ਦਰਬਾਰ ਸਾਹਿਬ ਕੰਪਲੈਕਸ ’ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰੇਗੀ ਸ਼੍ਰੋਮਣੀ ਕਮੇਟੀ

ਦਰਬਾਰ ਸਾਹਿਬ ਕੰਪਲੈਕਸ ’ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰੇਗੀ ਸ਼੍ਰੋਮਣੀ ਕਮੇਟੀ

ਪ੍ਰਧਾਨ ਹਰਜਿੰਦਰ ਧਾਮੀ ਨੇ ਧਮਾਕੇ ਮਗਰੋਂ ਹਾਲਾਤ ਦਾ ਜਾਇਜ਼ਾ ਲਿਆ
ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਧਮਾਕੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਥੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ਵਿਖੇ ਲੰਘੀ ਰਾਤ ਹੋਏ ਧਮਾਕੇ ਦੀ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਸਥਾਨ ਦਾ ਦੌਰਾ ਕਰਨ ਮਗਰੋਂ ਹਾਲਾਤ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਵਿਖੇ ਆਪਣੇ ਚੌਕਸੀ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਵੇਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਪਰ ਹੁਣ ਇਨ੍ਹਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਗਲਿਆਰੇ ਵਾਲੇ ਪਾਸੇ ਢੁੱਕਵੀਂ ਥਾਵਾਂ ਦੇ ਨਾਲ-ਨਾਲ ਅਤੇ ਗੁਰਦੁਆਰਾ ਸੰਤੋਖਸਰ ਸਾਹਿਬ ਤੋਂ ਲੈ ਕੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਕੈਮਰੇ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੈਨਰ ਲਗਾਉਣ ਦਾ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਵਿਰਾਸਤੀ ਮਾਰਗ ਅਤੇ ਗਲਿਆਰੇ ਦੇ ਵਿਕਾਸ ਅਤੇ ਰੱਖ-ਰਖਾਵ ਵੱਲ ਵਿਸ਼ੇਸ਼ ਤਵੱਜੋ ਦੇਣ ਲਈ ਵੀ ਆਖਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਦਰਬਾਰ ਸਾਹਿਬ ਸਮੇਤ ਹਰ ਗੁਰਦੁਆਰੇ ਅੰਦਰ ਮੁਲਾਜ਼ਮ ਸੁਚੇਤ ਹੋ ਕੇ ਡਿਊਟੀ ਨਿਭਾਉਣ। ਹਰੇਕ ਗੁਰਦੁਆਰੇ ਦੀ ਕਮੇਟੀ ਨੂੰ ਇਸ ਬਾਰੇ ਸਰਕੁਲਰ ਜਾਰੀ ਕੀਤਾ ਜਾਵੇ।

ਮੀਟਿੰਗ ਵਿੱਚ ਅੱਜ ਵਾਪਰੀ ਘਟਨਾ ਬਾਰੇ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਰੀਬ 12:10 ਵਜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤੁਰੰਤ ਹਰਕਤ ਵਿਚ ਆਏ ਅਤੇ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਪਛਾਣ ਕਰਨ ਤੋਂ ਲੈ ਕੇ ਉਨ੍ਹਾਂ ਨੂੰ ਫੜ ਕੇ ਪੁਲੀਸ ਹਵਾਲੇ ਕਰਨ ਤੱਕ ਦੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਅਤੇ ਡਿਪਟੀ ਪੁਲੀਸ ਕਮਿਸ਼ਨਰ ਸਮੇਤ ਪੁਲੀਸ ਦੇ ਹੋਰ ਉੱਚ ਅਧਿਕਾਰੀ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸਹਿਯੋਗ ਨਾਲ ਲੋੜੀਂਦੀ ਕਾਰਵਾਈ ਕੀਤੀ।