ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ

ਖਾਮੀਆਂ ਕਾਰਨ ਪੀਐੱਸ ਟੈੱਟ ਪੇਪਰ-1 ਤੁਰੰਤ ਰੱਦ ਕਰਨ ਦੀ ਮੰਗ ਨੇ ਫੜਿਆ ਜ਼ੋਰ
ਸੰਗਰੂਰ- ਪੀਐੱਸ ਟੈੱਟ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਈਟੀਟੀ ਐਂਡ ਬੀਐੱਡ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਉਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਖਿੱਚਧੂਹ ਹੋ ਗਈ ਜਿਸ ਕਾਰਨ ਇੱਕ ਲੜਕੀ ਬੇਹੋਸ਼ ਹੋ ਕੇ ਡਿੱਗ ਪਈ। ਧਰਨਾਕਾਰੀਆਂ ਦੀ ਮੰਗ ਹੈ ਕਿ ਪੀਐੱਸ ਟੈੱਟ ਪੇਪਰ-1 ਨੂੰ ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਸ ਪੇਪਰ ਵਿੱਚ ਵੱਡੀ ਪੱਧਰ ’ਤੇ ਖਾਮੀਆਂ ਪਾਈਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਈਟੀਟੀ ਐਂਡ ਬੀਐੱਡ ਬੇਰੁਜ਼ਗਾਰ ਅਧਿਆਪਕ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ, ਜਿਥੇ ਪੁਲੀਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਜਿਉਂ ਹੀ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਵੱਲੋਂ ਰੋਕੇ ਜਾਣ ’ਤੇ ਦੋਵਾਂ ਧਿਰਾਂ ਵਿਚਕਾਰ ਖਿੱਚਧੂਹ ਹੋਈ। ਇਸ ਦੌਰਾਨ ਖੁਸ਼ਪ੍ਰੀਤ ਕੌਰ ਨਾਂ ਦੀ ਇੱਕ ਲੜਕੀ ਬੇਹੋਸ਼ ਹੋ ਗਈ, ਜਿਸ ਨੂੰ ਸਾਥੀ ਧਰਨਾਕਾਰੀਆਂ ਨੇ ਸੰਭਾਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਧਰਨਾ ਆਰੰਭ ਕਰ ਦਿੱਤਾ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਸੁਖਜੀਤ ਰਾਮਾਨੰਦੀ ਨੇ ਕਿਹਾ ਕਿ ਬੀਤੀ 11 ਅਪਰੈਲ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਪੀਐੱਸ ਟੈੱਟ ਦੇ ਪੇਪਰ ਵਿੱਚ ਖਾਮੀਆਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਗਈਆਂ। ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਦੋ ਦਿਨਾਂ ਵਿੱਚ ਪੇਪਰ ਰੱਦ ਕਰ ਦਿੱਤਾ ਜਾਵੇਗਾ, ਪਰ ਅੱਜ ਹਫ਼ਤਾ ਬੀਤਣ ਦੇ ਬਾਵਜੂਦ ਪੇਪਰ ਰੱਦ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਪੇਪਰ ਦਾ ਦੂਜਾ ਹਿੱਸਾ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ ਹੈ, ਜਦਕਿ ਬੇਰੁਜ਼ਗਾਰ ਅਧਿਆਪਕ ਯੂਨੀਅਨਾਂ ਵੱਲੋਂ ਪੇਪਰ-1 ਵਿੱਚ ਖਾਮੀਆਂ ਹੋਣ ਕਾਰਨ ਉਸ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਗੂਆਂ ਦੀ ਮੰਗ ਹੈ ਕਿ ਪੀਐੱਸ ਟੈੱਟ ਪੇਪਰ-1 ਰੱਦ ਕੀਤਾ ਜਾਵੇ, ਪੇਪਰ ਪਹਿਲਾ ਅਤੇ ਦੂਜਾ ਪਹਿਲਾਂ ਵਾਲੀ ਫੀਸ ਵਿੱਚ ਦੁਬਾਰਾ ਲਏ ਜਾਣ, ਦੋਵੇਂ ਪੇਪਰਾਂ ਦਾ ਪੈਟਰਨ ਠੀਕ ਕੀਤਾ ਜਾਵੇ, ਵਿਦਿਆਰਥੀਆਂ ਦੇ ਸੈਂਟਰ ਤੇ ਰੋਲ ਨੰਬਰ ਪਹਿਲਾਂ ਵਾਲੇ ਹੀ ਰੱਖੇ ਜਾਣ, ਮਾਸਟਰ ਕੇਡਰ ਲਈ ਜਨਰਲ ਵਿਦਿਆਰਥੀਆਂ ਦੀ ਉਮਰ 40 ਸਾਲ ਕੀਤੀ ਜਾਵੇ ਤੇ 55 ਫ਼ੀਸਦ ਵਾਲੀ ਸ਼ਰਤ ਰੱਦ ਕੀਤੀ ਜਾਵੇ। ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਜਲਦ ਸਰਕਾਰ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਪਰਮਿੰਦਰ ਅਬੋਹਰ, ਅਮਨ ਤੇ ਲਵੀਸ ਨੇ ਵੀ ਸੰਬੋਧਨ ਕੀਤਾ।