ਜਲੰਧਰ ਉਪ-ਚੋਣ ਲਈ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰੇਗਾ: ਸੁਖਬੀਰ ਬਾਦਲ

ਜਲੰਧਰ ਉਪ-ਚੋਣ ਲਈ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰੇਗਾ: ਸੁਖਬੀਰ ਬਾਦਲ

ਜਲੰਧਰ- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਤਾਲਮੇਲ ਕਮੇਟੀ ਨੇ ਅੱਜ ਫ਼ੈਸਲਾ ਕੀਤਾ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਉਪ ਚੋਣ ਵਿਚ ਬਸਪਾ ਦੀ ਹਮਾਇਤ ਨਾਲ ਅਕਾਲੀ ਦਲ ਦਾ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ। ਇੱਥੋਂ ਦੇ ਪੰਜਾਬ ਪ੍ਰੈਸ ਕੱਲਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੀ ਪ੍ਰੋੜਤਾ ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਵੀ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਪ ਚੋਣ ਲਈ ਰਸਮੀ ਪ੍ਰਚਾਰ 10 ਅਪਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਰੇ ਆਗੂ ਤੇ ਵਰਕਰ ਇਸ ਮੁਹਿੰਮ ਦਾ ਹਿੱਸਾ ਬਣਨਗੇ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਦਫ਼ਤਰੀ ਸਮਾਂ 2 ਮਈ ਤੋਂ ਸਵੇਰੇ 7.30 ਵਜੇ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਇਸ ਕਰ ਕੇ ਲਿਆ ਗਿਆ ਹੈ ਕਿਉਂਕਿ ‘ਆਪ’ ਸਰਕਾਰ ਗਰਮੀਆਂ ਦੇ ਮਹੀਨੇ ਵਿਚ ਲੋੜੀਂਦੀ ਬਿਜਲੀ ਦਾ ਪ੍ਰਬੰਧ ਕਰਨ ਵਿਚ ਅਸਫ਼ਲ ਰਹੀ ਹੈ। ਮੁੱਖ ਮੰਤਰੀ ਨੇ ਇਸ ਫੈਸਲੇ ਰਾਹੀਂ ਇਹ ਐਲਾਨ ਕਰ ਦਿੱਤਾ ਹੈ ਕਿ ਪੰਜਾਬੀ ਵੱਡੇ ਬਿਜਲੀ ਕੱਟਾਂ ਲਈ ਤਿਆਰ ਰਹਿਣ। ਇਸ ਕਾਰਨ ਝੋਨੇ ਦੀ ਲੁਆਈ ਵੀ ਖ਼ਤਰੇ ਵਿਚ ਪੈ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਜੇ ਤੱਕ ਕਣਕਾਂ ਦੇ ਹੋਏ ਨੁਕਸਾਨ ਬਾਰੇ ਗਿਰਦਾਵਰੀਆਂ ਸ਼ੁਰੂ ਨਹੀਂ ਕੀਤੀਆਂ ਤੇ ਨਾ ਹੀ ਹਾਲੇ ਤੱਕ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।