ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਵਿੱਚ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਵਿੱਚ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰੀਆਂ ਵੇਲਾਂ ਵਾਲਿਆਂ ਦਾ ਸਨਮਾਨ
ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਇਸ ਸਾਕੇ ਦੇ ਗਵਾਹ ਜਥੇਬੰਦੀ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਹਨ, ਜਿਨ੍ਹਾਂ ਨੂੰ ਪੰਥ ਵੱਲੋਂ ਜਿੰਦਾ ਸ਼ਹੀਦ ਦਾ ਖਿਤਾਬ ਮਿਲਿਆ ਹੋਇਆ ਹੈ। ਸਾਕੇ ਦੀ ਸਾਲਾਨਾ ਯਾਦ ਮੌਕੇ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਦਰਦ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰੇ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਸਾਕਾ 22 ਮਈ ਨੂੰ ਵਾਪਰਿਆ ਸੀ ਪਰ ਇਸ ਸਬੰਧ ਵਿਚ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧੀ 23 ਮਈ ਨੂੰ ਸਮਾਗਮ ਕੀਤਾ ਜਾਇਆ ਕਰੇਗਾ।

ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਿਆਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਵਿਚ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਉਣ ਅਤੇ ਸਾਕੇ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਪ੍ਰੀਤ ਸਿੰਘ ਝੱਬਰ, ਬਾਬਾ ਨੌਰੰਗ ਸਿੰਘ, ਬਾਬਾ ਗੁਰਦੇਵ ਸਿੰਘ, ਸਕੱਤਰ ਪ੍ਰਤਾਪ ਸਿੰਘ ਮੌਜੂਦ ਸਨ।