ਸ਼੍ਰੋਮਣੀ ਕਮੇਟੀ ਨੂੰ ਅੰਦਰੋਂ ਤੇ ਬਾਹਰੋਂ ਵੱਡੀਆਂ ਚੁਣੌਤੀਆਂ: ਧਾਮੀ

ਸ਼੍ਰੋਮਣੀ ਕਮੇਟੀ ਨੂੰ ਅੰਦਰੋਂ ਤੇ ਬਾਹਰੋਂ ਵੱਡੀਆਂ ਚੁਣੌਤੀਆਂ: ਧਾਮੀ

ਮੁਹਾਲੀ/ਫਤਹਿਗੜ੍ਹ ਸਾਹਿਬ- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗਤਕਾ ਪਾਰਟੀਆਂ ਨੇ ਖ਼ਾਲਸਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਇਸ ਅਸਥਾਨ ’ਤੇ ਜ਼ਾਲਮ ਹਕੂਮਤ ’ਤੇ ਫ਼ਤਹਿ ਹਾਸਲ ਕੀਤੀ। ਇਹ ਸਿੱਖ ਇਤਿਹਾਸ ਦਾ ਸੁਨਹਿਰੀ ਪੰਨਾ ਹੈ ਜੋ ਭਵਿੱਖ ਦੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਨਾ ਸਰੋਤ ਬਣਿਆ ਰਹੇਗਾ ਜਿਸ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੰਦਰੋਂ ਅਤੇ ਬਾਹਰੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਵਿਰੋਧੀ ਤਾਕਤਾਂ ਵੱਲੋਂ ਸਿੱਧੇ ਅਤੇ ਅਸਿੱਧੇ ਰੂਪ ਵਿੱਚ ਧਾਰਮਿਕ ਸੰਸਥਾ ਨੂੰ ਖੋਰਾ ਲਾਉਣ ਦੀਆ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਕਰ ਕੇ ਸਾਰਿਆਂ ਨੂੰ ਇਕਜੁੱਟ ਹੋ ਕੇ ਅਤੇ ਜਥੇਬੰਦੀਆਂ ਨੂੰ ਇੱਕ ਦੂਜੇ ਨਾਲ ਲੜਾਈ ਛੱਡ ਕੇ ਗੁਰੂ ਸਿਧਾਂਤ ’ਤੇ ਪਹਿਰਾ ਦੇਣਾ ਚਾਹੀਦਾ ਹੈ। ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਤਿੰਨ ਧਮਾਕੇ ਹੋਣਾ ਬਹੁਤ ਚਿੰਤਾ ਵਾਲੀ ਗੱਲ ਹੈ। ਇਸ ਮੌਕੇ ਜਥੇਦਾਰ ਸਤਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਂਬਰ ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਪਰਮਜੀਤ ਕੌਰ ਲਾਂਡਰਾਂ, ਵਧੀਕ ਸਕੱਤਰ ਸਿਮਰਜੀਤ ਸਿੰਘ, ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਪ੍ਰਬੰਧਕ ਭਗਵੰਤ ਸਿੰਘ ਧੰਗੇੜਾ, ਮੈਨੇਜਰ ਗੁਰਦੀਪ ਸਿੰਘ ਕੰਗ, ਰਾਜਿੰਦਰ ਸਿੰਘ ਟੌਹੜਾ, ਕਥਾਵਾਚਕ ਗਿਆਨੀ ਅਜਮੇਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਮੌਜੂਦ ਸਨ।