ਡਾ. ਮਨਮੋਹਨ ਸਿੰਘ ਦੇ ਭਰਾ ਵੱਲੋਂ ਭਾਜਪਾ ਉਮੀਦਵਾਰ ਦੇ ਹੱਕ ’ਚ ਪ੍ਰਚਾਰ

ਡਾ. ਮਨਮੋਹਨ ਸਿੰਘ ਦੇ ਭਰਾ ਵੱਲੋਂ ਭਾਜਪਾ ਉਮੀਦਵਾਰ ਦੇ ਹੱਕ ’ਚ ਪ੍ਰਚਾਰ

ਜਲੰਧਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਭਰਾ ਦਲਜੀਤ ਸਿੰਘ ਕੋਹਲੀ ਨੇ ਅੱਜ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਭਾਜਪਾ ਦੇ ਹੱਥ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਕੋਹਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਵਧੇਰੇ ਨੇੜੇ ਹਨ। ਇਸੇ ਕਰਕੇ ਉਹ ਦੇਸ਼ ਦੇ ਹਿੱਤ ਅਤੇ ਪੰਜਾਬ ਦੇ ਭਵਿੱਖ ਲਈ ਭਾਜਪਾ ਦਾ ਸਾਥ ਦੇ ਰਹੇ ਹਨ। ਡਾ. ਮਨਮੋਹਨ ਸਿੰਘ ਨੂੰ ਪਿਤਾ ਸਮਾਨ ਦੱਸਦਿਆਂ ਕੋਹਲੀ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦਾ ਸਤਿਕਾਰ ਕਰਦਾ ਹੈ। ਭਾਜਪਾ ਵੀ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੀ ਹੈ। ਇਸ ਲਈ ਉਹ ਉਨ੍ਹਾਂ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਕਾਂਗਰਸ ਵਿੱਚ ਜਾਣਾ ਉਨ੍ਹਾਂ ਦਾ ਨਿੱਜੀ ਫੈਸਲਾ ਸੀ। ਕੋਹਲੀ ਨੇ ਕਿਹਾ ਕਿ ਦੇਸ਼ ਵਿੱਚ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉਹ ਸੂਬੇ ਪੰਜਾਬ ਨਾਲੋਂ ਕਿਤੇ ਅੱਗੇ ਹਨ। ਪੰਜਾਬ ਨੂੰ ਵੀ ਤਰੱਕੀ ਦੇ ਰਾਹ ’ਤੇ ਤੋਰਨ ਲਈ ਉਹ ਭਾਜਪਾ ਦੀ ਹਮਾਇਤ ਕਰ ਰਹੇ ਹਨ।

ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਦਲਜੀਤ ਸਿੰਘ ਕੋਹਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦੇ ਸਮਰਥਨ ਵਿੱਚ ਆਏ ਹਨ ਅਤੇ ਉਹ ਚਾਹੁੰਦੇ ਹਨ ਕਿ ਬਾਕੀ ਸੂਬਿਆਂ ਵਾਂਗ ਪੰਜਾਬ ਵੀ ਆਰਥਿਕ ਤੌਰ ’ਤੇ ਮਜ਼ਬੂਤ ਹੋਵੇ।