ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਦਲ ਨਮਿਤ ਸ਼ੋਕ ਸਭਾ

ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਦਲ ਨਮਿਤ ਸ਼ੋਕ ਸਭਾ

ਅੰਮ੍ਰਿਤਸਰ –
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, ਜੋ ਭਲਕੇ 27 ਅਪਰੈਲ ਨੂੰ ਵੀ ਬੰਦ ਰਹਿਣਗੇ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਬਾਦਲ ਦੇ ਅਕਾਲ ਚਲਾਣੇ ’ਤੇ ਦੁਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਉਹ ਅਜਿਹੇ ਸਿੱਖ ਸਿਆਸਤਦਾਨ ਸਨ, ਜਿਨ੍ਹਾਂ ਨੇ ਜ਼ਮੀਨ ਅਤੇ ਲੋਕਾਂ ਨਾਲ ਜੁੜ ਕੇ ਸਿਆਸਤ ਕੀਤੀ। ਉਨ੍ਹਾਂ ਦੇ ਚਲਾਣੇ ਨਾਲ ਇੱਕ ਹੋਰ ਯੁੱਗ ਦਾ ਅੰਤ ਹੋ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਬਾਦਲ ਦੇ ਅਕਾਲ ਚਲਾਣੇ ਨੂੰ ਪੰਥਕ ਸਿਆਸਤ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਲੋਕ ਨਾਇਕ ਸਨ, ਜਿਨ੍ਹਾਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਦੇ ਨਾਲ-ਨਾਲ ਸਿੱਖ ਧਰਮ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਕਾਇਮ ਕਰਕੇ ਲੋਕਾਂ ਅਤੇ ਖਾਸਕਰ ਨਵੀਂ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨ ਲਈ ਕੀਤੇ ਉਪਰਾਲੇ ਵੱਡੇ ਮਹੱਤਵ ਵਾਲੇ ਹਨ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਕੀਤੇ ਸ਼ਰਧਾਂਜਲੀ ਸਮਾਗਮ ਵਿਚ ਸਮੂਹ ਮੁਲਾਜ਼ਮਾਂ ਵੱਲੋਂ ਕੀਤੀ ਸ਼ੋਕ ਸਭਾ ਦੌਰਾਨ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਬਾਦਲ ਸਿੱਖ ਸਿਆਸਤ ਦੇ ਉੱਘੇ ਆਗੂ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਲਈ ਕਾਰਜ ਕੀਤੇ।