ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੈ ਕੇਂਦਰ: ਵੜਿੰਗ

ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੈ ਕੇਂਦਰ: ਵੜਿੰਗ

ਕਾਂਗਰਸ ਵੱਲੋਂ ਭਾਜਪਾ ਦੇ ਤਾਨਾਸ਼ਾਹ ਵਤੀਰੇ ਖ਼ਿਲਾਫ਼ ‘ਸੰਵਿਧਾਨ ਬਚਾਓ’ ਮੁਹਿੰਮ
ਅੰਮ੍ਰਿਤਸਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਕਿ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਭਾਜਪਾ ਦੇ ਤਾਨਾਸ਼ਾਹ ਵਤੀਰੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ‘ਸੰਵਿਧਾਨ ਬਚਾਓ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਇਕ ਮਹੀਨਾ ਕਾਂਗਰਸੀ ਆਗੂ ਲੋਕਾਂ ਕੋਲ ਜਾ ਕੇ ਉਨ੍ਹਾਂ ਨੂੰ ਜਾਗਰੂਕ ਕਰਨਗੇ।

ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਲਏ ਗਏ ਫ਼ੈਸਲੇ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਇਹ ਜਮਹੂਰੀਅਤ ਦਾ ਕਤਲ ਤੇ ਸੰਵਿਧਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਂਗਰਸ ਵੱਲੋਂ, ਜੋ ਲੜਾਈ ਆਰੰਭੀ ਗਈ ਹੈ, ਉਹ ਸਿਰਫ਼ ਰਾਹੁਲ ਗਾਂਧੀ ਦੀ ਨਹੀਂ, ਸਗੋਂ ਦੇਸ਼ ਵਿੱਚ ਜਮਹੂਰੀਅਤ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਇਸ ਤਹਿਤ ਪਾਰਟੀ ਵੱਲੋਂ ਵਿਰੋਧੀ ਧਿਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ ਕਿ ਦੇਸ਼ ਨੂੰ ਬਚਾਉਣ ਲਈ ਉਹ ਇਕਜੁੱਟ ਹੋਣ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਆਈ ਹੈ, ਉਸ ਵੇਲੇ ਤੋਂ ਹੀ ਗਾਂਧੀ ਪਰਿਵਾਰ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਨ੍ਹਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਵਾਸਤੇ ਈਡੀ ਤੇ ਹੋਰ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਬਾਰੇ ਗੱਲ ਕਰਦਿਆਂ ਸ੍ਰੀ ਵੜਿੰਗ ਨੇ ਕਿਹਾ ਕਿ ਜੇਕਰ ਉਹ ਖਾਲਸਾ ਵਹੀਰ ਚਲਾਉਂਦਾ ਹੈ, ਅੰਮ੍ਰਿਤਪਾਨ ਕਰਾਉਂਦਾ ਹੈ ਜਾਂ ਧਰਮ ਪ੍ਰਚਾਰ ਕਰਦਾ ਹੈ ਤਾਂ ਕਾਂਗਰਸ ਨੂੰ ਕੋਈ ਇਤਰਾਜ਼ ਨਹੀਂ, ਪਰ ਵੱਖਰੇ ਰਾਜ ਤੇ ਖਾਲਿਸਤਾਨ ਦੀ ਮੰਗ ਨਾਲ ਕਾਂਗਰਸ ਕਦੇ ਵੀ ਸਹਿਮਤ ਨਹੀਂ ਹੋਵੇਗੀ। ਕਾਂਗਰਸ ਇਸ ਮੰਗ ਦਾ ਵਿਰੋਧ ਕਰਦੀ ਹੈ ਤੇ ਇਹ ਮੰਗ ਕਰਨ ਵਾਲਿਆਂ ਖ਼ਿਲਾਫ਼ ਹਮੇਸ਼ਾ ਡੱਟ ਕੇ ਖੜ੍ਹੀ ਹੈ। ਉਨ੍ਹਾਂ ਆਪਣੀ ਨਿੱਜੀ ਰਾਏ ਦਿੰਦਿਆਂ ਕਿਹਾ ਕਿ ਦੇਸ਼ ਦੀ ਨਿਆਂ ਪ੍ਰਣਾਲੀ ’ਤੇ ਭਰੋਸਾ ਰੱਖਦਿਆਂ ਅੰਮ੍ਰਿਤਪਾਲ ਨੂੰ ਪੁਲੀਸ ਅੱਗੇ ਆਤਮ ਸਮਰਪਣ ਕਰ ਦੇਣਾ ਚਾਹੀਦਾ ਹੈ। ਸੂਬੇ ਦੇ ਪਿਛਲੇ ਕੁਝ ਦਿਨਾਂ ਦੇ ਹਾਲਾਤ ਬਾਰੇ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਇੱਕ ਸੋਚੀ ਸਮਝੀ ਚਾਲ ਹੈ ਤੇ ਸਰਕਾਰਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੁਨਾਹਗਾਰ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ, ਪਰ ਕਿਸੇ ਵੀ ਬੇਕਸੂਰ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ । ਨਵਜੋਤ ਸਿੰਘ ਸਿੱਧੂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਉਹ ਤੇ ਸਮੁੱਚੀ ਕਾਂਗਰਸ ਉਨ੍ਹਾਂ ਦੀ ਵਾਪਸੀ ਦਾ ਸਵਾਗਤ ਕਰਦੀ ਹੈ।