ਵਿਰੋਧੀਆਂ ਕੋਲ ਮੋਦੀ ਦੇ ਮੁਕਾਬਲੇ ਦਾ ਕੋਈ ਆਗੂ ਨਹੀਂ: ਮੇਘਵਾਲ

ਵਿਰੋਧੀਆਂ ਕੋਲ ਮੋਦੀ ਦੇ ਮੁਕਾਬਲੇ ਦਾ ਕੋਈ ਆਗੂ ਨਹੀਂ: ਮੇਘਵਾਲ

ਅਜਨਾਲਾ – ਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਵਿੱਢ ਦਿੱਤੀਆਂ ਹਨ। ਇਸ ਤਹਿਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ਿਰਕਤ ਕੀਤੀ। ਮੇਘਵਾਲ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਵੀ ਹਨ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇੱਕ ਵਾਰ ਮੁੜ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਰਿੰਦਰ ਮੋਦੀ ਦੇ ਮੁਕਾਬਲੇ ਦਾ ਕੋਈ ਉਮੀਦਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਮਾਮਲੇ ਵਿੱਚ ਵਿਰੋਧੀਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਚਾਰ ਕਰਨਾ ਗਲਤ ਹੈ। ਰਾਹੁਲ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੀ ਸਥਿਤੀ ਤੋਂ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਜਿੱਤੇਗਾ। ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਤੇ ਹੋਰ ਹਾਜ਼ਰ ਸਨ।

ਭਾਜਪਾ ਵੱਲੋਂ ਸਿੱਖਾਂ ਨੂੰ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼

ਮੀਟਿੰਗ ਦੌਰਾਨ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਿੱਖ ਭਾਈਚਾਰੇ ਨੂੰ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਸਿੱਖਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਦੇਣ, ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਬਾਲ ਵੀਰ ਦਿਵਸ ਵਜੋਂ ਮਨਾਉਣ ਅਤੇ ਭਗਤਾਂ ਦੇ ਨਾਮ ’ਤੇ ਯਾਦਗਾਰਾਂ ਬਣਾਉਣ ਸਮੇਤ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ।