ਫਸਲਾਂ ਦੇ ਨੁਕਸਾਨ ਲਈ ਕੇਂਦਰ ਵਿਸ਼ੇਸ਼ ਪੈਕੇਜ ਐਲਾਨੇ: ਰਾਘਵ

ਫਸਲਾਂ ਦੇ ਨੁਕਸਾਨ ਲਈ ਕੇਂਦਰ ਵਿਸ਼ੇਸ਼ ਪੈਕੇਜ ਐਲਾਨੇ: ਰਾਘਵ

ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ’ਚ ਬੇਮੌਸਮੇ ਮੀਂਹ, ਗੜੇਮਾਰੀ ਅਤੇ ਝੱਖੜ ਕਰਕੇ ਹਾੜੀ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਤੋਂ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਨੇ ਜ਼ਿਲ੍ਹਾ ਰੂਪਨਗਰ ਸਣੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ। ਇਸ ਮਗਰੋਂ ਰਾਜ ਸਭਾ ਮੈਂਬਰ ਨੇ ਕੇਂਦਰੀ ਵਿੱਚ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ’ਚ ਬੇਮੌਸਮੇ ਮੀਂਹ ਤੇ ਗੜੇਮਾਰੀ ਕਰਕੇ ਨੁਕਸਾਨੀਆਂ ਗਈਆਂ ਫਸਲਾਂ ਦੀ ਭਰਪਾਈ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਖਰਾਬ ਹੋ ਚੁੱਕੀ ਕਣਕ ਦੇ ਨਮੂਨੇ ਵੀ ਭੇਜੇ ਹਨ। ਸ੍ਰੀ ਚੱਢਾ ਨੇ ਕਿਹਾ, ‘‘ਪੰਜਾਬ ਵਿੱਚ 34.9 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ। ਬੇਮੌਸਮੇ ਮੀਂਹ ਤੇ ਗੜੇਮਾਰੀ ਕਰਕੇ ਇਸ ਵਿੱਚੋਂ ਲਗਪਗ 40 ਫ਼ੀਸਦ (14 ਲੱਖ ਹੈਕਟੇਅਰ) ਫਸਲ ਪ੍ਰਭਾਵਿਤ ਹੋਈ ਹੈ, ਜਿਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ।’’

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫ਼ਸਲਾਂ ਦੇ ਖਰਾਬੇ ਦੀ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਖਰਾਬ ਫ਼ਸਲਾਂ ਲਈ ਮੁਆਵਜ਼ਾ ਰਾਸ਼ੀ 12 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ ਜਦਕਿ ਅਜਿਹੇ ਹਾਲਾਤ ਵਿੱਚ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ਾਂ ਕਰ ਰਹੀ ਹੈ। ਰਾਜ ਸਭਾ ਮੈਂਬਰ ਨੇ ਮੰਗ ਕੀਤੀ, ‘‘ਪੰਜਾਬ ਵਿੱਚ ਬੇਮੌਸਮੇ ਮੀਂਹ ਕਰਕੇ ਖਰਾਬ ਹੋ ਚੁੱਕੀ ਕਣਕ ਦੀ ਫਸਲ ਦੀ ਭਰਪਾਈ ਲਈ ਕੇਂਦਰ ਸਰਕਾਰ ਵੀ ਕਿਸਾਨਾਂ ਦੀ ਬਾਂਹ ਫੜੇ। ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ, ਜਿਸ ਲਈ ਅੱਜ ਪੰਜਾਬ ਦੇ ਕਿਸਾਨਾਂ ਸਿਰ ਪਈ ਬਿਪਤਾ ਦੀ ਘੜੀ ਵਿੱਚ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ।’’ ਰਾਜ ਸਭਾ ਮੈਂਬਰ ਨੇ ਅਪੀਲ ਕੀਤੀ ਕਿ ਕੇਂਦਰੀ ਵਿੱਤ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ।