ਝੱਖੜ ਤੇ ਗੜਿਆਂ ਨੇ ਝੰਬੀ ਕਣਕ ਦੀ ਫ਼ਸਲ

ਝੱਖੜ ਤੇ ਗੜਿਆਂ ਨੇ ਝੰਬੀ ਕਣਕ ਦੀ ਫ਼ਸਲ

ਮੁੱਖ ਮੰਤਰੀ ਨੇ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ- ਪੰਜਾਬ ਵਿੱਚ ਅੱਜ ਬਾਰਿਸ਼ ਅਤੇ ਤੇਜ਼ ਹਵਾਵਾਂ ਸਮੇਤ ਕਿਤੇ-ਕਿਤੇ ਪਏ ਗੜਿਆਂ ਨੇ ਹਾੜੀ ਦੀ ਫ਼ਸਲ ਨੂੰ ਝੰਬ ਕੇ ਰੱਖ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਅਤੇ ਅੱਜ ਮੁੜ ਸੂਬੇ ਵਿੱਚ ਪਏ ਮੀਂਹ ਨੇ ਕਿਸਾਨਾਂ ਦੇ ਫ਼ਿਕਰ ਵਧਾ ਦਿੱਤੇ ਹਨ। ਮੀਂਹ ਕਾਰਨ ਪਾਰਾ ਇੱਕਦਮ ਥੱਲੇ ਆ ਗਿਆ ਹੈ।

ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ ਨੁਕਸਾਨ ਦੀਆਂ ਰਿਪੋਰਟਾਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿੱਚ ਹੁਣ ਤੱਕ 10 ਲੱਖ ਏਕੜ ਕਣਕ ਦੀ ਫ਼ਸਲ ਨੁਕਸਾਨੀ ਜਾ ਚੁੱਕੀ ਹੈ ਅਤੇ ਅੱਜ ਫ਼ਾਜ਼ਿਲਕਾ ਵਿੱਚ ਆਏ ਝੱਖੜ ਕਾਰਨ ਭਾਰੀ ਨੁਕਸਾਨ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿੱਤ ਕਮਿਸ਼ਨਰ (ਮਾਲ) ਨੂੰ ਬੇਮੌਸਮੀ ਮੀਂਹ ਕਾਰਨ ਫ਼ਸਲਾਂ, ਬਾਗ਼ਾਂ ਅਤੇ ਮਕਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਜਲਦੀ ਰਿਪੋਰਟ ਦੇਣ ਲਈ ਕਿਹਾ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਅਤੇ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਮਲੋਟ ਅਤੇ ਫ਼ਾਜ਼ਿਲਕਾ ਇਲਾਕੇ ਵਿੱਚ ਅੱਜ ਕਈ ਥਾਈਂ ਗੜੇ ਪਏ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਈ ਖ਼ਿੱਤਿਆਂ ਵਿਚ ਝੱਖੜ ਕਰਕੇ ਫ਼ਸਲ ਪੂਰੀ ਤਰ੍ਹਾਂ ਵਿਛ ਗਈ ਹੈ। ਪੰਜਾਬ ਵਿਚ ਐਤਕੀਂ 34.90 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੈ ਅਤੇ ਇਸ ਵੇਲੇ ਕਣਕ ਪੱਕਣ ਵੱਲ ਵਧ ਰਹੀ ਸੀ। ਪਹਿਲਾਂ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਨੇ ਫ਼ਸਲ ਨੂੰ ਪ੍ਰਭਾਵਿਤ ਕੀਤਾ ਅਤੇ ਹੁਣ ਮੀਂਹ ਤੇ ਝੱਖੜ ਨੇ ਫ਼ਸਲਾਂ ਖੇਤਾਂ ਵਿੱਚ ਵਿਛਾ ਦਿੱਤੀਆਂ ਹਨ। ਹੁਣ ਤੱਕ ਪ੍ਰਾਪਤ ਸੂਚਨਾ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਸਭ ਤੋਂ ਵੱਧ ਨੁਕਸਾਨ ਹੋਣ ਦੀ ਖ਼ਬਰ ਹੈ।