ਨਸ਼ਾ ਤਸਕਰੀ: ਪੀਪੀਐੱਸ ਅਧਿਕਾਰੀ ਰਾਜਜੀਤ ਸਿੰਘ ਬਰਖਾਸਤ

ਨਸ਼ਾ ਤਸਕਰੀ: ਪੀਪੀਐੱਸ ਅਧਿਕਾਰੀ ਰਾਜਜੀਤ ਸਿੰਘ ਬਰਖਾਸਤ

ਸਮਗਲਿੰਗ ਦੇ ਮਾਮਲੇ ਵਿੱਚ ਨਾਮਜ਼ਦ; ਗ੍ਰਹਿ ਵਿਭਾਗ ਨੇ ਸੰਵਿਧਾਨ ਦੀ ਧਾਰਾ 311 ਤਹਿਤ ਕੀਤੀ ਕਾਰਵਾਈ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਪੀਪੀਐੱਸ ਅਧਿਕਾਰੀ ਤੇ ਸਾਬਕਾ ਐੱਸਐੱਸਪੀ ਰਾਜਜੀਤ ਸਿੰਘ ਹੁੰਦਲ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਪੁਲੀਸ ਅਧਿਕਾਰੀ ਨੂੰ ਨਸ਼ਿਆਂ ਦੀ ਤਸਕਰੀ ਮਾਮਲੇ ਵਿੱਚ ਨਾਮਜ਼ਦ ਕਰ ਕੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਵਿਵਾਦਤ ਪੁਲੀਸ ਅਧਿਕਾਰੀ ਵੱਲੋਂ ਨੌਕਰੀ ’ਤੇ ਹੁੰਦੇ ਹੋਏ ਜਾਇਦਾਦਾਂ ਦੀ ਖ਼ਰੀਦ ਦੇ ਮਾਮਲੇ ਵਿੱਚ ਵੀ ਪੰਜਾਬ ਵਿਜੀਲੈਂਸ ਬਿਊਰੋ ਨੂੰ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਦੀ ਜਾਂਚ ਅਰੰਭ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਰਿਪੋਰਟਾਂ ’ਤੇ ਅਮਲ ਕਰਦਿਆਂ ਇਸ ਪੁਲੀਸ ਅਧਿਕਾਰੀ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੰਵਿਧਾਨ ਦੀ ਧਾਰਾ 311 ਦੀ ਵਰਤੋਂ ਕਰਦਿਆਂ ਇਸ ਪੁਲੀਸ ਅਧਿਕਾਰੀ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ। ਗ੍ਰਹਿ ਵਿਭਾਗ ਦਾ ਇਹ ਵੀ ਦੱਸਣਾ ਹੈ ਕਿ ਐੱਸਟੀਐੱਫ ਦੇ ਤਤਕਾਲੀ ਮੁਖੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਇੰਸਪੈਕਟਰ (ਬਰਖਾਸਤ) ਇੰਦਰਜੀਤ ਸਿੰਘ ਖਿਲਾਫ਼ ਦਰਜ ਕੇਸ ਵਿੱਚ ਵੀ ਰਾਜਜੀਤ ਸਿੰਘ ਨੂੰ ਨਾਮਜ਼ਦ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਇਸ ਕਾਰਵਾਈ ਨਾਲ ਪੁਲੀਸ ਵਿਭਾਗ ਵਿੱਚ ਭਾਰੀ ਹਲਚਲ ਪੈਦਾ ਹੋ ਗਈ ਹੈ। ਰਾਜਜੀਤ ਸਿੰਘ ਖਿਲਾਫ਼ ਕਾਰਵਾਈ ਤੋਂ ਬਾਅਦ ਪੁਲੀਸ ਦੇ ਹੋਰਨਾਂ ਅਧਿਕਾਰੀਆਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦੂਹਰੇ ਬੈਂਚ ਨੇ ਕੁਝ ਹਫ਼ਤੇ ਪਹਿਲਾਂ ਸੇਵਾ ਮੁਕਤ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸੌਂਪੀਆਂ ਗਈਆਂ ਤਿੰਨ ਰਿਪੋਰਟਾਂ ਜਨਤਕ ਕਰਦਿਆਂ ਅਗਲੀ ਕਾਰਵਾਈ ਲਈ ਰਾਜ ਸਰਕਾਰ ਨੂੰ ਭੇਜ ਦਿੱਤੀਆਂ ਸਨ। ਰਿਪੋਰਟਾਂ ਮਿਲਣ ਮਗਰੋਂ ਮੁੱਖ ਮੰਤਰੀ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਾਰਵਾਈ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਵੱਲੋਂ ਰਿਪੋਰਟਾਂ ਦੇ ਅਧਾਰ ’ਤੇ ਰਾਜਜੀਤ ਸਿੰਘ ਖਿਲਾਫ਼ ਕੀਤੀ ਗਈ ਪਹਿਲੀ ਕਾਰਵਾਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਆਉਂਦੇ ਦਿਨਾਂ ਦੌਰਾਨ ਹੋਰਨਾਂ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਇਸ ਸਬੰਧੀ ਡੀਜੀਪੀ ਤੋਂ ਰਿਪੋਰਟ ਮੰਗੀ ਗਈ ਹੈ।

ਪੰਜਾਬ ਪੁਲੀਸ ਦਾ ਅਧਿਕਾਰੀ ਰਾਜਜੀਤ ਸਿੰਘ ਇਸ ਸਮੇਂ ਐੱਨਆਈਆਈ ਵਿੰਗ ਵਿੱਚ ਤਾਇਨਾਤ ਸੀ। ਇਹ ਪੁਲੀਸ ਅਧਿਕਾਰੀ ਉਸ ਸਮੇਂ ਚਰਚਾ ਵਿੱਚ ਆਇਆ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ’ਚ ਆਉਂਦਿਆਂ ਹੀ ਸਾਲ 2017 ਵਿੱਚ ਨਸ਼ਿਆਂ ਦੀ ਤਸਕਰੀ ਲਈ ਕਾਇਮ ਕੀਤੀ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਨੇ ਇੰਸਪੈਕਟਰ (ਬਰਖਾਸਤ) ਇੰਦਰਜੀਤ ਸਿੰਘ ਖਿਲਾਫ਼ ਕੇਸ ਦਰਜ ਕਰ ਕੇ ਰਾਜਜੀਤ ਸਿੰਘ ਦੇ ਖਿਲਾਫ਼ ਵੀ ਤਫ਼ਤੀਸ਼ ਆਰੰਭ ਦਿੱਤੀ ਸੀ। ਰਾਜਜੀਤ ਸਿੰਘ ਨੂੰ ਸੀਨੀਅਰ ਪੁਲੀਸ ਅਧਿਕਾਰੀਆਂ ਦਾ ਥਾਪੜਾ ਹਾਸਲ ਦੱਸਿਆ ਜਾਂਦਾ ਸੀ। ਉਸੇ ਸਮੇਂ ਜਦੋਂ ਇਸ ਵਿਵਾਦਤ ਪੁਲੀਸ ਅਧਿਕਾਰੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਨਸ਼ਾ ਤਸਕਰੀ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਤੇ ਹਰਪ੍ਰੀਤ ਸਿੰਘ ਸਿੱਧੂ ’ਤੇ ਖੁੰਦਕ ’ਚ ਕਾਰਵਾਈ ਕਰਨ ਦੇ ਦੋਸ਼ ਵੀ ਲਾਏ। ਹਾਈ ਕੋਰਟ ਵੱਲੋਂ ਹੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਗਿਆ ਸੀ। ਇਸ ਜਾਂਚ ਟੀਮ ਵੱਲੋਂ ਸਾਲ 2018 ਵਿੱਚ ਉਚ ਅਦਾਲਤ ਨੂੰ ਸੌਂਪੀਆਂ ਗਈਆਂ ਰਿਪੋਰਟਾਂ ਹੁਣ ਤੱਕ ਸੀਲਬੰਦ ਲਿਫਾਫੇ ਵਿੱਚ ਹੀ ਬੰਦ ਰਹੀਆਂ। ਇਨ੍ਹਾਂ ਰਿਪੋਰਟਾਂ ਵਿੱਚ ਜਾਂਚ ਦਾ ਅਧਾਰ ਇੰਸਪੈਕਟਰ (ਬਰਖਾਸਤ) ਇੰਦਰਜੀਤ ਸਿੰਘ ਨੂੰ ਬਣਾ ਕੇ ਰਾਜਜੀਤ ਸਿੰਘ ਹੁੰਦਲ ਨੂੰ ਪੂਰੀ ਤਰ੍ਹਾਂ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ। ਸਿਟ ਵੱਲੋਂ ਆਪਣੀਆਂ ਰਿਪੋਰਟਾਂ ਵਿੱਚ ਇਸ ਪੁਲੀਸ ਅਧਿਕਾਰੀ ਵੱਲੋਂ ਬਣਾਈ ਗਈ ਚੱਲ-ਅਚੱਲ ਸੰਪਤੀ ਬਾਰੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ।