ਕੋਟਕਪੂਰਾ ਗੋਲੀ ਕਾਂਡ- ਗ੍ਰਹਿ ਵਿਭਾਗ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਹਰੀ ਝੰਡੀ

ਕੋਟਕਪੂਰਾ ਗੋਲੀ ਕਾਂਡ- ਗ੍ਰਹਿ ਵਿਭਾਗ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਹਰੀ ਝੰਡੀ

2400 ਸਫ਼ਿਆਂ ਦੇ ਚਲਾਨ ਵਿੱਚ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਘਾੜੇ ਦੱਸਿਆ
ਫ਼ਰੀਦਕੋਟ/ਕੋਟਕਪੂਰਾ – ਪੰਜਾਬ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਦੌਰਾਨ ਅੱਜ ਦੇਰ ਸ਼ਾਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ।

ਫੌਜਦਾਰੀ ਕਾਨੂੰਨ ਮੁਤਾਬਕ ਗ੍ਰਹਿ ਵਿਭਾਗ ਦੀ ਮਨਜ਼ੂਰੀ ਲਾਜ਼ਮੀ ਹੈ। ਗ੍ਰਹਿ ਵਿਭਾਗ ਨੇ 2374 ਸਫਿਆਂ ਦੀ ਮਨਜ਼ੂਰੀ ਜਾਂਚ ਟੀਮ ਨੂੰ ਇੱਕ ਦਿਨ ਪਹਿਲਾਂ ਸੌਂਪ ਦਿੱਤੀ ਸੀ। ਵਿਸ਼ੇਸ਼ ਜਾਂਚ ਟੀਮ ਨੇ ਅੱਜ 2400 ਸਫ਼ਿਆਂ ਦੀ ਦੂਜੀ ਚਲਾਨ ਫਾਈਲ ਅਦਾਲਤ ਵਿੱਚ ਪੇਸ਼ ਕੀਤੀ, ਜਿਸ ਵਿੱਚ ਫੋਰੈਂਸਿਕ ਲੈਬਾਰਟਰੀਆਂ ਦੀਆਂ ਰਿਪੋਰਟਾਂ ਅਤੇ ਹੋਰ ਦਸਤਾਵੇਜ਼ ਵੀ ਸ਼ਾਮਲ ਹਨ। ਕੇਸ ਵਿੱਚ ਪੇਸ਼ੀ ਲਈ 16 ਮਈ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ। ਗ੍ਰਹਿ ਵਿਭਾਗ ਨੇ ਉਕਤ ਸਿਆਸਤਦਾਨਾਂ ਤੇ ਪੁਲੀਸ ਅਧਿਕਾਰੀਆਂ ਖਿਲਾਫ਼ ਫੌਜਦਾਰੀ ਕੇਸ ਚਲਾਉਣ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਜਾਂਚ ਟੀਮ ਵੱਲੋਂ ਇਕੱਤਰ ਕੀਤੇ ਗਏ ਸਬੂਤ, ਗਵਾਹ ਅਤੇ ਹੋਰ ਦਸਤਾਵੇਜ਼, ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਕੋਟਕਪੂਰਾ ਗੋਲੀ ਕਾਂਡ ਦੀ ਪੂਰੀ ਸਕ੍ਰਿਪਟ ਲਿਖੀ ਸੀ ਅਤੇ ਉਹ ਇਸ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਹਨ। ਗ੍ਰਹਿ ਵਿਭਾਗ ਨੇ ਕਿਹਾ ਕਿ ਜਾਂਚ ਟੀਮ ਵੱਲੋਂ ਤਿਆਰ ਕੀਤੀ ਗਈ ਚਾਰਜਸ਼ੀਟ ਵਿਸ਼ਵਾਸਯੋਗ ਹੈ, ਜਿਸ ਲਈ ਉਕਤ ਮੁਲਜ਼ਮਾਂ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ। ਕੋਟਕਪੂਰਾ ਗੋਲੀ ਕਾਂਡ ਸਬੰਧੀ ਦਰਜ ਦੋਵਾਂ ਮੁਕੱਦਮਿਆਂ ਵਿੱਚ ਅੱਜ ਜਾਂਚ ਟੀਮ ਨੇ ਦੂਜਾ ਸਪਲੀਮੈਂਟਰੀ ਚਲਾਨ ਵੀ ਅਦਾਲਤ ਵਿੱਚ ਪੇਸ਼ ਕਰ ਦਿੱਤਾ। ਅਦਾਲਤ ਵਿੱਚ ਪੇਸ਼ੀ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਬਾਕੀ ਪੁਲੀਸ ਅਧਿਕਾਰੀ ਅਦਾਲਤ ਗੈਰਹਾਜ਼ਰ ਰਹੇ। ਅਦਾਲਤ ਵਿੱਚ ਸੁਣਵਾਈ ਦੌਰਾਨ ਡੀਆਈਜੀ ਅਮਰ ਸਿੰਘ ਚਾਹਲ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਹਾਜ਼ਰ ਸਨ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦੂਸਰੇ ਚਲਾਨ ਨੂੰ ਵੀ ਆਪਣੀ ਅਦਾਲਤ ਵਿੱਚ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ ਅਤੇ ਇਸ ਕੇਸ ਵਿੱਚ ਪੇਸ਼ੀ ਦੀ ਅਗਲੀ ਤਰੀਕ 16 ਮਈ ਨਿਰਧਾਰਿਤ ਕੀਤੀ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਉਸ ਦਿਨ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ।