ਸਿੱਖ ਰਾਜ ਦੇ ਝੰਡੇ ਬਾਰੇ ਗ਼ਲਤ ਜਾਣਕਾਰੀ ਦੇਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਸਿੱਖ ਰਾਜ ਦੇ ਝੰਡੇ ਬਾਰੇ ਗ਼ਲਤ ਜਾਣਕਾਰੀ ਦੇਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਬੰਦੀ ਸਿੰਘਾਂ ਦੀ ਰਿਹਾਈ ਲਈ 25 ਲੱਖ ਤੋਂ ਵੱਧ ਪ੍ਰੋਫਾਰਮੇ ਭਰੇ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਨਾਲ ਸਬੰਧਤ ਝੰਡੇ ਅਤੇ ਸਿੱਖ ਰਿਆਸਤਾਂ ਦੇ ਨਿਸ਼ਾਨਾਂ ਨੂੰ ਵੱਖਵਾਦੀ ਸਮੱਗਰੀ ਦੱਸਣ ਵਾਲੇ ਪੁਲੀਸ ਅਧਿਕਾਰੀ ਸਮੇਤ 10 ਮੀਡੀਆ ਚੈਨਲਾਂ ਨੂੰ ਗਲਤ ਜਾਣਕਾਰੀ ਪੇਸ਼ ਕਰ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੀ। ਇਸ ਤੋਂ ਇਲਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕਈ ਹੋਰ ਫੈਸਲੇ ਵੀ ਲਏ ਗਏ। ਐਡਵੋਕੇਟ ਧਾਮੀ ਨੇ ਦੱਸਿਆ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਅਤੇ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੀ ਫੜੋ-ਫੜੀ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਦੀ ਸਰਕਾਰ-ਏ-ਖਾਲਸਾ ਦੇ ਝੰਡੇ ਅਤੇ ਸਿੱਖ ਰਿਆਸਤਾਂ ਦੇ ਨਿਸ਼ਾਨਾਂ ਨੂੰ ਵੱਖਵਾਦੀ ਸਮੱਗਰੀ ਵਜੋਂ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਗੰਭੀਰ ਨੋਟਿਸ ਲੈਂਦਿਆਂ ਗਲਤ ਜਾਣਕਾਰੀ ਦੇ ਕੇ ਸਿੱਖਾਂ ਨੂੰ ਬਦਨਾਮ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਹੁਕਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਕ ਨੌਜਵਾਨ ਦੇ ਫੋਨ ਵਿੱਚੋਂ ਮਿਲੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਨਾਲ ਸਬੰਧਤ ਝੰਡੇ ਅਤੇ ਸਿੱਖ ਰਿਆਸਤਾਂ ਦੇ ਨਿਸ਼ਾਨਾਂ ਨੂੰ ਵੱਖਵਾਦੀ ਸਮੱਗਰੀ ਦੱਸਣ ਵਾਲੀ ਐੱਸਐੱਸਪੀ ਅਤੇ ਕੁਝ ਚੈਨਲਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਸਾਲ ਪਹਿਲੀ ਦਸੰਬਰ ਨੂੰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦਸਤਖ਼ਤੀ ਮੁਹਿੰਮ ਤਹਿਤ ਹੁਣ ਤੱਕ 25 ਲੱਖ ਤੋਂ ਵੱਧ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਜੋ ਅਗਲੇ ਦਿਨਾਂ ਵਿੱਚ ਇਕੱਠੇ ਕਰ ਕੇ ਪੰਜਾਬ ਦੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਇਹ ਪ੍ਰੋਫਾਰਮੇ ਰਾਜਪਾਲ ਨੂੰ ਸੌਂਪਣ ਤੋਂ ਇਕ ਦਿਨ ਪਹਿਲਾਂ ਅਕਾਲ ਤਖ਼ਤ ਸਾਹਿਬ ਵਿਖੇ ਇਕੱਠ ਕਰ ਕੇ ਅਰਦਾਸ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਨਾਲ ਮੁਲਾਕਾਤ

ਅੰਮ੍ਰਿਤਸਰ : ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਸ਼੍ਰੋਮਣੀ ਕਮੇਟੀ ਨੇ ਪੈਰਵੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿੱਥੇ ਅੱਜ ਅੱਠ ਸਿੱਖ ਨੌਜਵਾਨਾਂ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਗਈ, ਉੱਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿੱਚ ਅਸਾਮ ਗਏ ਵਫ਼ਦ ’ਚ ਐਡਵੋਕੇਟ ਮਨਦੀਪ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਸ਼ਰਮਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਅੱਠ ਸਿੱਖ ਨੌਜਵਾਨ ਠੀਕ-ਠਾਕ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ, ਜਿਸ ਤਹਿਤ ਅਗਲੀ ਕਾਨੂੰਨੀ ਪੈਰਵੀ ਜਾਰੀ ਰੱਖੀ ਜਾਵੇਗੀ।

ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਗੁਰੂ ਗੋਬਿੰਦ ਸਿੰਘ ਦੇ ਅਨਿੰਨ ਸ਼ਰਧਾਲੂ ਭਾਈ ਨਗਾਹੀਆ ਸਿੰਘ, ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 1964 ਦੇ ਸ਼ਹੀਦ, ਮੋਰਚਾ ਗੰਗਸਰ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਗਦਰੀ ਬਾਬਾ ਸ਼ਹੀਦ ਭਾਈ ਬੰਤਾ ਸਿੰਘ ਸੰਘਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਨੇ ਨਿਭਾਈ। ਸ੍ਰੀ ਧਾਮੀ ਨੇ ਕਿਹਾ ਕਿ ਭਾਈ ਨਗਾਹੀਆ ਸਿੰਘ ਨੇ ਗੁਰੂ ਗੋਬਿੰਦ ਸਿੰਘ ਨੂੰ ਮਾਛੀਵਾੜੇ ਤੋਂ ਪਿੰਡ ਆਲਮਗੀਰ ਪਹੁੰਚਣ ਲਈ ਘੋੜਾ ਭੇਟ ਕੀਤਾ ਸੀ। ਇਸ ਸ਼ਰਧਾਲੂ ਸਿੱਖ ਪ੍ਰਤੀ ਸੰਗਤ ਵਿੱਚ ਵੱਡਾ ਸਤਿਕਾਰ ਹੈ ਜਿਸ ਨੂੰ ਦੇਖਦਿਆਂ ਉਨ੍ਹਾਂ ਦੀ ਤਸਵੀਰ ਇੱਥੇ ਲਗਾਈ ਗਈ ਹੈ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 22 ਮਈ 1964 ਨੂੰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ 11 ਸਿੰਘਾਂ ਨੇ ਬਾਬਾ ਹਰਭਜਨ ਸਿੰਘ ਦੀ ਅਗਵਾਈ ਵਿਚ ਮਹੰਤਾਂ ਪਾਸੋਂ ਗੁਰੂ ਘਰ ਆਜ਼ਾਦ ਕਰਵਾਉਣ ਲਈ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਗਦਰੀ ਯੋਧੇ ਭਾਈ ਬੰਤਾ ਸਿੰਘ ਸੰਘਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਲੰਮਾਂ ਸਮਾਂ ਮੈਂਬਰ ਰਹੇ ਜਥੇਦਾਰ ਤੋਤਾ ਸਿੰਘ ਦੀਆਂ ਪੰਥ ਲਈ ਸੇਵਾਵਾਂ ਅਤੇ ਘਾਲਣਾ ਵੀ ਮਿਸਾਲੀ ਹੈ।