ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਗੀਆਂ ਰੌਣਕਾਂ

ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਗੀਆਂ ਰੌਣਕਾਂ

ਸ੍ਰੀ ਆਨੰਦਪੁਰ ਸਾਹਿਬ – ਖਾਲਸਾ ਸਾਜਨਾ ਦਿਵਸ ਮੌਕੇ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਬੀਤੇ ਕੱਲ੍ਹ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜ ਰਹੀ ਹੈ। ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਅਤੇ ਖੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਉੱਧਰ, ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿਵਲ ਕੱਪੜਿਆਂ ਅਤੇ ਵਰਦੀਧਾਰੀ ਪੁਲੀਸ ਫੋਰਸ ਦੇਖਣ ਨੂੰ ਮਿਲੀ। ਪੁਲੀਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ। ਉੱਧਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਪੁਲੀਸ ਤੇ ਪ੍ਰਸ਼ਾਸਨ ਪ੍ਰੇਸ਼ਾਨ ਨਾ ਕਰੇ।

ਦਲ ਖਾਲਸਾ ਤੇ ਹੋਰ ਜਥੇਬੰਦੀਆਂ ਨੇ ਸਿੱਖ ਰਾਜ ਦਾ ਝੰਡਾ ਝੁਲਾਇਆ

ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਦਲ ਖਾਲਸਾ ਦੇ ਆਗੂਆਂ ਵੱਲੋਂ ਕੁੱਝ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਿੱਖ ਰਾਜ ਦਾ ਝੰਡਾ ਝੁਲਾਇਆ ਗਿਆ। ਤਿੰਨ ਨੌਜਵਾਨਾਂ ਨੇ ਸ੍ਰੀ ਸਾਹਿਬ ਨਾਲ ਇਸ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਤੰਦਰੁਸਤੀ ਅਤੇ ਰਿਹਾਈ ਲਈ ਅਰਦਾਸ ਵੀ ਕੀਤੀ ਗਈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਦਸਤਾਰ ਸਜਾਓ ਮਾਰਚ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਦਸਤਾਰ ਸਜਾਓ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮਾਰਚ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ।