ਕਾਂਗਰਸੀ ਸੰਸਦ ਮੈਂਬਰਾਂ ਨੇ ਜਲੰਧਰ ਦਾ ਕੁਝ ਨਹੀਂ ਸੰਵਾਰਿਆ: ਕੇਜਰੀਵਾਲ

ਕਾਂਗਰਸੀ ਸੰਸਦ ਮੈਂਬਰਾਂ ਨੇ ਜਲੰਧਰ ਦਾ ਕੁਝ ਨਹੀਂ ਸੰਵਾਰਿਆ: ਕੇਜਰੀਵਾਲ

ਜਲੰਧਰ ਹਲਕੇ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਅਪੀਲ ਕੀਤੀ
ਜਲੰਧਰ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਪਹਿਲਾਂ ਸੂਬਾ ਪੱਧਰ ’ਤੇ ‘ਆਪ’ ਨੂੰ ਇੱਕ ਮੌਕਾ ਦੇ ਕੇ ਵੱਡੇ ਫਰਕ ਨਾਲ ਜਿਤਾਇਆ ਗਿਆ ਹੈ, ਉਸੇ ਤਰ੍ਹਾਂ ਜਲੰਧਰ ਜ਼ਿਮਨੀ ਚੋਣ ਵਿੱਚ ਵੀ ‘ਆਪ’ ਨੂੰ ਇੱਕ ਮੌਕਾ ਦਿੰਦਿਆਂ ਪਾਰਟੀ ਉਮੀਦਵਾਰ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣ।

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਾਈਂਦਾਸ ਸਕੂਲ ਦੀ ਗਰਾਊਂਡ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਲੰਬੇ ਸਮੇਂ ਤੋਂ ਕਾਂਗਰਸੀ ਉਮੀਦਵਾਰ ਹੀ ਐੱਮਪੀ ਬਣਦਾ ਰਿਹਾ ਹੈ ਪਰ ਹੁਣ ਤੱਕ ਕਿਸੇ ਨੇ ਵੀ ਜਲੰਧਰ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ, ਇਸ ਲਈ ਜਲੰਧਰ ਵਿੱਚ ਵੀ ‘ਆਪ’ ਦੇ ਉਮੀਦਵਾਰ ਨੂੰ ਜੇਤੂ ਬਣਾ ਕੇ ਹਲਕੇ ਦਾ ਵਿਕਾਸ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਕੋਈ ਲਾਭ ਨਹੀਂ ਹੋਵੇਗਾ, ਕਿਉਂਕਿ ਸੰਸਦ ਮੈਂਬਰ ਆਪਸ ਵਿੱਚ ਲੜਦੇ ਰਹਿਣਗੇ। ਇਸ ਲਈ ਜਲੰਧਰ ਦੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਨੂੰ ਜਿਤਾਉਣਾ ਚਾਹੀਦਾ ਹੈ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਬਿਜਲੀ ਬਿੱਲ ਜ਼ੀਰੋ ਆਉਣ ਸਬੰਧੀ ਦਿੱਤੀ ਗਈ ਗਾਰੰਟੀ ਵੀ ਤਿੰਨ ਮਹੀਨਿਆਂ ਵਿੱਚ ਪੂਰੀ ਕੀਤੀ ਗਈ ਹੈ ਤੇ ਹੁਣ ਪੰਜਾਬ ਵਾਸੀਆਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਆਮਦਨ ਵਿੱਚ ਵਾਧਾ ਹੋ ਰਿਹਾ ਹੈ ਕਿਉਂਕਿ ਪਹਿਲਾਂ ਇਹੀ ਕਮਾਈ ਸਿਆਸੀ ਆਗੂਆਂ ਦੀਆਂ ਜੇਬਾਂ ਅਤੇ ਸਵਿੱਸ ਬੈਂਕਾਂ ਵਿੱਚ ਜਾਂਦੀ ਸੀ ਤੇ ਹੁਣ ਸਰਕਾਰੀ ਖ਼ਜ਼ਾਨੇ ਵਿੱਚ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਜਲੰਧਰ ਹਲਕੇ ਦੀਆਂ ਸਮਸਿਆਵਾਂ ਨੂੰ ਬਾਖੂਬੀ ਜਾਣਦੇ ਹਨ ਤੇ ਇਹ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ‘ਆਪ’ ਸਰਕਾਰ ’ਤੇ ਜੋ ਭਰੋਸਾ ਹੈ, ਉਹ ਸੌ ਫ਼ੀਸਦ ਪੂਰਾ ਕੀਤਾ ਜਾ ਰਿਹਾ ਹੈ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਵਿਰੋਧੀ ਧਿਰਾਂ ਇਹੋਂ ਕਹਿੰਦੀਆਂ ਸਨ ਕਿ ਮੁਫ਼ਤ ਬਿਜਲੀ ਲਈ ਪੈਸੇ ਕਿਥੋਂ ਆਉਣਗੇ। ਹੁਣ ਬਿੱਲ ਵੀ ਜ਼ੀਰੋ ਆ ਰਹੇ ਹਨ ਤੇ ਪਾਵਰਕੌਮ ਨੂੰ 20 ਹਜ਼ਾਰ ਕਰੋੜ ਰੁਪਏ ਵੀ ਦਿੱਤੇ ਗਏ ਹਨ। ਉਨ੍ਹਾਂ ਸਟੇਜ ’ਤੇ ਬੈਠੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲਾਂ ਸਰਕਾਰਾਂ ਸਰਕਾਰੀ ਖਜ਼ਾਨਾ ਲੁੱਟ ਰਹੀਆਂ ਸਨ, ਪਰ ਹੁਣ ਵਿੱਤ ਮੰਤਰੀ ਜੀ ਖਜ਼ਾਨਾ ਭਰ ਰਹੇ ਹਨ। ਉਨ੍ਹਾਂ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਪਾਰਟੀ ਨੂੰ ਹਲਕੇ ਵਿੱਚ ਕੰਮ ਕਰਨ ਦਾ ਮੌਕਾ ਦੇਣ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਵੀ ਪੰਜਾਬ ਦੇ 7 ਸੰਸਦ ਮੈਂਬਰ ਹਨ, ਪਰ ਲੋਕ ਸਭਾ ਦੀ ਸੀਟ ਖਾਲੀ ਹੈ, ਜਿਥੇ ਹੁਣ ਜਲੰਧਰ ਵਾਸੀ ਸੁਸ਼ੀਲ ਰਿੰਕੂ ਨੂੰ ਪਹੁੰਚਾਉਣਗੇ।