ਪੰਥਕ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਜਥੇਬੰਦੀਆਂ ਇਕਜੁੱਟ ਹੋਣ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਪੰਥਕ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਜਥੇਬੰਦੀਆਂ ਇਕਜੁੱਟ ਹੋਣ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਜਲੰਧਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਿੱਖ ਕੌਮ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਲੰਘ ਰਹੀ ਹੈ ਤੇ ਕੌਮ ਦੇ ਸਾਹਮਣੇ ਅਨੇਕਾਂ ਮਸਲੇ ਹਨ। ਲਗਾਤਾਰ ਵਧ ਰਹੇ ਨਸ਼ੇ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ ਤੇ ਪਤਿਤਪੁਣੇ ਦਾ ਸ਼ਿਕਾਰ ਹੋ ਕੇ ਨੌਜਵਾਨ ਸਿੱਖੀ ਤੋਂ ਦੂਰ ਜਾ ਰਹੇ ਹਨ। ਇਥੇ ਹੀ ਬੱਸ ਨਹੀਂ ਪੰਜਾਬ ਦੀ ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਦੇ ਨਾਲ-ਨਾਲ ਪਰਿਵਾਰਾਂ ਦੇ ਪਰਿਵਾਰ ਵਿਦੇਸ਼ਾਂ ਨੂੰ ਜਾ ਰਹੇ ਹਨ ਅਤੇ ਇਕ ਤਰ੍ਹਾਂ ਨਾਲ ਪੰਜਾਬ ਖਾਲੀ ਹੋ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਖਾਸ ਕਰਕੇ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਹਾਲਾਤ ’ਚ ਸਿੱਖ ਧਰਮ ਦੀਆਂ ਉੱਚ ਰਵਾਇਤਾਂ, ਪਰੰਪਰਾਵਾਂ ਅਤੇ ਸਿਧਾਂਤਾਂ ’ਤੇ ਡਟ ਕੇ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਅਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਲੋਕ ਆਪਣੇ ਬੱਚਿਆਂ ਨੂੰ ਵਿਦੇਸ਼ਾਂ ’ਚ ਭੇਜਣ ਲਈ ਮਜਬੂਰ ਹੋ ਰਹੇ ਹਨ, ਜਦਕਿ ਦੂਜੇ ਪਾਸੇ ਪੰਜਾਬ ’ਚ ਬਾਹਰਲੇ ਰਾਜਾਂ ਤੋਂ ਆ ਕੇ ਲੋਕ ਚੰਗਾ ਤੇ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ। ਇਸ ਸਭ ਦੇ ਪਿੱਛੇ ਉਨ੍ਹਾਂ ਸਰਕਾਰਾਂ ਦੀਆਂ ਨਾਂਹ ਪੱਖੀ ਨੀਤੀਆਂ ਨੂੰ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ’ਚ ਨਾਕਾਮ ਸਾਬਤ ਹੋਈਆਂ ਹਨ। ਬੰਦੀ ਸਿੰਘਾਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਸਲੇ ’ਤੇ ਕੇਂਦਰ ਸਰਕਾਰ ਨੇ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ ਅਤੇ 25-25 ਸਾਲ ਤੋਂ ਵੀ ਵੱਧ ਸਜ਼ਾ ਭੁਗਤ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਵਲੋਂ ਰਾਜੀਵ ਗਾਂਧੀ ਦੇ ਹਤਿਆਰਿਆਂ ਸਮੇਤ ਹੋਰਨਾਂ ਖਤਰਨਾਕ ਅਪਰਾਧੀਆਂ ਨੂੰ ਜੇਲ੍ਹਾਂ ਤੋਂ ਰਿਹਾਅ ਕੀਤਾ ਜਾ ਰਿਹਾ ਹੈ, ਜਦਕਿ ਦੂਸਰੇ ਪਾਸੇ ਸਿੱਖ ਕੌਮ ਨਾਲ ਲਗਾਤਾਰ ਬੇਇਨਸਾਫੀ ਕੀਤੀ ਜਾ ਰਹੀ ਹੈ ੍ਟ ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦੀ ਰਿਹਾਈ ਦਾ ਮਸਲਾ ਦੁਨੀਆ ਭਰ ’ਚ ਵਸਦੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੀ ਮਾਨਸਿਕਤਾ ਤੇ ਭਾਵਨਾਵਾਂ ਨਾਲ ਜੁੜਿਆ ਹੋਇਆ ਬਹੁਤ ਹੀ ਗੰਭੀਰ ਮਸਲਾ ਹੈ, ਜਿਸ ਵੱਲ ਕੇਂਦਰ ਦੀ ਸਰਕਾਰ ਨੂੰ ਫੌਰੀ ਤੌਰ ’ਤੇ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਕ ਅਜਿਹੀ ਕੌਮ ਹੈ, ਜਿਸ ਨੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਇਸ ਤੋਂ ਕਿਸੇ ਨੂੰ ਕੀ ਖਤਰਾ ਹੋ ਸਕਦਾ ਹੈ? ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਰਾਜਾਂ ਦੇ ਅਧਿਕਾਰਾਂ ਸਮੇਤ ਹੋਰਨਾਂ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦਾ ਵੀ ਸੱਦਾ ਦਿੰਦੇ ਹੋਏ ਕਿਹਾ ਕਿ ਅੱਜ ਅਜਿਹਾ ਕੋਈ ਮਸਲਾ ਨਹੀਂ ਹੈ, ਜਿਸ ਨੂੰ ਪੰਜਾਬੀ ਇਕਜੁੱਟ ਹੋ ਕੇ ਹੱਲ ਨਾ ਕਰਵਾ ਸਕਦੇ ਹੋਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ ਤੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇਕਜੁੱਟ ਕਰਨ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਜਾਂ ਦੇ ਵੱਧ ਅਧਿਕਾਰਾਂ ਲਈ ਜੇਕਰ ਕਿਸੇ ਪਾਰਟੀ ਨੇ ਆਵਾਜ਼ ਉਠਾਈ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੀ ਹੈ ਅਤੇ ਸਵਰਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਪਿਛਲੇ ਲੰਬੇ ਸਮੇਂ ਤੋਂ ਸੰਘੀ ਢਾਂਚੇ ਦੀ ਲੜਾਈ ਲੜਦੀ ਆ ਰਹੀ ਹੈ। ਇਸ ਮੌਕੇ ਉਨ੍ਹਾਂ ਅਮਰੀਕਾ ਸਮੇਤ ਹੋਰਨਾਂ ਕਈ ਵਿਕਸਿਤ ਮੁਲਕਾਂ ਦੇ ਹਵਾਲੇ ਨਾਲ ਕਿਹਾ ਕਿ ਇਨ੍ਹਾਂ ਮੁਲਕਾਂ ’ਚ ਸੰਘੀ ਢਾਂਚਾ ਕਾਫੀ ਮਜ਼ਬੂਤ ਹੈ ਤੇ ਉਥੇ ਸਰਕਾਰਾਂ ਨੂੰ ਸੂਬਿਆਂ ਤੋਂ ਕਦੇ ਕੋਈ ਖਤਰਾ ਪੈਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਉਕਤ ਦੇਸ਼ਾਂ ਤੋਂ ਸੇਧ ਲੈ ਕੇ ਰਾਜਾਂ ਦੀ ਖੁਦਮੁਖਤਿਆਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਲਗਾਤਾਰ ਕੇਂਦਰ ਸਰਕਾਰਾਂ ਦੇ ਪੰਜਾਬ ਪ੍ਰਤੀ ਵਤੀਰੇ ਕਾਰਨ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਅੰਦਰ ਪਨਪੀ ਬੇਗਾਨਗੀ ਨੂੰ ਦੂਰ ਕਰਨ ਦਾ ਇਹ ਇਕ ਸਹੀ ਮੌਕਾ ਹੈ ਅਤੇ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿਤਾਂ ਨੂੰ ਪਹਿਲ ਦੇਵੇ।