ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ

ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ

ਜਲੰਧਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਹਰਲੇ ਲੋਕ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਬਾਹਰਲਿਆਂ ਦੇ ਹੱਥ ਸੌਂਪ ਦਿੱਤੀ ਹੈ ਜਿਸ ਕਾਰਨ ਸੂਬੇ ਦਾ ਮਾਹੌਲ ਵਿਗੜਿਆ ਹੋਇਆ ਹੈ। ਉਹ ਇੱਥੇ ਰਾਮਨੌਮੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ’ਚ ਵਰਕਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਬਾਦਲ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰ ਦੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਨਿਰਦੋਸ਼ ਸਿੱਖ ਨੌਜਵਾਨਾਂ ਨਾਲ ਵਧੀਕੀਆਂ ਦੇ ਹੁਕਮ ਦਿੱਤੇ ਗਏ ਸਨ ਜਿਨ੍ਹਾਂ ਦੀ ਉਹ ਨਿਖੇਧੀ ਕਰਦੇ ਹਨ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀਆਂ ਕੋਸ਼ਿਸ਼ਾਂ ਸਦਕਾ 100 ਤੋਂ ਵੱਧ ਨੌਜਵਾਨ ਰਿਹਾਅ ਹੋਏ ਹਨ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕਣ। ਇਸ ਤੋਂ ਪਹਿਲਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਤਤਕਾਲੀ ਸਰਕਾਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਅਤੇ ਲੋਕ ਭਲਾਈ ਲਈ ਯੋਜਨਾਵਾਂ ਸ਼ੁਰੂ ਕਰਨ ਲਈ ਜਾਣੀ ਜਾਂਦੀ ਸੀ, ਪਰ ਹੁਣ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਇਕ ਸਾਲ ਵਿੱਚ ਇਕ ਵੀ ਪ੍ਰਾਜੈਕਟ ਸ਼ੁਰੂ ਨਹੀਂ ਕੀਤਾ। ਇਸ ਦੇ ਬਾਵਜੂਦ ‘ਆਪ’ ਸਰਕਾਰ ਨੇ ਸੂਬੇ ਨੂੰ ਗੈਂਗਸਟਰਾਂ ਹਵਾਲੇ ਕਰ ਦਿੱਤਾ ਹੈ ਅਤੇ ਕਾਨੂੰਨ ਵਿਵਸਥਾ ਦੇ ਹਾਲਾਤ ਸਭ ਤੋਂ ਹੇਠਲੇ ਪੱਧਰ ’ਤੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦੇ ਵੋਟਰ ਕਥਿਤ ਭ੍ਰਿਸ਼ਟ ਤੇ ਘੁਟਾਲਿਆਂ ਨਾਲ ਭਰੀ ਇਸ ਸਰਕਾਰ ਨੂੰ ਅਗਲੇ ਮਹੀਨੇ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿਚ ਸਬਕ ਸਿਖਾਉਣਗੇ। ਇਸ ਮੌਕੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਹਾਜ਼ਰ ਸਨ।