ਭਰਤੀ ਅਮਲ ’ਚ ਬਦਲਾਅ ਨਾਲ ਨੌਕਰੀਆਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਹੋਇਆ: ਮੋਦੀ

ਭਰਤੀ ਅਮਲ ’ਚ ਬਦਲਾਅ ਨਾਲ ਨੌਕਰੀਆਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਹੋਇਆ: ਮੋਦੀ

ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਅਧੀਨ 71 ਹਜ਼ਾਰ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ’ਚ ਕਰੀਬ 71 ਹਜ਼ਾਰ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੋਦੀ ਨੇ ਕਿਹਾ ਕਿ ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ’ਚ ਬਦਲਾਅ ਲਿਆਂਦੇ ਜਾਣ ਨਾਲ ਨੌਕਰੀਆਂ ਵਿੱਚੋਂ ਭ੍ਰਿਸ਼ਟਾਚਾਰ ਤੇ ਭਾਈ-ਭਤੀਜਾਵਾਦ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਅਪਲਾਈ ਕਰਨ ਤੋਂ ਲੈ ਕੇ ਨਤੀਜਿਆਂ ਤੱਕ ਸਾਰਾ ਅਮਲ ਆਨਲਾਈਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਭਾਜਪਾ ਦੇ ਰਾਜ ਵਿੱਚ ਬੁਨਿਆਦੀ ਢਾਚੇ ਦਾ ਵਿਕਾਸ ਹੋਇਆ ਅਤੇ ਰੁਜ਼ਗਾਰ ਦੇ ਮੌਕੇ ਵਧੇ ਹਨ।

ਪ੍ਰਧਾਨ ਮੰਤਰੀ ਨੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਨੌਂ ਸਾਲ ਪਹਿਲਾਂ ਇਸੇ ਦਿਨ 16 ਮਈ ਨੂੰ ਲੋਕ ਸਭਾ ਚੋਣਾਂ ਦਾ ਨਤੀਜਾ ਐਲਾਨਿਆ ਗਿਆ ਸੀ। ਉਨ੍ਹਾਂ ਕਿਹਾ ਕਿ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਧਾਰਨਾ ਨਾਲ ਸ਼ੁਰੂ ਕੀਤਾ ਸਫਰ ‘ਵਿਕਸਿਤ ਭਾਰਤ’ ਲਈ ਕੰਮ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਆਲਮੀ ਪੱਧਰ ਦੀਆਂ ਕੰਪਨੀਆਂ ਵਾਲਮਾਰਟ, ਐਪਲ, ਫੋਕਸਕੋਨ ਆਦਿ ਦੇ ਸੀਈਓਜ਼ ਨਾਲ ਹੋਈਆਂ ਹਾਲੀਆ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਉਦਯੋਗ ਤੇ ਨਿਵੇਸ਼ ਸਬੰਧੀ ਸਕਾਰਾਤਮਕ ਬਦਲਾਅ ਆਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਈਪੀਐਫਓ ਦੇ ਅੰਕੜੇ ਦੱਸਦੇ ਹਨ ਕਿ 2018-19 ਤੋਂ 4.5 ਕਰੋੜ ਲੋਕਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਰੁਜ਼ਗਾਰ ਦੇ ਮੌਕੇ ਵਧ ਰਹੇ ਹਨ। ਐਫਡੀਆਈ ਤੇ ਦੇਸ਼ ਦੀ ਰਿਕਾਰਡ ਬਰਾਮਦ ਸਦਕਾ ਭਾਰਤ ਦੇ ਹਰ ਕੋਨੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ।