ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ

ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ

ਅੰਮ੍ਰਿਤਸਰ- ਪੰਜਾਬ ਕਾਂਗਰਸ ਵੱਲੋਂ ਅੱਜ ਇਥੇ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਵਿੱਚ ਸ਼ਾਮਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਮੋਦੀ ਸਰਕਾਰ ਦੀ ਕਥਿਤ ਤਾਨਾਸ਼ਾਹੀ ਖ਼ਿਲਾਫ਼ ਇਕਜੁੱਟ ਹੋਣ ਤਾਂ ਜੋ ਦੇਸ਼ ਵਿਚ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਇਆ ਜਾ ਸਕੇ। ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਅਤੇ ਉਸ ਤੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਏ ਜਾਣ ਦੇ ਮਾਮਲੇ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਅੱਜ ਸਥਾਨਕ ਹਾਲ ਗੇਟ ਤੋਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਲੋਕ ਇਕਜੁੱਟ ਹੋਣ। ਉਨ੍ਹਾਂ ਨੇ ਦੇਸ਼ ਦੀਆਂ ਵਿਰੋਧੀ ਧਿਰਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਇਹ ਲੜਾਈ ਰਾਹੁਲ ਗਾਂਧੀ ਦੀ ਨਹੀਂ ਸਗੋਂ ਦੇਸ਼ ਵਿਚ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਵੱਲੋਂ ਸੰਸਦ ਵਿੱਚ ਪ੍ਰਧਾਨ ਮੰਤਰੀ ਕੋਲੋਂ ਅਡਾਨੀ ਅਤੇ ਹੋਰ ਮਾਮਲਿਆਂ ਬਾਰੇ ਪੁੱਛੇ ਗਏ ਸਵਾਲਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਮੋਦੀ ਸਰਕਾਰ ਨੇ ਵਿਰੋਧੀ ਧਿਰਾਂ ਨੂੰ ਸੰਕੇਤ ਦਿੱਤਾ ਹੈ ਕਿ ਜੇਕਰ ਕੋਈ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਸਵਾਲ ਪੁੱਛੇਗਾ ਤਾਂ ਉਸ ਦਾ ਇਹ ਹਾਲ ਹੋਵੇਗਾ। ਇਸ ਮੌਕੇ ਹਰੀਸ਼ ਚੌਧਰੀ ਨੇ ਆਖਿਆ ਕਿ ਰਾਹੁਲ ਗਾਂਧੀ ਵੱਲੋਂ ਆਪਣੀ ਪੈਦਲ ਯਾਤਰਾ ਦੌਰਾਨ ਨੋਟਬੰਦੀ, ਕਰੋਨਾ ਅਤੇ ਚੀਨ ਨਾਲ ਝੜਪਾਂ ਤੇ ਦੇਸ਼ ਨਾਲ ਜੁੜੇ ਮੁੱਦੇ ਉਭਾਰੇ ਗਏ ਸਨ। ਇਸੇ ਵਾਸਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਇਸੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਅੱਜ ਜੱਲ੍ਹਿਆਂਵਾਲਾ ਬਾਗ ਤੋਂ ਦੇਸ਼ ਦੇ ਲੋਕਾਂ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਪ੍ਰਤੀ ਸੁਚੇਤ ਕੀਤਾ ਗਿਆ ਹੈ। ਪੰਜਾਬ ਵਿਚ ਮੌਜੂਦਾ ਹਾਲਾਤਾਂ ਲਈ ਮੁੱਖ ਮੰਤਰੀ ਨੂੰ ਦੋਸ਼ੀ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।