ਭ੍ਰਿਸ਼ਟਾਚਾਰ ਮਾਮਲਾ: ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਮੁੜ ਤਲਬ

ਭ੍ਰਿਸ਼ਟਾਚਾਰ ਮਾਮਲਾ: ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਮੁੜ ਤਲਬ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਮਾਮਲੇ ਦੀ ਤਫਤੀਸ਼ ’ਚ ਸ਼ਾਮਲ ਹੋਣ ਲਈ ਮੁੜ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੂੰ ਭਲਕੇ 14 ਅਪਰੈਲ ਨੂੰ ਤਫਤੀਸ਼ ’ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਵਿਜੀਲੈਂਸ ਦੇ ਅਧਿਕਾਰੀ ਨੇ ਦੱਸਿਆ ਕਿ ਬਿਊਰੋ ਦੀ ਰੋਪੜ ਇਕਾਈ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਭ੍ਰਿਸ਼ਟਾਚਾਰ ਅਤੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਜਾਂਚ ਆਰੰਭੀ ਗਈ ਸੀ। ਇਸ ਜਾਂਚ ਦੌਰਾਨ ਵਿਜੀਲੈਂਸ ਨੇ ਮੁੱਢਲੇ ਤੌਰ ’ਤੇ ਜੋ ਤੱਥ ਇਕੱਤਰ ਕੀਤੇ ਹਨ ਉਨ੍ਹਾਂ ਦੀ ਪੁਸ਼ਟੀ ਅਤੇ ਹੋਰ ਦਸਤਾਵੇਜ਼ ਹਾਸਲ ਕਰਨ ਲਈ ਸਾਬਕਾ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਚੰਨੀ ਤੋਂ ਵਿਜੀਲੈਂਸ ਦੇ ਮੁੱਖ ਦਫ਼ਤਰ ’ਚ ਪੁੱਛ ਪੜਤਾਲ ਕੀਤੀ ਜਾਵੇਗੀ। ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਦੀ ਜਾਣਕਾਰੀ ਵੀ ਮੰਗੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਅੱਧੀ ਦਰਜਨ ਤੋਂ ਵੱਧ ਸਾਬਕਾ ਮੰਤਰੀਆਂ ਖਿਲਾਫ਼ ਜਾਂਚ ਵੀ ਅਰੰਭੀ ਹੋਈ ਹੈ ਤੇ ਤਿੰਨ ਸਾਬਕਾ ਮੰਤਰੀਆਂ ਭਾਰਤ ਭੂਸ਼ਨ ਆਸ਼ੂ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੂੰ ਤਾਂ ਵਿਜੀਲੈਂਸ ਗ੍ਰਿਫ਼ਤਾਰ ਵੀ ਕਰ ਚੁੱਕੀ ਹੈ। ਵਿਜੀਲੈਂਸ ਵੱਲੋਂ ਪ੍ਰਾਹੁਣਚਾਰੀ ਵਿਭਾਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੀ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਇਸ ਮਾਮਲੇ ਨੂੰ ਵੀ ਚੰਨੀ ਨਾਲ ਹੀ ਜੋੜ ਕੇ ਦੇਖਿਆ ਜਾ ਰਿਹਾ ਹੈ। ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਬਿਊਰੋ ਨੇ ਲੁੱਕ ਆਊਟ ਸਰਕੁਲਰ ਵੀ ਜਾਰੀ ਕਰਵਾਇਆ ਹੋਇਆ ਹੈ।