ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦੀ ਸਮੀਖਿਆ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦੀ ਸਮੀਖਿਆ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭ ਕੀਤੀ ਦਸਤਖ਼ਤੀ ਮੁਹਿੰਮ ਦੀ ਸਮੀਖਿਆ ਵਾਸਤੇ ਮੀਟਿੰਗ ਕੀਤੀ ਗਈ ਜਿਸ ਵਿਚ ਇਸ ਮੁਹਿੰਮ ਨੂੰ ਖਾਲਸਾ ਸਾਜਨਾ ਦਿਵਸ ਤਕ ਵਧੇਰੇ ਸਰਗਰਮੀ ਨਾਲ ਅੱਗੇ ਵਧਾਉਣ ਲਈ ਆਖਿਆ ਗਿਆ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਸ ਸਬੰਧ ਵਿਚ ਮੀਟਿੰਗ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸਕੱਤਰ ਪ੍ਰਤਾਪ ਸਿੰਘ ਨੇ ਪ੍ਰਚਾਰਕਾਂ ਨੂੰ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੀ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਤੱਕ ਜ਼ੋਰ ਸ਼ੋਰ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਪ੍ਰੋਫਾਰਮੇ ਭਰ ਕੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾ ਸਕਣ।

ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਚਾਰਕਾਂ ਨੂੰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਵੱਧ ਤੋਂ ਵੱਧ ਸੰਗਤਾਂ ਨੂੰ ਜਾਗਰੂਕ ਕਰਨ ਅਤੇ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦਾ ਮੁੱਖ ਸਮਾਗਮ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ 5 ਮਈ ਨੂੰ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਰਾਜਿੰਦਰ ਸਿੰਘ ਰੂਬੀ, ਇੰਚਾਰਜ ਕਰਤਾਰ ਸਿੰਘ, ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਹਾਜ਼ਰ ਸਨ।