‘ਆਪ’ ਨੇ ਦਲਿਤਾਂ ਤੇ ਸਿੱਖਾਂ ਨਾਲ ਭੇਦਭਾਵ ਕੀਤਾ: ਚੰਨੀ

‘ਆਪ’ ਨੇ ਦਲਿਤਾਂ ਤੇ ਸਿੱਖਾਂ ਨਾਲ ਭੇਦਭਾਵ ਕੀਤਾ: ਚੰਨੀ

ਜਲੰਧਰ – ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਅੱਗੇ ਵਧਾਉਣ ਦੀ ਥਾਂ ਪਿੱਛੇ ਧੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੇਲੇ ਪੰਜਾਬ ਵਿੱਚ ਜਿਹੜ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਉਹ ‘ਆਪ’ ਸਰਕਾਰ ਨੇ ਆਉਂਦਿਆਂ ਹੀ ਬੰਦ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਕਾਂਗਰਸ ਸਰਕਾਰ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਤਾਂ ਹੁਣ ਉਹ ਕਿਸ ਮੂੰਹ ਨਾਲ ਵੋਟਾਂ ਮੰਗ ਰਹੇ ਹਨ।

ਸ੍ਰੀ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ‘ਆਪ’ ਸਰਕਾਰ ਨੇ ਦਲਿਤਾਂ ਅਤੇ ਸਿੱਖਾਂ ਨਾਲ ਭੇਦਭਾਵ ਕੀਤਾ ਹੈ ਜਦੋਂ ਕਿ ਕਾਂਗਰਸ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਤੋਂ ਭਲਾਈ ਸਕੀਮਾਂ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੇਲੇ ਧਰਨੇ-ਪ੍ਰਦਰਸ਼ਨਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ‘ਆਪ’ ਸਰਕਾਰ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਰ ਕੇ ਉਹ ਧਰਨੇ ਲਾਉਣ ਲਈ ਮਜਬੂਰ ਹਨ। ਸਰਕਾਰ ਗਲਤ ਇਸ਼ਤਿਹਾਰਬਾਜ਼ੀ ਕਰ ਕੇ ਜਲੰਧਰ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਰਹੀ ਹੈ ਪਰ ਜਲੰਧਰ ਦੇ ਸੂਝਵਾਨ ਲੋਕ ਉਸ ਦੇ ਝਾਂਸੇ ਵਿੱਚ ਨਹੀਂ ਆਉਣਗੇ। ਇਸ ਦੌਰਾਨ ਚੰਨੀ ਨੇ ਜਲੰਧਰ ਹਲਕੇ ਦੇ ਵੋਟਰਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਲਾਕੇ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾ ਸਕਦੀ ਹੈ।