ਪੰਜਾਬ ਮੰਤਰੀ ਮੰਡਲ ਦੀ ਮੀਟਿੰਗ – ਕਣਕ ਦੇ ਖਰੀਦ ਮਾਪਦੰਡਾਂ ’ਚ ਕੇਂਦਰ ਤੋਂ ਛੋਟ ਦੀ ਮੰਗ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ – ਕਣਕ ਦੇ ਖਰੀਦ ਮਾਪਦੰਡਾਂ ’ਚ ਕੇਂਦਰ ਤੋਂ ਛੋਟ ਦੀ ਮੰਗ

ਕੇਂਦਰ ਸਰਕਾਰ ਨੂੰ ਫਸਲੀ ਨੁਕਸਾਨ ਲਈ ਮੁਆਵਜ਼ੇ ਵਿੱਚ ਹਿੱਸਾ ਵਧਾਉਣ ਦੀ ਅਪੀਲ; ਗਿਰਦਾਵਰੀ ਰਿਪੋਰਟ ਦੇ ਆਧਾਰ ’ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫ਼ੈਸਲਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਕਿਸਾਨਾਂ ਦੀ ਨੁਕਸਾਨੀ ਫ਼ਸਲ ਬਾਰੇ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਤੋਂ ਫ਼ਸਲੀ ਖਰਾਬੇ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ’ਚ ਕਣਕ ਦੇ ਖਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਪੰਜਾਬ ’ਚ ਬੇਮੌਸਮੇ ਮੀਂਹ, ਤੇਜ਼ ਹਵਾਵਾਂ ਤੇ ਗੜਿਆਂ ਕਾਰਨ ਫ਼ਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ। ਖੇਤਾਂ ’ਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਦਾ ਦਾਣਾ ਵੀ ਬਦਰੰਗ ਹੋ ਗਿਆ। ਇਸ ਲਈ ਕੇਂਦਰ ਸਰਕਾਰ ਨੂੰ ਕਣਕ ਦੇ ਦਾਣੇ ਦੇ ਸੁੰਗੜਨ, ਬਦਰੰਗੀ ਤੇ ਨਮੀਸਬੰਧੀ ਮਾਪਦੰਡਾਂ ’ਚ ਛੋਟ ਦਿੱਤੀ ਜਾਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ’ਚ ਕੇਂਦਰ ਸਰਕਾਰ ਦਾ ਹਿੱਸਾ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 75 ਫੀਸਦੀ ਤੋਂ ਵੱਧ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ’ਚ ਆਪਣਾ ਹਿੱਸਾ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਅਬੋਹਰ ’ਚ ਜਨਤਕ ਸਮਾਗਮ ਕਰਕੇ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਬਦਲੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ। ਇਸ ਤੋਂ ਬਾਅਦ ਗਿਰਦਾਵਰੀ ਦੀ ਰਿਪੋਰਟ ਆਉਣ ’ਤੇ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਦਿੱਤੇ ਜਾਣਗੇ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਤੀ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ 72 ਫ਼ੀਸਦ ਲੋਕ ਸਿੱਧੇ ਜਾਂ ਅਸਿੱਧੇ ਢੰਗ ਨਾਲ ਖੇਤੀਬਾੜੀ ਨਾਲ ਜੁੜੇ ਹੋਏ ਹਨ। ਇਸ ਲਈ ਪੰਜਾਬ ਦੀ ਖੇਤੀ ਨੂੰ ਪਿੱਛੇ ਨਹੀਂ ਜਾਣ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗਿਰਦਾਵਰੀ ਦੇ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐੱਸ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਇਸ ਦੇ ਨਾਲ ਹੀ ਅੱਜ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਚੇਅਰਮੈਨ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ’ਚ ਆਪਣੀ ਨਿਗਰਾਨੀ ਹੇਠ ਗਿਰਦਾਵਰੀਆਂ ਕਰਵਾਉਣ ਦੀ ਹਦਾਇਤ ਕੀਤੀ ਹੈ, ਤਾਂ ਜੋ ਗਿਰਦਾਵਰੀ ਦੇ ਕੰਮ ਨੂੰ ਸਹੀ ਢੰਗ ਨਾਲ ਅਤੇ ਜਲਦ ਨੇਪਰੇ ਚਾੜ੍ਹਿਆ ਜਾ ਸਕੇ।

ਮਜੀਠੀਆ ਦੇ ਸਵਾਲ ’ਤੇ ਭੜਕੇ ਧਾਲੀਵਾਲ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮਗਰੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਸਵਾਲ ਪੁੱਛੇ ਜਾਣ ’ਤੇ ਭੜਕ ਗਏ। ਉਨ੍ਹਾਂ ਕਿਹਾ,‘ਮਜੀਠੀਆ ਕੀ ਹੈ, ਇਸ ਸਮੇਂ ਪੰਜਾਬ ਸਰਕਾਰ ਕਿਸਾਨਾਂ ਬਾਰੇ ਗੱਲ ਕਰ ਰਹੀ ਹੈ। ਮਜੀਠੀਆ ਨੂੰ ਛੱਡੋ।’

ਉਮਰ ਕੈਦੀ ਦੀ ਛੇਤੀ ਰਿਹਾਈ ਦੇ ਕੇਸ ਨੂੰ ਹਰੀ ਝੰਡੀ

ਪੰਜਾਬ ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ’ਚ ਬੰਦ ਇਕ ਕੈਦੀ ਦੀ ਛੇਤੀ ਰਿਹਾਈ ਦਾ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸਜ਼ਾ ’ਚ ਵਿਸ਼ੇਸ਼ ਛੋਟ ਜਾਂ ਜਲਦੀ ਰਿਹਾਈ ਦਾ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ।