ਜ਼ਿਮਨੀ ਚੋਣ: ਨਾਮਜ਼ਦਗੀਆਂ ਦੀ ਪੜਤਾਲ ਮਗਰੋਂ ਮੈਦਾਨ ’ਚ ਨਿੱਤਰੇ 19 ਉਮੀਦਵਾਰ

ਜ਼ਿਮਨੀ ਚੋਣ: ਨਾਮਜ਼ਦਗੀਆਂ ਦੀ ਪੜਤਾਲ ਮਗਰੋਂ ਮੈਦਾਨ ’ਚ ਨਿੱਤਰੇ 19 ਉਮੀਦਵਾਰ

24 ਅਪਰੈਲ ਨੂੰ ਵਾਪਸ ਲਈਆਂ ਜਾ ਸਕਣਗੀਆਂ ਨਾਮਜ਼ਦਗੀਆਂ
ਜਲੰਧਰ-
ਲੋਕ ਸਭਾ ਹਲਕਾ ਜਲੰਧਰ ਦੀ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਮੁਕੰਮਲ ਹੋਣ ਮਗਰੋਂ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਨਾਮਜ਼ਦਗੀਆਂ ਦੀ ਪੜਤਾਲ ਜਨਰਲ ਅਬਜ਼ਰਵਰ ਡਾ. ਪ੍ਰੀਤਮ ਬੀ. ਯਸ਼ਵੰਤ, ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤੀ ਗਈ। ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ 20 ਅਪਰੈਲ ਤੱਕ 31 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਹੁਣ ਕੁਲ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਇੰਦਰ ਇਕਬਾਲ ਸਿੰਘ, ‘ਆਪ’ ਵੱਲੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੁਮਾਰ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਕਰਮਜੀਤ ਕੌਰ, ਅਕਾਲੀ ਦਲ (ਅ) ਦੇ ਗੁਰਜੰਟ ਸਿੰਘ ਸਮੇਤ ਵੱਖ ਵੱਖ ਪਾਰਟੀਆਂ ਤੇ ਆ਼ਜ਼ਾਦ ਉਮੀਦਵਾਰ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ 24 ਅਪਰੈਲ ਸ਼ਾਮ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਜਲੰਧਰ : ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਰਜੁਨ ਰਾਮ ਮੇਘਵਾਲ, ਡਾ. ਜਤਿੰਦਰ ਸਿੰਘ, ਤਰੁਣ ਚੁੱਘ, ਡਾ. ਮਹਿੰਦਰ ਸਿੰਘ, ਸੁਨੀਲ ਜਾਖੜ, ਹੰਸ ਰਾਜ ਹੰਸ ਤੇ ਹੋਰ ਸ਼ਾਮਲ ਹਨ।