ਅਸਾਮ ਵਿੱਚ ‘ਆਪ’ ਸਰਕਾਰ ਬਣਨ ’ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਵਾਂਗੇ: ਕੇਜਰੀਵਾਲ

ਅਸਾਮ ਵਿੱਚ ‘ਆਪ’ ਸਰਕਾਰ ਬਣਨ ’ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਵਾਂਗੇ: ਕੇਜਰੀਵਾਲ

‘ਆਪ’ ਸੁਪਰੀਮੋ ਨੇ ਰੈਲੀ ਦੌਰਾਨ ਮੁਫ਼ਤ ਬਿਜਲੀ ਦੇਣ ਦਾ ਵੀ ਕੀਤਾ ਵਾਅਦਾ
ਗੁਹਾਟੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ ਜੇ ਉਹ ਉੱਤਰ-ਪੂਰਬੀ ਸੂਬੇ ਵਿੱਚ ਸੱਤਾ ਵਿੱਚ ਆਏ ਤਾਂ ਉਹ ਅਸਾਮ ਦੇ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਸੱਤ ਵਰ੍ਹਿਆਂ ਵਿੱਚ ਦਿੱਲੀ ਦਾ ਚਿਹਰਾ-ਮੋਹਰਾ ਬਦਲ ਕੇ ਰੱਖ ਦਿੱਤਾ ਹੈ। ਦੂਜੇ ਪਾਸੇ ਅਸਾਮ ਵਿੱਚ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਭਾਜਪਾ ਸਰਕਾਰ ਨੇ ਇੱਥੇ ਕੁਝ ਨਹੀਂ ਸੰਵਾਰਿਆ। ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ,‘ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਜੇ ਅਸਾਮ ਵਿੱਚ ਸਾਡੀ ਸਰਕਾਰ ਬਣਦੀ ਹੈ, ਇੱਥੇ ਵੀ ਇਹ ਸਹੂਲਤ ਦਿੱਤੀ ਜਾਵੇਗੀ।’ ਉਨ੍ਹਾਂ ਵਾਅਦਾ ਕੀਤਾ ਕਿ ਜੇ ‘ਆਪ’ ਸੱਤਾ ਵਿੱਚ ਆਉਂਦੀ ਹੈ ਤਾਂ ਅਸਾਮ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਵਿੱਚ ਦਿੱਲੀ ਦੇ 12 ਲੱਖ ਲੋਕਾਂ ਅਤੇ ਇਕ ਸਾਲ ਵਿੱਚ ਪੰਜਾਬ ਦੇ 28 ਹਜ਼ਾਰ ਲੋਕਾਂ ਨੂੰ ਇਕ ਸਾਲ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਦੇ ਨਾਲ ਕੇਜਰੀਵਾਲ ਨੇ ਭਰੋਸਾ ਦਿੱਤਾ ਕਿ ‘ਆਪ’ ਸਰਕਾਰ ਦੇ ਬਣਨ ਦੇ ਇਕ ਸਾਲ ਦੇ ਅੰਦਰ ਗੁਹਾਟੀ ਦੇ ਸਾਰੇ ਘਰਾਂ ਵਿੱਚ ਪਾਈਪਾਂ ਰਾਹੀਂ ਪਾਣੀ ਪਹੁੰਚਾਇਆ ਜਾਵੇਗਾ।