ਕੇਜਰੀਵਾਲ ਤੇ ਮਾਨ ਵੱਲੋਂ ਆਦਮਪੁਰ ’ਚ ਰੋਡ ਸ਼ੋਅ

ਕੇਜਰੀਵਾਲ ਤੇ ਮਾਨ ਵੱਲੋਂ ਆਦਮਪੁਰ ’ਚ ਰੋਡ ਸ਼ੋਅ

ਪੰਜਾਬ ਸਰਕਾਰ ਵੱਲੋਂ ਇਕ ਸਾਲ ਵਿੱਚ ਕੀਤੇ ਕੰਮਾਂ ਦੇ ਸੋਹਲੇ ਗਾਏ
ਜਲੰਧਰ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਅੱਜ ਆਦਮਪੁਰ ਹਲਕੇ ’ਚ ਚੋਣ ਪ੍ਰਚਾਰ ਕੀਤਾ ਗਿਆ। ਦੋਵੇਂ ਆਗੂਆਂ ਨੇ ਆਦਮਪੁਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਇੱਕ ਸਾਲ ਵਿੱਚ ਵੱਡੇ-ਵੱਡੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ ਤੇ ਕੱਚੇ ਮੁਲਾਜ਼ਮ ਪੱਕੇ ਹੋ ਰਹੇ ਹਨ। ਲੋਕਾਂ ਦੇ ਬਿਜਲੀ ਦੇ ਬਿੱਲ ‘ਜ਼ੀਰੋ’ ਆਉਣ ਲੱਗੇ ਹਨ। ਕਿਸਾਨਾਂ ਨੂੰ ਫ਼ਸਲਾਂ ਦੀ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ। ‘ਆਪ’ ਦੇ ਰਾਜ ਵਿੱਚ ਫ਼ਸਲਾਂ ਦੇ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵੀ ਵਧ ਗਈ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਹੁਣ ਇੱਕ-ਇੱਕ ਕਰੋੜ ਰੁਪਏ ਮਿਲ ਰਹੇ ਹਨ ਤੇ ਇਹ ਸਭ ਇਮਾਨਦਾਰ ਸਰਕਾਰ ਦੀ ਬਦੌਲਤ ਹੋ ਰਿਹਾ ਹੈ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ 300 ਯੂਨਿਟ ਬਿਜਲੀ ਮੁਫਤ ਕਰਨ ਦਾ ਐਲਾਨ ਕੀਤਾ ਸੀ ਤਾਂ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਸਨ ਕਿ ਬਿਜਲੀ ਮੁਫ਼ਤ ਕਿਵੇਂ ਕੀਤੀ ਜਾ ਸਕਦੀ ਹੈ। ਪੰਜਾਬ ਕੋਲ ਐਨਾ ਪੈਸਾ ਨਹੀਂ ਹੈ ਪਰ ਉਨ੍ਹਾਂ ਦੀ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਮੁੱਖ ਮੰਤਰੀ ਇਮਾਨਦਾਰ ਅਤੇ ਸੁਹਿਰਦ ਹੋਣ ਤਾਂ ਸਭ ਕੁਝ ਸੰਭਵ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮਾਲੀਆ ਵੀ ਵਧ ਰਿਹਾ ਹੈੈ। ਪਹਿਲਾਂ ਸਰਕਾਰੀ ਖ਼ਜ਼ਾਨੇ ਦਾ ਪੈਸਾ ਭ੍ਰਿਸ਼ਟਾਚਾਰੀ ਵਿਅਕਤੀਆਂ ਤੇ ਮਾਫੀਆ ਦੀਆਂ ਜੇਬਾਂ ਵਿੱਚ ਜਾਂਦਾ ਸੀ ਪਰ ਹੁਣ ਇਸ ਪੈਸੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਆਦਮਪੁਰ ਹਲਕੇ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਤੋਂ ਇੱਕ ਸਾਲ ਦਾ ਸਮਾਂ ਮੰਗਣ ਆਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ 11 ਮਹੀਨੇ ਦੇ ਕੇ ਦੋਖੋ, ਜੇਕਰ ‘ਆਪ’ ਦਾ ਕੰਮ ਪਸੰਦ ਨਾ ਆਇਆ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਨਾ ਪਾਉਣਾ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ 60 ਸਾਲਾਂ ਤੋਂ ਕਾਂਗਰਸ ਨੂੰ ਹੀ ਵੋਟਾਂ ਪਾਈਆਂ ਹਨ, ਪਰ ਅੱਜ ਕਾਂਗਰਸ ਦਾ ਕੋਈ ਵੀ ਵੱਡਾ ਆਗੂ ਦਿੱਲੀ ਤੋਂ ਜਲੰਧਰ ਵੋਟਾਂ ਮੰਗਣ ਨਹੀਂ ਆਇਆ ਜਦੋਂ ਕਿ ਆਮ ਆਦਮੀ ਪਾਰਟੀ ਦੇ ਦੋਵੇਂ ਵੱਡੇ ਆਗੂ ਅਤੇ ਦੋਵੇਂ ਮੁੱਖ ਮੰਤਰੀ ਵੋਟਾਂ ਮੰਗਣ ਆਏ ਹਨ।

ਇਸ ਦੌਰਾਨ ਭਗਵੰਤ ਮਾਨ ਨੇ 10 ਮਈ ਨੂੰ ‘ਆਪ’ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਜਲੰਧਰ ਵਿੱਚ ਹਨ। ਇਸ ਦੌਰਾਨ ਉਹ ਚੋਣ ਪ੍ਰਚਾਰ ਲਈ ਕਈ ਥਾਵਾਂ ’ਤੇ ਗਏ ਤੇ ਲੋਕ ਉਨ੍ਹਾਂ ਨੂੰ ਮਿਲਣ ਲਈ ਸੜਕਾਂ ’ਤੇ ਆ ਰਹੇ ਹਨ ਕਿਉਂਕਿ ਉਹ ਆਮ ਲੋਕ ਹਨ ਤੇ ਉਹ ਲੋਕਾਂ ਵਿੱਚ ਹੀ ਰਹਿੰਦੇ ਹਨ ਜਦੋਂ ਕਿ ਪਹਿਲਾਂ ਮੁੱਖ ਮੰਤਰੀ ਆਪਣੇ ਮਹਿਲਾਂ ਦੀਆਂ ਕੰਧਾਂ ਉੱਚੀਆਂ ਕਰ ਕੇ ਆਮ ਲੋਕਾਂ ਲਈ ਆਪਣੇ ਦਰਵਾਜ਼ੇ ਬੰਦ ਕਰ ਦਿੰਦੇ ਸਨ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ-ਭਾਜਪਾ ਅਤੇ ਅਕਾਲੀ ਦਲ ਵੱਲੋਂ ਆਪੋ-ਆਪਣੀਆਂ ਰੈਲੀਆਂ ’ਚ ਭਾੜੇ ’ਤੇ ਲੋਕਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਹ ਉਨ੍ਹਾਂ ਦੇ ਨਾਅਰੇ ਲਗਾਉਣ ਦੇ ਤਰੀਕੇ ਤੋਂ ਪਤਾ ਲੱਗ ਜਾਂਦਾ ਹੈ।