂ ਕਮੇਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਵਿੱਚ ਆਤਮਾ ਸਿੰਘ ਲੁਬਾਣਾ ਦੀ ਭੂਮਿਕਾ ਅਹਿਮ ਰਹੀ ਹੈ।