ਪੰਜਾਬ ਕੋਲ ਗੁਆਂਢੀ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ: ਭਗਵੰਤ ਮਾਨ

ਪੰਜਾਬ ਕੋਲ ਗੁਆਂਢੀ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ: ਭਗਵੰਤ ਮਾਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਬਾਕੀ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿੱਚ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਸਖਤ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਮਾਲਵਾ ਖਿੱਤੇ ਵਿੱਚ ਸਿੰਜਾਈ ਲਈ ਅਤੇ ਪੀਣ ਵਾਲੇ ਪਾਣੀ ਦੀ ਲੋੜ ਪੂਰੀ ਕਰਨ ਵਾਲੀ ਸਰਹਿੰਦ ਫੀਡਰ ਵਿੱਚ ਸਿਰਫ 5200 ਕਿਊਸਿਕ ਪਾਣੀ ਦੀ ਸਮਰੱਥਾ ਹੈ, ਜਦੋਂ ਕਿ ਰਾਜਸਥਾਨ ਨੂੰ ਜਾਂਦੀ ‘ਇੰਦਰਾ ਗਾਂਧੀ ਨਹਿਰ’ ਦੀ ਸਮਰੱਥਾ 18,000 ਕਿਊਸਿਕ ਪਾਣੀ ਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇ ਰਾਜਸਥਾਨ ਨੂੰ ਪਾਣੀ ਦੀ ਲੋੜ ਹੈ ਤਾਂ ਉਹ ਆਪਣਾ ਤੈਅ ਹਿੱਸਾ ਹੀ ਲੈ ਸਕਦਾ ਹੈ ਕਿਉਂਕਿ ਪੰਜਾਬ ਨੂੰ ਪਹਿਲਾਂ ਹੀ ਆਪਣੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਔਖੀਆਂ ਲੱਗ ਰਹੀਆਂ ਹਨ। ਮਾਨ ਅੱਜ ਇੱਥੇ ਪੰਜਾਬ ਪੁਲੀਸ ਦੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ 98 ਐਮਰਜੈਂਸੀ ਰਿਸਪਾਂਸ ਵਹੀਕਲਜ਼ (ਈਆਰਵੀਜ਼) ਦੇ ਫਲੀਟ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਮੋਬਾਈਲ ਡੇਟਾ ਟਰਮੀਨਲਜ਼ (ਐੱਮਡੀਟੀ) ਅਤੇ ਗਲੋਬਲ ਪੁਜ਼ੀਸ਼ਨਿੰਗ ਸਿਸਟਮ (ਜੀਪੀਐੱਸ) ਨਾਲ ਲੈਸ ਇਹ ਈਆਰਵੀਜ਼ ਸਾਰੇ 28 ਪੁਲੀਸ ਜ਼ਿਲ੍ਹਿਆਂ ਦੇ ਥਾਣਿਆਂ ਅਧੀਨ ਤਾਇਨਾਤ ਕੀਤੇ ਜਾਣਗੇ ਤੇ ਕਿਸੇ ਵੀ ਅਪਰਾਧਿਕ ਘਟਨਾ ਮੌਕੇ ਤੁਰੰਤ ਮੌਕੇ ’ਤੇ ਪਹੁੰਚਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਵਿਅਕਤੀਆਂ ਦੀਆਂ ਸ਼ਿਕਾਇਤਾਂ ਹੱਥੀਂ ਨੋਟ ਕਰਨ ਅਤੇ ਫਿਰ 20-25 ਮਿੰਟ ਦੇ ਸਮੇਂ ਵਿੱਚ ਇਸ ’ਤੇ ਕਾਰਵਾਈ ਕਰਨ ਦੀ ਪੁਰਾਣੀ ਪ੍ਰਣਾਲੀ ਦੇ ਉਲਟ ਇਹ ਈਆਰਵੀਜ਼ ਮੌਕੇ ’ਤੇ ਕਾਰਵਾਈ ਕਰ ਕੇ ਸ਼ਿਕਾਇਤਕਰਤਾ ਦੀ ਤੁਰੰਤ ਮਦਦ ਕਰਨਗੇ। ਈਆਰਵੀਜ ਨੂੰ ਪਬਲਿਕ ਸੇਫਟੀ ਆਂਸਰਿੰਗ ਪੁਆਇੰਟ (ਪੀਐੱਸਏਪੀ)- ਡਾਇਲ 112 ਦੇ ਕੇਂਦਰੀਕ੍ਰਿਤ ਕਾਲ ਰਿਸੀਵਿੰਗ ਸੈਂਟਰ ਅਤੇ ਐੱਮਡੀਟੀਜ਼ ਦੀ ਮਦਦ ਨਾਲ ਜ਼ਿਲ੍ਹਾ ਕੋਆਰਡੀਨੇਸ਼ਨ ਸੈਂਟਰ (ਡੀਸੀਸੀ) ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲੀਸ ਨੇ ਹਮੇਸ਼ਾਂ ਅਜਿਹੀਆਂ ਕੋਸ਼ਿਸ਼ਾਂ ਨਾਕਾਮ ਕੀਤੀਆਂ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।

ਇਸ ਦੌਰਾਨ ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਦਰਬਾਰ ਸਾਹਿਰ ਅੰਮ੍ਰਿਤਸਰ ਤੋਂ ਪ੍ਰਸਾਰਿਤ ਗੁਰਬਾਣੀ ਪ੍ਰਸਾਰਣ ’ਤੇ ਕਿਸੇ ਇੱਕ ਨਿੱਜੀ ਚੈਨਲ ਦਾ ਏਕਾਧਿਕਾਰ ਹੋਣਾ ਗਲਤ ਹੈ, ਜੋ ਕਿ ਗੁਰਬਾਣੀ ਪ੍ਰਸਾਰਣ ਦੇ ਨਾਮ ’ਤੇ ਲੱਖਾ-ਕਰੋੜਾਂ ਰੁਪਏ ਕਮਾਉਣ ਲੱਗੇ ਹੋਏ ਹਨ। ਇਸ ਲਈ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਸਾਰੇ ਚੈਨਲਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ।