ਸਾਬਕਾ ਮੁੱਖ ਮੰਤਰੀ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ

ਸਾਬਕਾ ਮੁੱਖ ਮੰਤਰੀ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ

ਤਲਵੰਡੀ ਸਾਬੋ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਨਿਹੰਗ ਸਿੰਘਾਂ ਦੇ ਗੁਰਦੁਆਰਾ ਬਾਬਾ ਬੀਰ ਸਿੰਘ, ਧੀਰ ਸਿੰਘ ਵਿਖੇ ਪੁੱਜ ਕੇ ਵੀ ਮੱਥਾ ਟੇਕਿਆ। ਤਖ਼ਤ ਸਾਹਿਬ ਪਹੁੰਚਣ ’ਤੇ ਕਾਂਗਰਸ ਦੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਇਕੱਠੇ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸਾਬਕਾ ਮੁੱਖ ਮੰਤਰੀ ਨੇ ਕਾਫੀ ਸਮਾਂ ਕੀਰਤਨ ਸਰਵਣ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ ਦਰਾਂ ’ਚ ਕੀਤੇ ਵਾਧੇ ਦੀ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਲੋਕਾਂ ਨੇ ‘ਆਪ’ ਦੇ ਹੱਕ ਵਿੱਚ ਫ਼ਤਵਾ ਦਿੱਤਾ ਪਰ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਨੂੰ ਉਸ ਫ਼ਤਵੇ ਬਦਲੇ ਤੋਹਫਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਦਤਰ ਹੁੰਦੀ ਜਾ ਰਹੀ ਹੈ।ਲੇਕਿਨ ਸਰਕਾਰ ਨਾਂ ਦੀ ਚੀਜ਼ ਕਿਤੇ ਦਿਖਾਈ ਨਹੀਂ ਦੇ ਰਹੀ। ਇਸ ਮੌਕੇ ਉਨ੍ਹਾਂ ਨਾਲ ਖੁਸ਼ਬਾਜ਼ ਸਿੰਘ ਜਟਾਣਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਕਿਰਨਜੀਤ ਸਿੰਘ ਗਹਿਰੀ, ਰਣਜੀਤ ਸੰਧੂ ਨਿੱਜੀ ਸਹਾਇਕ ਜਟਾਣਾ, ਲਖਵਿੰਦਰ ਲੱਕੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਆਦਿ ਆਗੂ ਮੌਜੂਦ ਸਨ।