ਭਾਈ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੂੰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੂੰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਕੀਤੀ ਅਪੀਲ

ਮੈਂ ਜਿਥੇ ਵੀ ਹਾਂ ਚੜ੍ਹਦੀਕਲਾ ’ਚ ਹਾਂ : ਭਾਈ ਅੰਮ੍ਰਿਤਪਾਲ ਸਿੰਘ
ਜਲੰਧਰ : ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਲਗਾਤਾਰ ਫਰਾਰ ਚੱਲ ਰਿਹਾ ਵਾਰਿਸ ਪੰਜਾਬ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਦੀ ਘਟਨਾ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਵਲੋਂ ਜਾਰੀ ਕੀਤੀ ਗਈ ਵੀਡੀਓ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਨੂੰ ਉਸ ਦਾ ਮਾਲਵੇ ਵਿਚ ਪ੍ਰੋਗਰਾਮ ਸੀ ਜਿਸ ਲਈ ਉਹ ਘਰੋਂ ਨਿਕਲੇ ਅਤੇ ਵੱਡੀ ਗਿਣਤੀ ਵਿਚ ਪੁਲਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ, ਅੰਮ੍ਰਿਤਪਾਲ ਨੇ ਪੁਲਸ ਦੇ ਰਵੱਈਏ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ 18 ਮਾਰਚ ਦੀ ਘਟਨਾ ਤੋਂ ਬਾਅਦ ਇੰਟਰਨੈੱਟ ਬੰਦ ਹੋਣ ਕਰਕੇ ਉਹ ਕਿਸੇ ਨਾਲ ਸੰਪਰਕ ਨਹੀਂ ਕਰ ਸਕਿਆ।
ਅੰਮ੍ਰਿਤਪਾਲ ਨੇ ਕਿਹਾ ਕਿ ਇਹ ਮਸਲਾ ਸਿਰਫ ਮੇਰੀ ਗ੍ਰਿਫ਼ਤਾਰੀ ਦਾ ਨਹੀਂ ਹੈ, ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਇਹ ਮਸਲਾ ਵਿਚਾਰਨਾ ਚਾਹੀਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਦਾ ਇਕੱਠ ਕਰਨਾ ਚਾਹੀਦਾ ਹੈ। ਸਿੱਖ ਕੌਮ ਦੇ ਇਸ ਵੱਡੇ ਮਸਲੇ ’ਤੇ ਜਥੇਦਾਰ ਸਾਹਿਬ ਆਪ ਅੱਗੇ ਆ ਕੇ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ, ਪਿੰਡਾਂ ਵਿਚ ਵਹੀਰਾਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸੱਦਿਆਂ ਜਾਣ ਵਾਲਾ ਸਰਬੱਤ ਖਾਲਸਾ ਉਹ ਸਰਬੱਤ ਖਾਲਸਾ ਹੋਣਾ ਚਾਹੀਦਾ ਹੈ ਅਬਦਾਲੀ ਦੇ ਘੱਲੂਘਾਰੇ ਤੋਂ ਬਾਅਦ ਬੁਲਾਇਆ ਗਿਆ ਸੀ। ਉਸ ਸਮੇਂ ਵੱਡਾ ਸਰਬੱਤ ਖਾਲਸਾ ਹੋਇਆ ਸੀ, ਜੇ ਪੰਜਾਬ ਦੀ ਜਵਾਨੀ ਬਚਾਉਣਾ ਹੈ, ਪੰਜਾਬ ਨੂੰ ਬਚਾਉਣਾ ਹੈ ਤਾਂ ਸਭ ਨੂੰ ਅੱਗੇ ਆਉਣਾ ਪਵੇਗਾ।