ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਸਿਰਫ਼ ਮੁੱਖ ਮੰਤਰੀ ਦੀ ਮੰਗ: ਚੰਦੂਮਾਜਰਾ

ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਸਿਰਫ਼ ਮੁੱਖ ਮੰਤਰੀ ਦੀ ਮੰਗ: ਚੰਦੂਮਾਜਰਾ

‘ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਸਰਕਾਰ ਸੁਹਿਰਦ ਨਹੀਂ’
ਸ੍ਰੀ ਆਨੰਦਪੁਰ ਸਾਹਿਬ –
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਦੇ ਸਬੰਧ ਵਿੱਚ ਅੱਜ ਇੱਥੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਦੱਸਣ ਮੁਤਾਬਕ ਕੇਂਦਰੀ ਸੁਰੱਖਿਆ ਬਲਾਂ ਦੀ ਸੂਬੇ ਅੰਦਰ ਤਾਇਨਾਤੀ ਦੀ ਮੰਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਸੀ। ਚੰਦੂਮਾਜਰਾ ਨੇ ਕਿਹਾ ਕਿ ਇਹ ਮੰਗ ਸੂਬੇ ਦੇ ਵਸਨੀਕਾਂ ਦੀ ਨਹੀਂ ਹੈ ਕਿਉਂਕਿ ਆਮ ਲੋਕ ਸਿਰਫ਼ ਪੰਜਾਬ ਦੀ ਤਰੱਕੀ ਤੇ ਅਮਨ ਸ਼ਾਂਤੀ ਮੰਗਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਆਪਣੇ ਲੋਕਾਂ ਦੀ ਸਹੀ ਤਰਜਮਾਨੀ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੇਂਦਰ ਅੱਗੇ ਡੈਮਾਂ ਲਈ ਪੰਜਾਬ ਦੀ ਸਥਾਈ ਮੈਂਬਰਸ਼ਿਪ ਦੀ ਮੰਗ ਕਰਨੀ ਚਾਹੀਦੀ ਸੀ। ਚੰਦੂਮਾਜਰਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਮੁੱਦਿਆਂ ਬਾਰੇ ਗੱਲ ਕਰਨ ਦੀ ਥਾਂ ਪੰਜਾਬ ਵਿੱਚ ਕੇਂਦਰੀ ਸੁਰੱਖਿਆ ਬਲ ਲਾ ਕੇ ਸੂਬੇ ’ਚ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੇਮੌਸਮੇ ਮੀਂਹ ਪੈਣ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਬਿਲਕੁਲ ਵੀ ਸੁਹਿਰਦ ਦਿਖਾਈ ਨਹੀਂ ਦੇ ਰਹੇ ਕਿਉਂਕਿ ਵੱਡੇ ਵੱਡੇ ਦਾਅਵਿਆਂ ਦੇ ਬਾਵਜੂਦ ਖੇਤੀਬਾੜੀ ਤੇ ਰੈਵੇਨਿਊ ਵਿਭਾਗ ਵੱਲੋਂ ਬਣਾਈਆਂ ਗਈਆਂ ਟੀਮਾਂ ਦਾ ਕੰਮ ਹਾਲੇ ਤੱਕ ਪੂਰਾ ਨਹੀਂ ਹੋਇਆ ਹੈ।