ਨਿੱਜੀ ਸੁਆਰਥ ਵਾਸਤੇ ਧਰਮ ਅਸਥਾਨਾਂ ਤੇ ਗ੍ਰੰਥਾਂ ਦੀ ਦੁਰਵਰਤੋਂ ਗ਼ਲਤ: ਡੀਜੀਪੀ

ਨਿੱਜੀ ਸੁਆਰਥ ਵਾਸਤੇ ਧਰਮ ਅਸਥਾਨਾਂ ਤੇ ਗ੍ਰੰਥਾਂ ਦੀ ਦੁਰਵਰਤੋਂ ਗ਼ਲਤ: ਡੀਜੀਪੀ

ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਅੰਮ੍ਰਿਤਸਰ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਕਿਹਾ ਕਿ ਨਿੱਜੀ ਸੁਆਰਥ ਵਾਸਤੇ ਧਰਮ ਅਸਥਾਨਾਂ ਅਤੇ ਗ੍ਰੰਥਾਂ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਗੁਰੂ ਘਰ ਨਤਮਸਤਕ ਹੋਣ ਮਗਰੋਂ ਡੀਜੀਪੀ ਨੇ ਅੰਮ੍ਰਿਤਪਾਲ ਸਿੰਘ ਦੇ ਸੰਦਰਭ ਵਿੱਚ ਕਿਹਾ ਕਿ ਜੇਕਰ ਕੋਈ ਵਿਅਕਤੀ ਕਾਨੂੰਨ ਨੂੰ ਲੋੜੀਂਦਾ ਹੈ ਤਾਂ ਉਸ ਨੂੰ ਕਾਨੂੰਨ ਅੱਗੇ ਪੇਸ਼ ਹੋਣਾ ਚਾਹੀਦਾ ਹੈ। ਅਜਿਹੇ ਵਿਅਕਤੀਆਂ ਖ਼ਿਲਾਫ਼ ਪੁਲੀਸ ਵੱਲੋਂ ਕਾਨੂੰਨੀ ਪ੍ਰਕਿਰਿਆ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਹਰੇਕ ਵਿਅਕਤੀ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ। ਭਗੌੜੇ ਵਿਅਕਤੀਆਂ ਨੂੰ ਪੁਲੀਸ ਜਲਦੀ ਗ੍ਰਿਫ਼ਤਾਰ ਕਰੇਗੀ। ਉਨ੍ਹਾਂ ਕਿਹਾ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਤੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਹੌਲ ਅਮਨ-ਸ਼ਾਂਤੀ ਅਤੇ ਸਦਭਾਵਨਾ ਵਾਲਾ ਹੈ, ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਵਿਦੇਸ਼ ਵੱਸਦੇ ਪੰਜਾਬੀਆਂ ਨੂੰ ਕਿਹਾ ਕਿ ਉਹ ਬਿਨਾਂ ਡਰ ਤੋਂ ਪੰਜਾਬ ਵਿੱਚ ਆਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ’ਤੇ ਭਰੋਸਾ ਨਾ ਕੀਤਾ ਜਾਵੇ।

ਡੀਜੀਪੀ ਵੱਲੋਂ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ
ਤਲਵੰਡੀ ਸਾਬੋ : ਡੀਜੀਪੀ ਸ੍ਰੀ ਗੌਰਵ ਯਾਦਵ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 13 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਵਿਸਾਖੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਬੰਦ ਕਮਰਾ ਮੀਟਿੰਗ ਕੀਤੀ। ਇਸ ਮਗਰੋਂ ਡੀਜੀਪੀ ਨੇ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਮੇਲੇ ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਅਤੇ ਚੌਕਸੀ ਨਾਲ ਨਿਭਾਉਣ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਆਤਮ-ਸਮਰਪਣ ਦੀਆਂ ਅਫ਼ਵਾਹਾਂ ਮਗਰੋਂ ਤਲਵੰਡੀ ਸਾਬੋ ਵਿੱਚ ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।