ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਮਿਲਣ: ਮਾਨ

ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਮਿਲਣ: ਮਾਨ

ਚੰਡੀਗੜ੍ਹ- ਪੰਜਾਬ ਸਰਕਾਰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ’ਤੇ ਇਕ ਨਿੱਜੀ ਚੈਨਲ ਦੇ ਏਕਾਧਿਕਾਰ ਨੂੰ ਖ਼ਤਮ ਕਰਵਾਉਣ ਦੇ ਰੌਂਅ ’ਚ ਦਿਖਾਈ ਦੇ ਰਹੀ ਹੈ। ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਟਵੀਟ ਸਿੱਧੇ ਤੌਰ ’ਤੇ ਅਜਿਹਾ ਹੀ ਇਸ਼ਾਰਾ ਕਰਦਾ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਸਮੇਂ-ਸਮੇਂ ’ਤੇ ਆਪਣੇ ਸਿਆਸੀ ਭਾਸ਼ਣਾਂ ’ਚ ਇਕ ਨਿੱਜੀ ਚੈਨਲ ’ਤੇ ਗੁਰਬਾਣੀ ਦੇ ਪ੍ਰਸਾਰਣ ਨੂੰ ਨਿਸ਼ਾਨੇ ’ਤੇ ਰੱਖਿਆ ਸੀ ਪਰੰਤੂ ਹੁਣ ਤਾਂ ਉਨ੍ਹਾਂ ਟਵੀਟ ਕਰਕੇ ਇਸ ਬਾਰੇ ਰਸਮੀ ਤੌਰ ’ਤੇ ਕਦਮ ਅੱਗੇ ਵਧਾਉਣ ਦੇ ਸੰਕੇਤ ਦੇ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸਵਾਲ ਚੁੱਕਿਆ, ‘‘ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ਼ ਇਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ…ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।’’

ਸ੍ਰੀ ਮਾਨ ਨੇ ਕਿਹਾ ਕਿ ‘ਸਰਬੱਤ ਦਾ ਭਲਾ’ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ ‘ਸਰਬ ਸਾਂਝੀ ਗੁਰਬਾਣੀ’ ਦਾ ਪ੍ਰਚਾਰ ਤੇ ਪਸਾਰ ਵਿਸ਼ਵ ਭਰ ’ਚ ਕਰਨਾ ਸਮੇਂ ਦੀ ਮੁੱਖ ਲੋੜ ਹੈ। ‘ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਸਿਰਫ਼ ਇਕ ਨਿੱਜੀ ਚੈਨਲ ਨੂੰ ਹੀ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਇਹ ਅਧਿਕਾਰ ਕਿਸੇ ਇਕ ਚੈਨਲ ਤੱਕ ਸੀਮਤ ਕਰਨ ਦੀ ਬਜਾਏ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਦਿੱਤੇ ਜਾਣੇ ਚਾਹੀਦੇ ਹਨ।’ ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼-ਵਿਦੇਸ਼ ’ਚ ਸੰਗਤ ਨੂੰ ਆਪਣੇ ਘਰਾਂ ’ਚ ਬੈਠ ਕੇ ਆਨੰਦਮਈ ਗੁਰਬਾਣੀ ਕੀਰਤਨ ਸਰਵਣ ਕਰਨ ਦਾ ਮੌਕਾ ਮਿਲੇਗਾ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਚੈਨਲਾਂ ’ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਹਾਈਟੈੱਕ ਉਪਕਰਨ ਲਾਉਣ ਦਾ ਸਾਰਾ ਖ਼ਰਚਾ ਚੁੱਕਣ ਲਈ ਤਿਆਰ ਹੈ।

ਗੌਰਤਲਬ ਹੈ ਕਿ ਪਹਿਲਾਂ ਵੀ ਕਈ ਸਿਆਸੀ ਪਾਰਟੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਇਕ ਨਿੱਜੀ ਚੈਨਲ ’ਤੇ ਹੀ ਕੀਤੇ ਜਾਣ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਈ ਵਾਰ ਇਹ ਮੁੱਦਾ ਚੁੱਕਿਆ ਜ਼ਰੂਰ ਹੈ ਪਰ ਇਸ ਮੁੱਦੇ ਨੂੰ ਖਤਮ ਨਹੀਂ ਕਰ ਸਕੇ। ਸ਼੍ਰੋਮਣੀ ਅਕਾਲੀ ਦਲ ਅਜਿਹੇ ਮੁੱਦੇ ’ਤੇ ਸਿਆਸੀ ਪਾਰਟੀਆਂ ਦਾ ਧਾਰਮਿਕ ਮਸਲਿਆਂ ’ਚ ਦਖਲ ਦੇਣ ਦਾ ਦਾਅਵਾ ਕਰਕੇ ਮਸਲੇ ਨੂੰ ਠੰਢੇ ਬਸਤੇ ਵਿੱਚ ਪਾਉਂਦਾ ਰਿਹਾ ਸੀ।

ਸ਼੍ਰੋਮਣੀ ਕਮੇਟੀ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ: ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਿੱਪਣੀਆਂ ਕਰਕੇ ਸੰਗਤ ’ਚ ਬੇਲੋੜਾ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ। ਸਿੱਖ ਸੰਸਥਾ ਦੇ ਅਧਿਕਾਰ ਖੇਤਰ ਵੱਖ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ। ਸਰਕਾਰ ਦੇ ਅਧਿਕਾਰ ਖੇਤਰ ਦੇ ਕਾਰਜਾਂ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੰਮ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ, ਗਲਿਆਰਾ ਤੇ ਵਿਰਾਸਤੀ ਮਾਰਗ ਦੇ ਰੱਖ-ਰਖਾਅ ’ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਹੈ। ਇਸੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਣ ਦੇ ਲਾਈਵ ਪ੍ਰਸਾਰਣ ਦੇ ਮਾਮਲੇ ’ਤੇ ਬੋਲਣ ਤੋਂ ਪਹਿਲਾਂ ਉਹ ਹੈਰੀਟੇਜ ਸਟਰੀਟ ’ਤੇ ਲੱਗੀਆਂ ਸਕਰੀਨਾਂ ’ਤੇ ਆਪਣਾ ਪ੍ਰਚਾਰ ਤੇ ਪ੍ਰਸਾਰ ਬੰਦ ਕਰਵਾਉਣ।